Minister Saund and advisor Deepak Bali

21 ਨੂੰ ਪਟਿਆਲਾ ਪੁੱਜੇਗੀ ਨਗਰ ਕੀਰਤਨ ਦੇ ਰੂਪ ’ਚ ਧਾਰਮਿਕ ਯਾਤਰਾ

ਮੰਤਰੀ ਸੌਂਦ ਤੇ ਸਲਾਹਕਾਰ ਦੀਪਕ ਬਾਲੀ ਨੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਰੂਟ ’ਤੇ ਤੰਬਾਕੂ, ਮੀਟ ਦੀਆਂ ਦੁਕਾਨਾਂ ਤੇ ਸ਼ਰਾਬ ਦੇ ਠੇਕੇ ਬੰਦ ਰਹਿਣਗੇ

ਪਟਿਆਲਾ, 13 ਅਕਤੂਬਰ : ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਰਾਜ ਪੱਧਰੀ ਸਮਾਗਮਾਂ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ।

ਕੈਬਨਿਟ ਮੰਤਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਟਿਆਲਾ ਵਿਖੇ ਹੋਣ ਵਾਲੇ ਸਮਾਗਮਾਂ ਅਤੇ ਵਿਸ਼ੇਸ਼ ਨਗਰ ਕੀਰਤਨ ਦੇ ਰੂਪ ’ਚ 21 ਨਵੰਬਰ ਨੂੰ ਪਟਿਆਲਾ ਪੁੱਜਣ ਵਾਲੀ ਧਾਰਮਿਕ ਯਾਤਰਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਜਾਇਜ਼ਾ ਲੈਣ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350 ਸਾਲਾ ਸਮਾਗਮਾਂ ਦਾ ਲੋਗੋ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੂੰ ਸੌਂਪਿਆ।

ਮੀਟਿੰਗ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਪੀ. ਆਰ. ਟੀ. ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਧਾਰਮਿਕ ਯਾਤਰਾ ਦੇ ਰੂਟ ’ਤੇ ਮੀਟ, ਸ਼ਰਾਬ ਤੇ ਤੰਬਾਕੂ ਦੀਆਂ ਦੁਕਾਨਾਂ ਤੇ ਠੇਕੇ ਬੰਦ ਰਹਿਣਗੇ ਅਤੇ ਸਾਰੀਆਂ ਸੜਕਾਂ ਦੀ ਪੂਰੀ ਤਰ੍ਹਾਂ ਸਾਫ਼-ਸਫ਼ਾਈ ਕਰਵਾਈ ਜਾਵੇਗੀ।

ਇਸ ਮੌਕੇ ਕੈਬਨਿਟ ਮੰਤਰੀ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਦਿਹਾੜੇ ਨੂੰ ਸਪਰਪਿਤ ਵੱਖ-ਵੱਖ ਸਮਾਗਮ 25 ਅਕਤੂਬਰ ਨੂੰ ਸ਼ੁਰੂ ਹੋ ਜਾਣਗੇ ਅਤੇ 25 ਨਵੰਬਰ ਤੱਕ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਕੈਬਨਿਟ ਤੇ ਸਾਰੀ ਸਰਕਾਰ ਇਨ੍ਹਾਂ ਸਮਾਗਮਾਂ ਨੂੰ ਇਕ ਨਿਮਾਣੇ ਸ਼ਰਧਾਲੂ ਵਜੋਂ ਪੂਰੀ ਅਕੀਦਤ ਤੇ ਸ਼ਰਧਾ ਭਾਵਨਾ ਤੇ ਗੁਰਮਤਿ ਮਰਿਯਾਦਾ ਨਾਲ ਮਨਾਉਣ ਸਮੇਤ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਾਨਾਮੱਤੀ ਸ਼ਹਾਦਤ ਦੇ 350 ਸਾਲਾ ਦਿਹਾੜੇ ਸਮੇਤ ਭਾਈ ਜੈਤਾ ਜੀ ਤੇ ਭਾਈ ਲੱਖੀ ਸ਼ਾਹ ਵਣਜਾਰੇ ਦੀ ਯਾਦ ਨੂੰ ਵੀ ਪੂਰੀ ਧਾਰਮਿਕ ਮਾਣ-ਮਰਿਆਦਾ ਤੇ ਸ਼ਰਧਾ ਸਤਿਕਾਰ ਨਾਲ ਮਨਾਏਗੀ।

ਮੀਟਿੰਗ ਦੌਰਾਨ ਤਰੁਨਪ੍ਰੀਤ ਸਿੰਘ ਸੌਂਦ ਨੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਇਕੱਲੀ-ਇਕੱਲੀ ਮਦ ਬਾਬਤ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਗਰ ਕੀਰਤਨ ਦੇ ਲਈ ਸਮੁੱਚੇ ਪ੍ਰਬੰਧ ਕੀਤੇ ਜਾ ਰਹੇ ਹਨ, ਉੱਥੇ ਹੀ ਅਗਵਾਈ ਤੇ ਰਹਿਨੁਮਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਕਰਨਗੇ ਅਤੇ ਸੇਵਾ ਸਮੁੱਚੇ ਸੰਤ ਤੇ ਸੰਪਰਦਾਵਾਂ ਦੇ ਮੁਖੀ ਤੇ ਮਹਾਪੁਰਸ਼ ਕਰਨਗੇ।

ਇਸ ਮੌਕੇ 4 ਸਥਾਨਾਂ ਤੋਂ ਯਾਤਰਾਵਾਂ ਸ੍ਰੀ ਆਨੰਦਪੁਰ ਸਾਹਿਬ ਪੁੱਜਣਗੀਆਂ, ਜਿਨ੍ਹਾਂ ’ਚ ਗੁਰਦਾਸਪੁਰ ਤੋਂ ਮਾਝਾ, ਦੁਆਬਾ ਤੋਂ ਯਾਤਰਾ ਸਮੇਤ ਮਾਲਵਾ ਤੋਂ 2 ਯਾਤਰਾਵਾਂ ਬਠਿੰਡਾ ਅਤੇ ਫਰੀਦਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣਗੀਆਂ, ਜੋ ਸੂਬੇ ਦੇ ਲਗਭਗ ਸਾਰੇ ਜ਼ਿਲਿਆਂ ਅਤੇ ਪ੍ਰਮੁੱਖ ਸ਼ਹਿਰਾਂ ਤੋਂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੀਆਂ। ਜਦਕਿ 20 ਨਵੰਬਰ ਨੂੰ ਬਠਿੰਡਾ ਤੋਂ ਚੱਲਣ ਵਾਲੀ ਮਾਲਵਾ-2 ਯਾਤਰਾ 21 ਨਵੰਬਰ ਨੂੰ ਪਟਿਆਲਾ ਵਿਖੇ ਪੁੱਜੇਗੀ, ਜਿੱਥੇ ਪੁਲਸ ਵੱਲੋਂ ਸ਼ਾਨਦਾਰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ ਅਤੇ ਸੰਗਤ ਵੱਲੋਂ ਜਗ੍ਹਾ-ਜਗ੍ਹਾ ਸਵਾਗਤ ਕੀਤਾ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਰੂਪ-ਰੇਖਾ ਸਾਂਝੀ ਕਰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਪ੍ਰਾਪਤ ਨਿਰਦੇਸ਼ਾਂ ਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਸਮੇਂ ਸਿੱਖ ਚਿੰਤਕ ਡਾ. ਪਰਮਵੀਰ ਸਿੰਘ ਅਤੇ ਡਾ. ਸੁਖਵਿੰਦਰ ਸਿੰਘ, ਨਗਰ ਨਿਗਮ ਦੇ ਕਮਿਸ਼ਨਰ ਪਰਮਵੀਰ ਸਿੰਘ, ਏ. ਡੀ. ਸੀਜ਼ ਦਮਨਜੀਤ ਸਿੰਘ ਮਾਨ ਸਮੇਤ ਹੋਰ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਵੀ ਮੌਜੂਦ ਸਨ।

Read More : ਮਨਜੀਤ ਸਿੰਘ ਜੀ. ਕੇ. ਨੇ ਪ੍ਰਧਾਨ ਧਾਮੀ ਨਾਲ ਕੀਤੀ ਮੁਲਾਕਾਤ

Leave a Reply

Your email address will not be published. Required fields are marked *