ਫਾਰਚੂਨਰ ਸਵਾਰ ਹਮਲਾਵਰਾਂ ਨੇ ਦਿਨ-ਦਿਹਾੜੇ ਕੀਤੀ ਅੰਨ੍ਹੇਵਾਹ ਫਾਇਰਿੰਗ; ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੀ ਜਾਂਚ
ਬਾਘਾ ਪੁਰਾਣਾ, 6 ਮਾਰਚ : ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਵਿੱਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਪਿੰਡ ਪੱਤੋ ਹੀਰਾ ਸਿੰਘ ਦੇ ਮੌਜੂਦਾ ‘ਆਪ’ ਸਰਪੰਚ ਹਰਵਿੰਦਰ ਸਿੰਘ ਹੈਪੀ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਹੈ।
ਮਿਲੀ ਜਾਣਕਾਰੀ ਅਨੁਸਾਰ ਸਰਪੰਚ ਹਰਵਿੰਦਰ ਹੈਪੀ ਅੱਜ ਸਵੇਰੇ ਜਦੋਂ ਬਾਘਾ ਪੁਰਾਣਾ ਵਿਖੇ ਮੌਜੂਦ ਸਨ, ਤਾਂ ਇੱਕ ਫਾਰਚੂਨਰ ਕਾਰ ਵਿੱਚ ਸਵਾਰ ਹੋ ਕੇ ਆਏ ਤਕਰੀਬਨ 5-6 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਸਰਪੰਚ ਗੰਭੀਰ ਜ਼ਖਮੀ ਹੋ ਗਏ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ, ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਨ੍ਹਾਂ ਨੇ ਦਮ ਤੋੜ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਮੋਗਾ ਦੇ ਐਸ.ਐਸ.ਪੀ. ਭਾਰੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ। ਐਸ.ਐਸ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਮਾਮਲਾ ਆਪਸੀ ਰੰਜਿਸ਼ ਦਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਹਮਲਾਵਰਾਂ ਦੀ ਪਛਾਣ ਕਰ ਲਈ ਹੈ।
ਪੁਲਿਸ ਨੇ ਦੋਸ਼ੀਆਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਪੁਲਿਸ ਨੇ ਇਲਾਕੇ ਦੀ ਸਖ਼ਤ ਨਾਕਾਬੰਦੀ ਕਰ ਦਿੱਤੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
Read More : ਸਰਹੱਦ ਪਾਰੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
