ਵਿੱਤ ਮੰਤਰੀ ਹਰਪਾਲ ਚੀਮਾ ਦਾ ਐਲਾਨ: 5 ਕਰੋੜ ਦਾ ਮਾਲ ਜ਼ਬਤ, 3 ਕਰੋੜ ਤੋਂ ਵੱਧ ਜੁਰਮਾਨਾ ਲੱਗਣ ਦੀ ਸੰਭਾਵਨਾ
ਚੰਡੀਗੜ੍ਹ, 30 ਅਪ੍ਰੈਲ : ਪੰਜਾਬ ਸਰਕਾਰ ਨੇ ਲੋਹਾ ਅਤੇ ਸਟੀਲ ਸੈਕਟਰ ਵਿੱਚ ਹੋ ਰਹੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ 200 ਤੋਂ ਵੱਧ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਹੈ। ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਰ ਵਿਭਾਗ ਨੇ ਲਗਭਗ 5 ਕਰੋੜ ਰੁਪਏ ਦੀ ਮਾਰਕੀਟ ਕੀਮਤ ਦਾ ਮਾਲ ਜ਼ਬਤ ਕੀਤਾ ਹੈ। ਇਸ ਮੁਹਿੰਮ ਦਾ ਮੁੱਖ ਨਿਸ਼ਾਨਾ ਜਾਅਲੀ ਬਿਲਿੰਗ ਅਤੇ ਬਿਨਾਂ ਸਹੀ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਨੂੰ ਰੋਕਣਾ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਕਰ ਵਿਭਾਗ ਦੀ ‘ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ’ ਨੇ ਅੱਜ ਇਹ ਮੁਹਿੰਮ ਮੁੱਖ ਤੌਰ ‘ਤੇ ਮੰਡੀ ਗੋਬਿੰਦਗੜ੍ਹ, ਖੰਨਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚਲਾਈ। ਜਾਂਚ ਦੌਰਾਨ ਲੋਹੇ ਦੇ ਸਕ੍ਰੈਪ ਅਤੇ ਤਿਆਰ ਸਟੀਲ ਦੇ ਮਾਲ ਦੀ ਢੋਆ-ਢੁਆਈ ਕਰਨ ਵਾਲੇ 200 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ। ਫੜੇ ਗਏ ਮਾਲ ਦੀ ਕੁੱਲ ਮਾਤਰਾ 1,600 ਮੀਟ੍ਰਿਕ ਟਨ ਤੋਂ ਵੱਧ ਹੈ।
ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਈ ਖੇਪਾਂ ਬਿਨਾਂ ਸਹੀ ਇਨਵਾਇਸ ਅਤੇ ਈ-ਵੇਅ ਬਿੱਲਾਂ ਦੇ ਲਿਜਾਈਆਂ ਜਾ ਰਹੀਆਂ ਸਨ। ਕਈ ਥਾਵਾਂ ‘ਤੇ ਸ਼ੱਕੀ ਜਾਅਲੀ ਦਸਤਾਵੇਜ਼ ਵੀ ਪਾਏ ਗਏ। ਉਨ੍ਹਾਂ ਦੱਸਿਆ ਕਿ ਜੀ.ਐਸ.ਟੀ. ਕਾਨੂੰਨ ਦੀਆਂ ਧਾਰਾਵਾਂ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਲੰਘਣਾ ਕਰਨ ਵਾਲਿਆਂ ‘ਤੇ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਉਮੀਦ ਹੈ।
ਵਿੱਤ ਮੰਤਰੀ ਨੇ ਇਨਫੋਰਸਮੈਂਟ ਟੀਮਾਂ ਨੂੰ ਤੇਜ਼ੀ ਨਾਲ ਜਾਂਚ ਕਰਨ ਅਤੇ ਬਕਾਇਆ ਟੈਕਸ ਸਮੇਤ ਜੁਰਮਾਨੇ ਦੀ ਤੁਰੰਤ ਵਸੂਲੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਾਅਲੀ ਬਿਲਿੰਗ ਜਾਂ ਟੈਕਸ ਚੋਰੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਪੂਰੇ ਸੂਬੇ ਵਿੱਚ ਅਜਿਹੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।
Read More : ਟ੍ਰਾਈਡੈਂਟ ਗਰੁੱਪ ਦੇ ਧੌਲਾ ਕੰਪਲੈਕਸ ‘ਚ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਅਚਾਨਕ ਛਾਪਾ
