43.64 ਕਰੋੜ ਦੀ ਹੈਰੋਇਨ ਅਤੇ 30 ਬੋਰ ਦੀਆਂ 3 ਪਿਸਤੌਲਾਂ ਸਮੇਤ 4 ਗ੍ਰਿਫ਼ਤਾਰ
ਅੰਮ੍ਰਿਤਸਰ, 21 ਜੂਨ :-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਵੱਡੀ ਕਾਰਵਾਈ ਦੌਰਾਨ 6 ਕਿਲੋ 235 ਗ੍ਰਾਮ ਹੈਰੋਇਨ ਅਤੇ 30 ਬੋਰ ਦੀਆਂ 3 ਪਿਸਤੌਲਾਂ ਸਮੇਤ 4 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ’ਚ ਲਵਪ੍ਰੀਤ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਵਿਸ਼ਾਲ ਸਿੰਘ ਸ਼ਾਮਲ ਹਨ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਲੱਗਭਗ 43.64 ਕਰੋੜ ਰੁਪਏ ਦੱਸੀ ਜਾ ਰਹੀ ਹੈ। ਥਾਣਾ ਲੋਪੋਕੇ ਅਤੇ ਘਰਿੰਡਾ ਦੀ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ।

ਇਹ ਖੁਲਾਸਾ ਐੱਸ. ਐੱਸ. ਪੀ. ਦਿਹਾਤੀ ਮਨਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਥਾਣਾ ਲੋਪੋਕੇ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹੈਰੋਇਨ ਦੀ ਇਕ ਵੱਡੀ ਖੇਪ ਹਥਿਆਰਾਂ ਨਾਲ ਸਪਲਾਈ ਕੀਤੀ ਜਾ ਰਹੀ ਹੈ, ਜਿਸ ’ਤੇ ਇਕ ਜਾਲ ਵਿਛਾਇਆ ਗਿਆ ਅਤੇ ਪੁਲਸ ਨੇ ਲਵਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ਦੇ ਕਬਜ਼ੇ ’ਚੋਂ 6 ਕਿਲੋ 150 ਗ੍ਰਾਮ ਹੈਰੋਇਨ, ਇਕ 30 ਬੋਰ ਦਾ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ, 10,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਇਸੇ ਤਰ੍ਹਾਂ ਥਾਣਾ ਘਰਿੰਡਾ ਦੀ ਪੁਲਸ ਨੇ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਦੌਰਾਨ ਗੁਰਪ੍ਰੀਤ ਸਿੰਘ ਗੋਪੀ ਅਤੇ ਉਸ ਦੇ ਸਾਥੀ ਵਿਸ਼ਾਲ ਸਿੰਘ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ਦੇ ਕਬਜ਼ੇ ’ਚੋਂ 30 ਬੋਰ ਦੇ 2 ਪਿਸਤੌਲ, 85 ਗ੍ਰਾਮ ਹੈਰੋਇਨ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਗਏ।
ਐੱਸ. ਐੱਸ. ਪੀ. ਮਨਿੰਦਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਸਾਰੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ, ਜਿਨ੍ਹਾਂ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਹੋਰ ਸੰਪਰਕ ਸੂਤਰਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕੀਤਾ ਜਾਵੇਗਾ।
Read More : 50 ਹਜ਼ਾਰ ਦੀ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਰੰਗੇ ਹੱਥੀਂ ਕਾਬੂ