ਕਿਹਾ-ਵਿਰੋਧੀ ਸਿਰਫ਼ ਇਕ-ਦੂਜੇ ਨੂੰ ਭੰਡਦੇ ਹਨ
ਤਰਨਤਾਰਨ, 16 ਅਕਤੂਬਰ – ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਵਿਕਾਸ ਦੀ ਰਾਜਨੀਤੀ ਕਰਦੀ ਆਈ ਹੈ ਅਤੇ ਕੰਮਾਂ ਦੇ ਆਧਾਰ ’ਤੇ ਹੀ ਚੋਣਾਂ ਲੜਦੀ ਹੈ। ਵੀਰਵਾਰ ਨੂੰ ‘ਆਪ’ ਆਗੂ ਡਾ. ਐੱਸ. ਐੱਸ. ਆਹਲੂਵਾਲੀਆ ਨਾਲ ਤਰਨਤਾਰਨ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੁਣ ਤੱਕ ਇਕੱਲੇ ਤਰਨਤਾਰਨ ਹਲਕੇ ਨੂੰ 145 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ।
ਵਿਰੋਧੀ ਪਾਰਟੀਆਂ ’ਤੇ ਹਮਲਾ ਬੋਲਦੇ ਹੋਏ ਭੁੱਲਰ ਨੇ ਕਿਹਾ ਕਿ ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ, ਜਦ ਕਿ ਵਿਰੋਧੀ ਸਿਰਫ਼ ਇਕ-ਦੂਜੇ ਨੂੰ ਭੰਡਣ ਦੀ ਰਾਜਨੀਤੀ ਕਰਦੇ ਹਨ। ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਹੁਣ ਤੱਕ ਪੰਜਾਬ ’ਚ 881 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ, ਜਿਥੇ ਇਲਾਜ, ਦਵਾਈਆਂ ਅਤੇ ਟੈਸਟ ਮੁਫ਼ਤ ਹਨ।
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਿਹਤ ਕਵਰ ਦਿੱਤਾ ਗਿਆ ਹੈ, ਜੋ ਕਿ ਇਕ ਸੁਰੱਖਿਆ ਕਵਚ ਵਾਂਗ ਹੈ। ਸੂਬੇ ਦੇ 90% ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ ਅਤੇ ਕਿਸਾਨਾਂ ਨੂੰ ਖੇਤਾਂ ਲਈ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।
‘ਆਪ’ ਆਗੂ ਨੇ ਅੱਗੇ ਦੱਸਿਆ ਕਿ ‘ਆਪ’ ਸਰਕਾਰ ਨੇ 56,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਡੇਢ ਲੱਖ ਤੋਂ ਵੱਧ ਹੋਰ ਨੌਕਰੀਆਂ ਦੇਣ ਦੀ ਤਿਆਰੀ ਹੈ। ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਅਧਿਆਪਕਾਂ ਨੂੰ ਸਿੰਗਾਪੁਰ ਵਰਗੇ ਦੇਸ਼ਾਂ ਵਿਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੱਡੇ ਅਕਾਦਮਿਕ ਮੁਕਾਬਲਿਆਂ ਵਿਚ ਹਿੱਸਾ ਲੈ ਸਕਣ। ਉਨ੍ਹਾਂ ਦੱਸਿਆ ਕਿ ਸੂਬੇ ਵਿਚ 70,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਆਇਆ ਹੈ, ਜਿਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ।
ਮੰਤਰੀ ਭੁੱਲਰ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਰਨਤਾਰਨ ਆ ਰਹੇ ਹਨ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਸਵੇਰੇ 10 ਵਜੇ ਬੋਹੜੀ ਵਾਲੇ ਚੌਂਕ ਤੋਂ ਸ਼ੁਰੂ ਹੋਣ ਵਾਲੇ ਰੋਡ ਸ਼ੋਅ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਉਨ੍ਹਾਂ ਲੋਕਾਂ ਨੂੰ 11 ਨਵੰਬਰ ਨੂੰ ਮਾਨ ਸਰਕਾਰ ਵਲੋਂ ਕੀਤੇ ਗਏ ਵਿਕਾਸ ਦੇ ਨਾਂ ’ਤੇ ਆਪ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ‘ਆਪ’ ਸਰਕਾਰ ਤੁਹਾਡੀ ਆਪਣੀ ਸਰਕਾਰ ਹੈ ਅਤੇ ਜਦੋਂ ਤੁਹਾਡਾ ਆਪਣਾ ਐੱਮ.ਐੱਲ.ਏ. ਹੋਵੇਗਾ ਤਾਂ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ।
‘ਆਪ’ ਆਗੂ ਡਾ. ਐੱਸ.ਐੱਸ.ਆਹਲੂਵਾਲੀਆ ਨੇ ਵੀ ਆਪ ਸਰਕਾਰ ਦੇ ਵਿਕਾਸ ਕਾਰਜਾਂ ਦਾ ਲੇਖਾ-ਜੋਖਾ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਤਰਨਤਾਰਨ ਦੇ ਵਿਕਾਸ ਲਈ 145 ਕਰੋੜ ਰੁਪਏ ਜਾਰੀ ਕੀਤੇ ਹਨ, ਜਿਸ ਵਿਚ ਮਿਊਂਸੀਪਲ ਡਿਵੈਲਪਮੈਂਟ ਫੰਡ ਤਹਿਤ 36 ਕਰੋੜ, ਪੰਜਾਬ ਮੰਡੀ ਬੋਰਡ ਵੱਲੋਂ ਸੜਕਾਂ ਲਈ 55 ਕਰੋੜ, ਪੇਂਡੂ ਵਿਕਾਸ ਲਈ 24 ਕਰੋੜ ਅਤੇ ਰੰਗਲਾ ਪੰਜਾਬ ਮੁਹਿੰਮ ਤਹਿਤ 5 ਕਰੋੜ ਰੁਪਏ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ‘ਆਪ’ ਹਮੇਸ਼ਾ ਕੰਮ ਦੀ ਗੱਲ ਕਰਦੀ ਹੈ, ਜਦ ਕਿ ਦੂਜੀਆਂ ਪਾਰਟੀਆਂ ਨਿੱਜੀ ਹਮਲਿਆਂ ਅਤੇ ਬੇਬੁਨਿਆਦ ਮੁੱਦਿਆਂ ’ਤੇ ਚੋਣਾਂ ਲੜਨ ਦੀ ਕੋਸ਼ਿਸ਼ ਕਰਦੀਆਂ ਹਨ। ਇਸ ਮੌਕੇ ਵਾਟਰ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ, ਗੁਰਵਿੰਦਰ ਸਿੰਘ ਬਹਿੜਵਾਲ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਕਮੇਟੀ, ‘ਆਪ’ ਦੇ ਜਨਰਲ ਸਕੱਤਰ ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਮੀਡੀਆ ਸਲਾਹਕਾਰ ਹਰਪ੍ਰੀਤ ਸਿੰਘ ਧੁੰਨਾ ਆਦਿ ਹਾਜ਼ਰ ਸਨ।
Read More : ਚਤੁਰਵੇਦੀ ਪੁੱਜੇ ਹਾਈ ਕੋਰਟ, ਮਾਮਲੇ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਕੀਤੀ ਮੰਗ