ਕਿਹਾ-ਵਿਧਾਨ ਸਭਾ ਸਪੀਕਰ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ
ਅੰਮ੍ਰਿਤਸਰ, 8 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਅੰਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਨੂੰ ‘ਆਪ’ ਆਗੂਆਂ ਦੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਆਤਿਸ਼ੀ ਦਾ ਬਿਆਨ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲਾ ਹੈ, ਜਿਸ ਨੂੰ ਸਿੱਖ ਕੌਮ ਹਰਗਿਜ਼ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਯਾਦ ਕਰਵਾਇਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਦਿੱਲੀ ਦੀ ਧਰਤੀ ’ਤੇ ਮਹਾਨ ਸ਼ਹਾਦਤ ਦਿੱਤੀ। ਅਜਿਹੇ ਵਿਚ ਦਿੱਲੀ ਵਿਧਾਨ ਸਭਾ ’ਚ ਵਿਰੋਧੀ ਧਿਰ ਦੀ ਆਗੂ ਵੱਲੋਂ ਗੁਰੂ ਸਾਹਿਬ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣੀ ਨਾ ਸਿਰਫ਼ ਮੰਦਭਾਗੀ ਹੈ, ਸਗੋਂ ਇਹ ਆਮ ਆਦਮੀ ਪਾਰਟੀ ਦੀ ਸੌੜੀ ਸੋਚ ਨੂੰ ਵੀ ਜੱਗ-ਜ਼ਾਹਿਰ ਕਰਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਵਿਧਾਨ ਸਭਾ ਦੇ ਸਪੀਕਰ ਵੱਲੋਂ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਰੱਦ ਕੀਤੀ ਜਾਵੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਉੱਚ ਲੀਡਰਸ਼ਿਪ ਨੂੰ ਵੀ ਸਵਾਲ ਕੀਤਾ ਕਿ ਕੀ ਉਹ ਆਪਣੇ ਇਸ ਆਗੂ ਵਿਰੁੱਧ ਕੋਈ ਅਨੁਸ਼ਾਸਨੀ ਕਾਰਵਾਈ ਕਰਨਗੇ?
Read More : ਸ੍ਰੀ ਅਕਾਲ ਤਖਤ ਸਾਹਿਬ ਤੋਂ ਸਪੱਸ਼ਟੀਕਰਨ ਲਈ ਮੁੱਖ ਮੰਤਰੀ ਦੀ ਇਤਿਹਾਸਕ ਅਪੀਲ
