ਮੋਗਾ, 24 ਜੁਲਾਈ : ਮੋਗਾ ਜ਼ਿਲੇ ਦੇ ਪਿੰਡ ਚੜਿੱਕ ਦੀ ਰਹਿਣ ਵਾਲੀ ਦੋ ਬੱਚਿਆਂ ਦੀ ਮਾਂ ਨੇ ਆਪਣੇ ਹੀ ਪਿੰਡ ਦੇ ਇਕ ਨੌਜਵਾਨ ਨਾਲ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਦੀਆਂ ਲਾਸ਼ਾਂ ਪਿੰਡ ਕੋਠਾ ਥਾਣਾ ਸਿੰਘ (ਘੋਲੀਆ ਕਲਾਂ) ਦੇ ਨੇੜੇ ਲੰਘਦੀ ਨਹਿਰ ਦੇ ਕੰਢੇ ਪਈਆਂ ਮਿਲੀਆਂ।
ਖੁਦਕੁਸ਼ੀ ਬਾਰੇ ਪਤਾ ਲੱਗਣ ’ਤੇ ਨੇੜਲੇ ਇਲਾਕੇ ਦੇ ਲੋਕ ਉੱਥੇ ਪਹੁੰਚੇ ਅਤੇ ਬਾਘਾਪੁਰਾਣਾ ਪੁਲਸ ਨੂੰ ਇਸ ਬਾਰੇ ਸੂਚਿਤ ਕੀਤਾ, ਜਿਸ ’ਤੇ ਥਾਣਾ ਬਾਘਾ ਪੁਰਾਣਾ ਮੁਖੀ ਇੰਸਪੈਕਟਰ ਜਤਿੰਦਰ ਸਿੰਘ ਅਤੇ ਸਹਾਇਕ ਥਾਣੇਦਾਰ ਲਖਵੀਰ ਸਿੰਘ ਪੁਲਸ ਮੁਲਾਜ਼ਮਾਂ ਨਾਲ ਉੱਥੇ ਪਹੁੰਚੇ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛ-ਗਿੱਛ ਕਰਨ ਤੋਂ ਇਲਾਵਾ ਆਲੇ-ਦੁਆਲੇ ਦੇ ਇਲਾਕੇ ਦਾ ਵੀ ਮੁਆਇਨਾ ਕੀਤਾ ਅਤੇ ਦੋਵਾਂ ਲਾਸ਼ਾਂ ਨੂੰ ਐਂਬੂਲੈਂਸ ਰਾਹੀਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਔਰਤ ਦੀ ਉਮਰ ਲਗਭਗ 32 ਸਾਲ ਹੈ, ਜਦੋਂ ਕਿ ਨੌਜਵਾਨ ਦੀ ਉਮਰ 28-29 ਸਾਲ ਹੈ। ਉਨ੍ਹਾਂ ਦੱਸਿਆ ਕਿ ਜਾਣਕਾਰੀ ਅਨੁਸਾਰ ਦੋਵੇਂ ਅੱਜ ਦੁਪਹਿਰ 12 ਵਜੇ ਦੇ ਕਰੀਬ ਮੋਟਰਸਾਈਕਲ ’ਤੇ ਉੱਥੇ ਪਹੁੰਚੇ ਅਤੇ ਦੋਵਾਂ ਨੇ ਇਕੱਠੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਸੂਤਰਾਂ ਅਨੁਸਾਰ ਦੋਵੇਂ ਲੰਬੇ ਸਮੇਂ ਤੋਂ ਪ੍ਰੇਮ ਸਬੰਧਾਂ ਵਿਚ ਸਨ। ਉਨ੍ਹਾਂ ਕਿਹਾ ਕਿ ਦੋਵਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਅਤੇ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਤੋਂ ਬਾਅਦ ਦੋਵਾਂ ਦੀਆਂ ਲਾਸ਼ਾਂ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
Read More : 50 ਯਾਤਰੀਆਂ ਸਮੇਤ ਰੂਸੀ ਜਹਾਜ਼ ਲਾਪਤਾ
