ਚੰਡੀਗੜ੍ਹ, 16 ਮਾਰਚ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਅੱਜ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਸੈਸ਼ਨ ਦੇ ਅੰਤਿਮ ਦਿਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਹੁਜਨ ਨਾਇਕ ਸ੍ਰੀ ਕਾਂਸ਼ੀ ਰਾਮ ਜੀ ਨੂੰ ‘ਭਾਰਤ ਰਤਨ’ ਦੇਣ ਦੀ ਮੰਗ ਵਾਲਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਪੂਰੇ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ।
ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਸੂਬੇ ਵਿੱਚ ਗੈਸ ਸਿਲੰਡਰਾਂ ਦੀ ਘਾਟ ਦੇ ਮੁੱਦੇ ‘ਤੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ। ਵਿਧਾਇਕਾਂ ਨੇ ਵਿਸ਼ੇਸ਼ ਚੋਗਾ ਪਹਿਨ ਕੇ ਨਾਅਰੇਬਾਜ਼ੀ ਕੀਤੀ, ਜਿਸ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦੀ ਮਰਿਆਦਾ ਦਾ ਹਵਾਲਾ ਦਿੰਦਿਆਂ ਸਖ਼ਤ ਇਤਰਾਜ਼ ਜਤਾਇਆ।
ਇਸ ਦੇ ਨਾਲ ਹੀ ਸਦਨ ਵਿੱਚ ਦੁੱਧ ਅਤੇ ਖਾਣ-ਪੀਣ ਵਾਲੀਆਂ ਵਸਤੂਆਂ ਵਿੱਚ ਮਿਲਾਵਟਖੋਰੀ ਦਾ ਮੁੱਦਾ ਵੀ ਗੂੰਜਿਆ। ਸਿਹਤ ਮੰਤਰੀ ਨੇ ਇਸ ਸਬੰਧੀ ਹੁਣ ਤੱਕ ਕੀਤੀ ਕਾਰਵਾਈ ਦੀ ਰਿਪੋਰਟ ਪੇਸ਼ ਕੀਤੀ, ਜਦਕਿ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਗੰਭੀਰ ਮੁੱਦੇ ਦੀ ਜਾਂਚ ਲਈ ਇੱਕ ਮਾਹਿਰ ਕਮੇਟੀ ਬਣਾਉਣ ਦੀ ਮੰਗ ਰੱਖੀ।
Read More : ‘ਆਪ’ ਸਰਕਾਰ ਦੇ 4 ਸਾਲ: ਭਗਵੰਤ ਮਾਨ ਨੇ ਪੰਜਾਬੀਆਂ ਨੂੰ ਸਮਰਪਿਤ ਕੀਤਾ ਰਿਪੋਰਟ ਕਾਰਡ
