ਪੰਥਕ ਵਿਚਾਰਾਂ ਕੀਤੀਆਂ
ਅੰਮ੍ਰਿਤਸਰ, 6 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੜ ਪ੍ਰਧਾਨ ਬਣਨ ਮਗਰੋਂ ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨਾਲ ਮੁਲਾਕਾਤ ਕਰ ਕੇ ਪੰਥਕ ਵਿਚਾਰਾਂ ਕੀਤੀਆਂ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਪ੍ਰੋਗਰਾਮਾਂ ਬਾਰੇ ਚਰਚਾ ਕੀਤੀ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੌਮ ਦੀ ਹਰ ਜਥੇਬੰਦੀ ਦਾ ਸਿੱਖ ਪੰਥ ਵਿਚ ਵੱਡਾ ਸਤਿਕਾਰ ਹੈ ਅਤੇ ਪੰਥ ਦੀ ਨੁਮਾਇੰਦਾ ਜਥੇਬੰਦੀ ਦਾ ਮੁੱਖ ਸੇਵਾਦਾਰ ਹੋਣ ਨਾਤੇ ਸਾਰਿਆਂ ਨਾਲ ਤਾਲਮੇਲ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਸਿੱਖ ਸੰਪਰਦਾਵਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਹਮੇਸ਼ਾਂ ਹੀ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕੀਤੇ ਹਨ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਪੰਥਕ ਏਕਤਾ ਨਾਲ ਕਾਰਜ ਕਰਨੇ ਸਮੇਂ ਦੀ ਵੱਡੀ ਲੋੜ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਤੇ ਪੰਥਕ ਕਾਰਜਾਂ ਲਈ ਸਾਰਿਆਂ ਦਾ ਸਹਿਯੋਗ ਲਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਓ. ਐੱਸ. ਡੀ ਸਤਬੀਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।
Read More : 1.3 ਕਿੱਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 97 ਸਮੱਗਲਰ ਗ੍ਰਿਫ਼ਤਾਰ
