ਕਿਹਾ-ਸੂਬੇ ਦੇ ਵਿਕਾਸ ਪ੍ਰੋਜੈਕਟਾਂ ’ਚ ਰੁਕਾਵਟ ਨਾ ਬਣੋ
ਸੰਗਰੂਰ, 20 ਜੁਲਾਈ :- ਸੂਬੇ ਦੇ ਵਿਕਾਸ ਪ੍ਰੋਜੈਕਟਾਂ ’ਚ ਬੇਲੋੜੀਆਂ ਰੁਕਾਵਟਾਂ ਲਈ ਭਾਜਪਾ ਆਗੂਆਂ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਵਿਕਾਸ ਨੂੰ ਖ਼ਤਰੇ ਵਿਚ ਪਾਉਣ ਲਈ ਅਜਿਹੇ ਕੋਝੇ ਹਥਕੰਡਿਆਂ ਤੋਂ ਦੂਰ ਰਹਿਣ ਦੀ ਚਿਤਾਵਨੀ ਦਿੱਤੀ।
ਜ਼ਿਲਾ ਸੰਗਰੂਰ ਦੇ ਧੂਰੀ ਵਿਧਾਨ ਸਭਾ ਹਲਕੇ ਵਿਚ ਵਿਕਾਸ ਕਾਰਜਾਂ ਲਈ 3.07 ਕਰੋੜ ਰੁਪਏ ਦੇ ਫੰਡ ਵੰਡਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਰੇਲਵੇ ਮੰਤਰਾਲੇ ਨੇ ਸ਼ਹਿਰ ਲਈ ਰੇਲਵੇ ਓਵਰਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੀ ਅਦਾਇਗੀ ਸੂਬਾ ਸਰਕਾਰ ਨੇ ਕਰਨੀ ਹੈ।
ਉਨ੍ਹਾਂ ਨੇ ਕਿਹਾ ਕਿ ਸੂਬਾ ਭਾਜਪਾ ਦੇ ਇਕ ਸੀਨੀਅਰ ਆਗੂ ਨੇ ਸ਼ਹਿਰ ਦਾ ਦੌਰਾ ਕੀਤਾ ਅਤੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਇਸ ਪ੍ਰੋਜੈਕਟ ਨੂੰ ਰੋਕਣ ਸਬੰਧੀ ਬਿਆਨ ਜਾਰੀ ਕੀਤਾ। ਇਸ ਉਪਰੰਤ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਡਰਾਮੇ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਪੰਜਾਬ ਦੇ ਸੂਝਵਾਨ ਲੋਕ ਅਜਿਹੇ ਸਿਆਸੀ ਆਗੂਆਂ ਨੂੰ ਸਬਕ ਸਿਖਾਉਣਗੇ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਰ. ਓ. ਬੀ. ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ ਕਿਉਂਕਿ ਉਹ ਇਸ ਮਾਮਲੇ ਨੂੰ ਨਿੱਜੀ ਤੌਰ ’ਤੇ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਉਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਧੂਰੀ ਵਿਖੇ ਅਤਿ-ਆਧੁਨਿਕ ਖੇਡ ਸਟੇਡੀਅਮ ਵੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਗਰੂਰ ਵਿਖੇ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਵੀ ਜਲਦ ਸ਼ੁਰੂ ਹੋ ਜਾਵੇਗਾ, ਜਿਸ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਯੁਵਾ ਸ਼ਕਤੀਕਰਨ ਲਈ ਵੱਡੇ ਯਤਨ ਵਜੋਂ ਸੂਬਾ ਸਰਕਾਰ ਪੰਜਾਬ ਭਰ ’ਚ ਅੱਠ ਯੂ. ਪੀ. ਐੱਸ. ਸੀ. ਕੋਚਿੰਗ ਸੈਂਟਰ ਖੋਲ੍ਹਣ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਧੂਰੀ ਵਿਚ ਵੀ ਇਕ ਅਜਿਹਾ ਕੇਂਦਰ ਸਥਾਪਿਤ ਕੀਤਾ ਜਾਵੇਗਾ। ਇਨ੍ਹਾਂ ਕੇਂਦਰਾਂ ਵਿਚ ਕੌਮੀ ਪੱਧਰ ਦੀਆਂ ਮੁਕਾਬਲੇ ਸਬੰਧੀ ਪ੍ਰੀਖਿਆਵਾਂ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨ ਲਈ ਲਾਇਬ੍ਰੇਰੀਆਂ, ਹੋਸਟਲ ਅਤੇ ਹੋਰ ਜ਼ਰੂਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਸਦਕਾ ਮਹੱਤਵਪੂਰਨ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਲੋਕ ਇਸ ਘਿਣਾਉਣੇ ਵਪਾਰ ਵਿਚ ਸ਼ਾਮਲ ਵੱਡੇ ਅਪਰਾਧੀਆਂ ਨੂੰ ਦੇਖਣਾ ਚਾਹੁੰਦੇ ਹਨ, ਉਹ ਨਾਭਾ ਜੇਲ ਜਾ ਕੇ ਨਜ਼ਰ ਮਾਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੋਂ ਇਲਾਵਾ ਇਸ ਅਪਰਾਧ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸੀਖਾਂ ਪਿੱਛੇ ਡੱਕ ਦਿੱਤਾ ਹੈ। ਬੇਅਦਬੀ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਧਾਨ ਸਭਾ ਵਿਚ ਪੰਜਾਬ ਪ੍ਰੀਵੈਂਸ਼ਨ ਆਫ ਕ੍ਰਾਈਮ ਅਗੇਂਸਟ ਰਿਲੀਜੀਅਸ ਸਕ੍ਰਿਪਚਰਜ਼ ਬਿਲ, 2025 ਪੇਸ਼ ਕੀਤਾ ਹੈ।
ਲੋਕ ਭਲਾਈ ਦੀ ਦਿਸ਼ਾ ਵਿਚ ਵੱਡੀ ਪਹਿਲਕਦਮੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਹ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜੋ ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ।
Read More : ਪੋਲਟਰੀ ਫਾਰਮ ਡਿੱਗਾ, 6000 ਤੋਂ ਵੱਧ ਚੂਚੇ ਮਰੇ
