ਸਕੱਤਰੇਤ ਤੋਂ ਚੀਫ ਖਾਲਸਾ ਦੀਵਾਨ ਨੂੰ ਕਈ ਅਹਿਮ ਹਦਾਇਤਾਂ ਹੋਈਆਂ ਜਾਰੀ
ਆਨੰਦਪੁਰ ਸਾਹਿਬ, 22 ਜੁਲਾਈ : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਿਛਲੇ ਸਮੇਂ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਪ੍ਰਬੰਧ, ਮੈਂਬਰਾਂ ਅਤੇ ਅਹੁਦੇਦਾਰਾਂ ਵਿਰੁੱਧ ਕੁਝ ਸ਼ਿਕਾਇਤਾਂ ਪੁੱਜੀਆਂ ਸਨ, ਜਿਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਸਥਾ ਦੇ ਪ੍ਰਧਾਨ ਸਮੇਤ ਸਮੁੱਚੀ ਕਾਰਜਕਾਰੀ ਨੂੰ ਆਪਣਾ ਪੱਖ ਰੱਖਣ ਲਈ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੱਦਿਆ ਸੀ। ਇਸੇ ਤਹਿਤ ਅੱਜ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਸਮੇਤ ਕਾਰਜਕਾਰਨੀ ਕਮੇਟੀ ਦੇ ਕੁਲ 20 ਮੈਂਬਰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਜਥੇਦਾਰ ਗੜਗੱਜ ਨੇ ਚੀਫ ਖਾਲਸਾ ਦੀਵਾਨ ਵਿਰੁੱਧ ਪੁੱਜੀਆਂ ਸ਼ਿਕਾਇਤਾਂ ਬਾਰੇ ਸਮੂਹ ਮੈਂਬਰਾਂ ਨਾਲ ਵਿਚਾਰ ਕਰਦਿਆਂ ਕੁਝ ਸਵਾਲ ਕੀਤੇ ਅਤੇ ਉਨ੍ਹਾਂ ਦਾ ਪੱਖ ਸੁਣਿਆ। ਉਪਰੰਤ ਜਥੇਦਾਰ ਗੜਗੱਜ ਨੇ ਚੀਫ ਖਾਲਸਾ ਦੀਵਾਨ ਦੇ ਵਿਧਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਪ੍ਰਵਾਣਿਤ ਸਿੱਖ ਰਹਿਤ ਮਰਿਆਦਾ ਦੀ ਰੌਸ਼ਨੀ ’ਚ ਮੌਕੇ ’ਤੇ ਹੀ ਕੁਝ ਅਹਿਮ ਫੈਸਲੇ ਕਰਦਿਆਂ ਸੰਸਥਾ ਦੇ ਨੁਮਾਇੰਦਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ।
ਇਕੱਤਰਤਾ ਤੋਂ ਬਾਅਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੱਲਬਾਤ ਕਰਦਿਆਂ ਚੀਫ ਖਾਲਸਾ ਦੀਵਾਨ ਨਾਲ ਸਬੰਧਤ ਕੀਤੇ ਫੈਸਲਿਆਂ ਬਾਰੇ ਕਿਹਾ ਕਿ ਜੇਕਰ ਸੰਸਥਾ ਦਾ ਕੋਈ ਮੈਂਬਰ ਅੰਮ੍ਰਿਤਧਾਰੀ ਨਹੀਂ ਹੈ ਜਾਂ ਕਿਸੇ ਤੋਂ ਕੋਈ ਕੁਤਾਹੀ ਹੋਈ ਹੈ ਤਾਂ ਇਸ ਦੀ ਸੁਧਾਈ ਕਰਨ ਲਈ ਚੀਫ ਖਾਲਸਾ ਦੀਵਾਨ ਨੂੰ 41 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਮੈਂਬਰ 41 ਦਿਨਾਂ ਦੇ ਅੰਦਰ 1 ਸਤੰਬਰ ਤੱਕ ਅੰਮ੍ਰਿਤਧਾਰੀ ਹੋ ਕੇ ਗੁਰਮਤਿ ਅਨੁਸਾਰ ਕੰਮ ਕਰਨਗੇ।
ਚੀਫ ਖਾਲਸਾ ਦੀਵਾਨ ਦਾ ਕੋਈ ਵੀ ਮੈਂਬਰ ਦਾੜ੍ਹੀ ਨਾ ਰੰਗਦਾ ਹੋਵੇ ਅਤੇ ਨਾ ਹੀ ਦਾੜ੍ਹੀ ’ਚ ਕੁੰਡਲ ਪਾਉਂਦਾ ਹੋਵੇ ਕਿਉਂਕਿ ਇਹ ਗੁਰਮਤਿ ਅਤੇ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਹੈ। ਇਸ ਦੇ ਨਾਲ ਹੀ ਚੀਫ ਖਾਲਸਾ ਦੀਵਾਨ ਦੇ ਜਿਹੜੇ ਕਾਰਜਕਾਰੀ ਮੈਂਬਰ ਅੱਜ ਇਕੱਤਰਤਾ ’ਚ ਨਹੀਂ ਪਹੁੰਚੇ, ਉਨ੍ਹਾਂ ਨੂੰ 1 ਅਗਸਤ ਨੂੰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਆਪਣਾ ਪੱਖ ਰੱਖਣ ਲਈ ਆਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਚੀਫ ਖਾਲਸਾ ਦੀਵਾਨ ਦਾ ਕੋਈ ਮੈਂਬਰ 1 ਸਤੰਬਰ ਤੱਕ ਅੰਮ੍ਰਿਤਧਾਰੀ ਨਹੀਂ ਹੁੰਦਾ ਤਾਂ ਸੰਸਥਾ ਉਸ ਦੀ ਮੈਂਬਰਸ਼ਿਪ ਖਤਮ ਕਰੇਗੀ।
ਉਨ੍ਹਾਂ ਕਿਹਾ ਕਿ ਸੰਸਥਾ ਦੇ ਮੈਂਬਰਾਂ ਦੀ ਸੁਧਾਈ ਕਰਨ ਅਤੇ ਉਨ੍ਹਾਂ ਨੂੰ ਅੰਮ੍ਰਿਤ ਛਕਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਸਮੂਹ ਮੈਂਬਰਾਂ ਨੂੰ ਇਹ ਆਦੇਸ਼ ਕੀਤਾ ਗਿਆ ਹੈ ਕਿ ਚੀਫ ਖਾਲਸਾ ਦੀਵਾਨ ਦੇ ਵਿਧਾਨ ਅਤੇ ਸਿੱਖ ਰਹਿਤ ਮਰਿਆਦਾ ਦੀ ਰੌਸ਼ਨੀ ’ਚ ਕੋਈ ਵੀ ਗੁਰਮਤਿ ਦੇ ਉਲਟ ਕਾਰਜ ਨਹੀਂ ਕਰਨਗੇ ਅਤੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਸੇਵਾ ਕਰਨ ਦਾ ਉਦਮ ਕਰਨਗੇ। ਉਨ੍ਹਾਂ ਚੀਫ ਖਾਲਸਾ ਦੀਵਾਨ ਨੂੰ ਆਦੇਸ਼ ਕੀਤਾ ਕਿ ਜੋ ਮਦ ਸੰਸਥਾ ਦੇ ਵਿਧਾਨ ’ਚ ਅੰਮ੍ਰਿਤਧਾਰੀ ਮੈਂਬਰ ਹੋਣ ਦੀ ਸੁਹਿਰਦ ਸਿੱਖਾਂ ਵੱਲੋਂ ਨਿਯਮ ਬਣਾਉਣ ਸਮੇਂ ਦਰਜ ਕੀਤੀ ਗਈ ਹੈ, ਉਹ ਕਦੇ ਵੀ ਖਤਮ ਨਹੀਂ ਕੀਤੀ ਜਾ ਸਕਦੀ।
ਇਸ ਮੌਕੇ ਚੀਫ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਸੰਤੋਖ ਸਿੰਘ, ਆਨਰੇਰੀ ਸਕੱਤਰ ਰਮਣੀਕ ਸਿੰਘ, ਸਥਾਨਕ ਪ੍ਰਧਾਨ ਕੁਲਜੀਤ ਸਿੰਘ, ਕਾਰਜਕਾਰਨੀ ਮੈਂਬਰ ਅਦਰਸ਼ ਪਿੰਦਰ ਸਿੰਘ, ਜਸਪਾਲ ਸਿੰਘ, ਹਰਵਿੰਦਰ ਪਾਲ ਸਿੰਘ, ਸੁਖਬੀਰ ਸਿੰਘ, ਭੁਪਿੰਦਰ ਸਿੰਘ, ਆਤਮਜੀਤ ਸਿੰਘ, ਹਰਿੰਦਰਪਾਲ ਸਿੰਘ, ਜਸਪਾਲ ਸਿੰਘ, ਗੁਰਿੰਦਰ ਸਿੰਘ, ਮਨਮੋਹਣ ਸਿੰਘ, ਕੁਲਦੀਪ ਸਿੰਘ, ਸਰਜੋਤ ਸਿੰਘ, ਕਮਲਜੀਤ ਸਿੰਘ, ਵਰਿਆਮ ਸਿੰਘ, ਮਹਿੰਦਰ ਸਿੰਘ, ਹਰਜੀਤ ਸਿੰਘ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਵੀ ਹਾਜ਼ਰ ਸਨ।
Read More : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ