ਕੈਬਨਿਟ ਮੰਤਰੀਆਂ ਤੇ ਜ਼ਿਲਾ ਪ੍ਰਸ਼ਾਸਨਿਕ ਅਧਿਕਾਰੀਆਂ ਸਮਾਗਮ ਵਾਲੀ ਥਾਂ ਦ ਕੀਤਾ ਦੌਰਾ
ਸਮਾਗਮ ਸਫਲਤਾ ਨਾਲ ਨੇਪਰੇ ਚਾੜਨ ਲਈ ਸਾਰੇ ਵਿਭਾਗ ਇੱਕ ਟੀਮ ਵਜੋਂ ਕੰਮ ਕਰਨ : ਈ. ਟੀ. ਓ.
ਬਾਬਾ ਬਕਾਲਾ ਸਾਹਿਬ, 2 ਅਗਸਤ : ਹਿੰਦ ਦੀ ਚਾਦਰ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਡਿਊਟੀ ਮੰਤਰੀ ਸਾਹਿਬਾਨ ਨੂੰ ਦਿੱਤੀ ਗਈ ਹੈ, ਦੇ ਚੱਲਦੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ, ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਤੇ ਡਾਇਰੈਕਟਰ ਸੰਜੀਵ ਤਿਵਾੜੀ ਨੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਜ਼ਿਲਾ ਪੁਲਸ ਮੁਖੀ ਮਨਿੰਦਰ ਸਿੰਘ ਤੇ ਸਾਰੇ ਵਿਭਾਗਾਂ ਨੂੰ ਨਾਲ ਲੈ ਕੇ ਬਾਬਾ ਬਕਾਲਾ ਸਾਹਿਬ ਦਾ ਦੌਰਾ ਕੀਤਾ।
ਉਨ੍ਹਾਂ ਕਰਵਾਏ ਜਾਣ ਵਾਲੇ ਯਾਦਗਾਰੀ ਸਮਾਗਮ ਦੇ ਸਥਾਨ ਦੀ ਚੋਣ ਅਤੇ ਮਾਝਾ ਖੇਤਰ ਦੀ ਯਾਤਰਾ ਜੋ ਕਿ ਗੁਰਦਾਸਪੁਰ ਤੋਂ ਅਨੰਦਪੁਰ ਸਾਹਿਬ ਜਾਣੀ ਹੈ, ਦੇ ਸਵਾਗਤ ਲਈ ਬਾਬਾ ਬਕਾਲਾ ਸਾਹਿਬ ਵਿਖੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਸੰਬੋਧਨ ਕਰਦੇ ਸੈਰ-ਸਪਾਟਾ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ’ਚ ਬਾਬਾ ਬਕਾਲਾ ਸਾਹਿਬ ਵਿਖੇ ਵੱਡੇ ਧਾਰਮਿਕ ਸਮਾਗਮ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਦੀ ਸਮੀਖਿਆ ਰੋਜ਼ਾਨਾ ਮੁੱਖ ਮੰਤਰੀ ਪੰਜਾਬ ਕਰਦੇ ਹਨ। 19 ਨਵੰਬਰ ਤੋਂ ਲੈ ਕੇ 25 ਨਵੰਬਰ ਤੱਕ ਕਰਵਾਏ ਜਾਣ ਵਾਲੇ ਸਮਾਗਮਾਂ ’ਚ ਕੋਈ ਵੀ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਸਾਡੇ ਕੋਲ ਕੰਮ ਕਰਨ ਲਈ ਕੇਵਲ 40 ਵਰਕਿੰਗ ਦਿਨ ਹਨ, ਇਸ ਲਈ ਇਹ ਕੰਮ ਅੱਜ ਤੋਂ ਹੀ ਸ਼ੁਰੂ ਕਰ ਦਿੱਤੇ ਗਏ ਹਨ। ਸਾਡੀਆਂ ਟੀਮਾਂ ਵਿਉਂਤਬੰਦੀ ਕਰ ਰਹੀਆਂ ਹਨ, ਜਿਹੜੇ ਵੀ ਰਸਤੇ, ਬਣਨ ਵਾਲੇ ਹਨ, ਉਨ੍ਹਾਂ ਦਾ ਕੰਮ ਪਹਿਲ ਦੇ ਆਧਾਰ ’ਤੇ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਦੇ ਉਦਘਾਟਨ ਨਾਲ ਇਹ ਸਮਾਗਮ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸਮਾਗਮ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗ ਇੱਕ ਟੀਮ ਵਜੋਂ ਕੰਮ ਕਰਨ।
ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਗੁਰੂ ਸਾਹਿਬ ਦੇ ਫਲਸਫੇ ਨੂੰ ਪ੍ਰਚਾਰਨ ਤੇ ਪ੍ਰਸਾਰਨ ਲਈ ਇਹ ਸਮਾਗਮ ਸਰਕਾਰ ਵੱਲੋਂ ਉਲੀਕੇ ਗਏ ਹਨ, ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਸ ਕੰਮ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਨਾਲ ਜੋੜੀਏ। ਇਸ ਮੌਕੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਦਿਲੋਂ ਜਾਨ ਨਾਲ ਕੰਮ ਕਰਨ ਦਾ ਪ੍ਰਣ ਲੈਂਦਿਆਂ ਕਿਹਾ ਕਿ ਅਸੀਂ ਇਸ ਸਮਾਗਮ ਪਾਰਟੀ ਪੱਧਰ ਤੋਂ ਉੱਪਰ ਹੋ ਕੇ ਮਨਾਵਾਂਗੇ ਅਤੇ ਦੁਨੀਆਭਰ ਦੀ ਨਾਨਕ ਨਾਮ ਲੇਵਾ ਸੰਗਤ ਨੂੰ ਨਾਲ ਜੋੜਾਂਗੇ। ਇਸ ਲਈ ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ, ਪਰਮਜੀਤ ਕੌਰ, ਐੱਸ. ਡੀ. ਐੱਮ. ਅਮਨਦੀਪ ਸਿੰਘ, ਗੁਰਪ੍ਰਤਾਪ ਸਿੰਘ ਸੰਧੂ, ਸੁਰਜੀਤ ਸਿੰਘ ਕੰਗ ਪ੍ਰਧਾਨ ਨਗਰ ਪੰਚਾਇਤ ਅਤੇ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Read More : ਪਾਕਿਸਤਾਨ ’ਚ ਪੰਜਾਬੀ ਕਿਸਾਨ ਨੂੰ ਇਕ ਮਹੀਨੇ ਦੀ ਸਜ਼ਾ
