‘ਪੀਯੂਸੀ ਨਹੀਂ ਤਾਂ ਬਾਲਣ ਨਹੀਂ’: ਮੁੱਖ ਮੰਤਰੀ ਰੇਖਾ ਗੁਪਤਾ ਦੀਆਂ ਪੈਟਰੋਲ ਪੰਪਾਂ ਨੂੰ ਸਖ਼ਤ ਹਦਾਇਤਾਂ
ਨਵੀਂ ਦਿੱਲੀ, 23 ਅਪ੍ਰੈਲ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਰਾਸ਼ਟਰੀ ਰਾਜਧਾਨੀ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ‘ਤੇ ਚਿੰਤਾ ਪ੍ਰਗਟਾਉਂਦੇ ਹੋਏ ਅਧਿਕਾਰੀਆਂ ਨੂੰ ‘ਪੀਯੂਸੀ (PUC) ਨਹੀਂ ਤਾਂ ਬਾਲਣ ਨਹੀਂ’ ਨਿਯਮ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਇਹ ਪਹਿਲ ਪਿਛਲੇ ਦਸੰਬਰ ਵਿੱਚ ਸ਼ੁਰੂ ਕੀਤੀ ਗਈ ਸੀ, ਪਰ ਅਜੇ ਵੀ ਕਈ ਵਾਹਨ ਬਿਨਾਂ ਵੈਧ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਦੇ ਚੱਲ ਰਹੇ ਹਨ, ਜੋ ਸ਼ਹਿਰ ਦੀ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰ ਰਹੇ ਹਨ।
ਇਸ ਦੌਰਾਨ ਹੁਣ ਬਾਲਣ (ਤੇਲ) ਸਿਰਫ਼ ਉਨ੍ਹਾਂ ਵਾਹਨਾਂ ਵਿੱਚ ਹੀ ਪਾਇਆ ਜਾਵੇਗਾ ਜਿਨ੍ਹਾਂ ਕੋਲ ਵੈਧ ਪੀਯੂਸੀ ਸਰਟੀਫਿਕੇਟ ਹੋਵੇਗਾ। ਸਾਰੇ ਪੈਟਰੋਲ ਪੰਪਾਂ ਅਤੇ ਗੈਸ ਸਟੇਸ਼ਨਾਂ ਨੂੰ ਇਸ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਖੁਰਾਕ ਤੇ ਸਪਲਾਈ ਵਿਭਾਗ, ਟਰਾਂਸਪੋਰਟ ਵਿਭਾਗ, ਦਿੱਲੀ ਨਗਰ ਨਿਗਮ ਅਤੇ ਦਿੱਲੀ ਟ੍ਰੈਫਿਕ ਪੁਲਿਸ ਨੂੰ ਸਾਂਝੇ ਤੌਰ ‘ਤੇ ਜ਼ਿੰਮੇਵਾਰੀ ਸੌਂਪੀ ਗਈ ਹੈ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ ਵਾਹਨਾਂ ਨੂੰ ਜ਼ਬਤ ਕਰਨਾ ਅਤੇ ਵੱਧ ਤੋਂ ਵੱਧ ਜੁਰਮਾਨਾ ਲਗਾਉਣਾ ਸ਼ਾਮਲ ਹੈ।
ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਦਿੱਲੀ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਫੈਸਲਾ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
Read More : 100 ਏਕੜ ਵਿਵਾਦਤ ਜ਼ਮੀਨ ’ਤੇ ਪ੍ਰਸ਼ਾਸਨ ਦਾ ਵੱਡਾ ਐਕਸ਼ਨ; ਭਾਰੀ ਸੁਰੱਖਿਆ ’ਚ ਵੱਢੀ ਕਣਕ
