ਪਿੰਡਾਂ ਅੰਦਰ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇ
ਅੰਮ੍ਰਿਤਸਰ, 27 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਅੰਦਰ ਹੜ੍ਹਾਂ ਦੇ ਹਾਲਾਤ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਔਖੀ ਘੜੀ ਸੰਗਤ ਨੂੰ ਅਪੀਲ ਕੀਤੀ ਕਿ ਪਿੰਡਾਂ ਅੰਦਰ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਅਤੇ ਪ੍ਰਭਾਵਿਤ ਇਲਾਕਿਆਂ ’ਚੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਰੱਖਿਅਤ ਥਾਵਾਂ ’ਤੇ ਪਹੁੰਚਾਏ ਜਾਣ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੰਕਟ ’ਚੋਂ ਨਿਕਲਣ ਲਈ ਇਕਜੁੱਟਤਾ ਨਾਲ ਕਾਰਜ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇਸ ਔਖੇ ਸਮੇਂ ਆਪਣੇ ਪ੍ਰਬੰਧ ਵਾਲੇ ਸਾਰੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਹਿਯੋਗ ਲਈ ਨਿਰਦੇਸ਼ ਦਿੱਤੇ ਹਨ। ਸੰਗਤ ਲਈ ਸਰਾਵਾਂ ਤੇ ਲੰਗਰ ਦੇ ਪ੍ਰਬੰਧ ਨਿਰੰਤਰ ਜਾਰੀ ਹਨ। ਇਸ ਤੋਂ ਇਲਾਵਾ ਲੋਕਾਂ ਤੱਕ ਪੁੱਜ ਕੇ ਹਾਲਾਤ ਵੀ ਜਾਣੇ ਜਾ ਰਹੇ ਹਨ ਅਤੇ ਮਦਦ ਵਾਸਤੇ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਸੰਪਰਕ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਸਮੇਂ ਵਿਚ ਜਿੱਥੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਦੀ ਜ਼ਰੂਰਤ ਹੈ, ਉਥੇ ਹੀ ਗੁਰੂ ਘਰਾਂ ’ਚੋਂ ਪਾਵਨ ਸਰੂਪਾਂ ਦਾ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣਾ ਵੀ ਜ਼ਰੂਰੀ ਹੈ। ਇਸ ਸਬੰਧ ’ਚ ਸੰਗਤਾਂ ਨੇੜਲੇ ਇਤਿਹਾਸਕ ਗੁਰਦੁਆਰਾ ਸਾਹਬਿਾਨ ਦੀਆਂ ਸੇਵਾਵਾਂ ਪ੍ਰਾਪਤ ਕਰਨ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਹਰ ਗੁਰਦੁਆਰਾ ਸਾਹਿਬਾਨ ਇਸ ਸਹਾਇਤਾ ਲਈ ਤਿਆਰ ਹਨ। ਸ਼੍ਰੋਮਣੀ ਕਮੇਟੀ ਨੇ ਪਾਵਨ ਸਰੂਪ ਲੈ ਕੇ ਆਉਣ ਦੇ ਵੀ ਪ੍ਰਬੰਧ ਕੀਤੇ ਹੋਏ ਹਨ ਅਤੇ ਸੰਗਤਾਂ ਲੋੜ ਅਨੁਸਾਰ ਨੇੜਲੇ ਗੁਰਦੁਆਰਾ ਸਾਹਿਬਾਨ ਨਾਲ ਸੰਪਰਕ ਕਰ ਸਕਦੀਆਂ ਹਨ।
Read More : ਧੁੱਸੀ ਬੰਨ੍ਹ ਟੁੱਟਿਆ, ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਕੰਪਲੈਕਸ ਵਿਚ ਭਰਿਆ ਪਾਣੀ