ਗਿਆਨੀ ਰਘਬੀਰ ਸਿੰਘ ਨੇ ਜਥੇਦਾਰ ਗਿਆਨੀ ਗੜਗੱਜ ਨੂੰ ਦਿੱਤਾ ਪੂਰਾ ਸਮਰਥਨ
ਅੰਮ੍ਰਿਤਸਰ, 6 ਜੁਲਾਈ :-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਹਾਜ਼ਰੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਗੁਰੂ ਸਾਹਿਬ ਦੇ ਸਨਮੁੱਖ ਅਰਦਾਸ ਕਰ ਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਜਿੱਥੇ ਪ੍ਰਸ਼ਾਦ ਦਿੱਤਾ, ਉੱਥੇ ਹੀ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਬੇਨਤੀ ਕਰਦੇ ਹੋਏ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੂਰਾ ਸਮਰਥਨ ਤੇ ਸਹਿਯੋਗ ਦੇਣ ਦਾ ਭਰੋਸਾ ਵੀ ਜਤਾਇਆ।
ਦੱਸਣਯੋਗ ਹੈ ਕਿ ਬੀਤੇ ਦਿਨੀਂ 5 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮਾਮਲੇ ਵਿਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਲਈ ਵੀ ਗਿਆਨੀ ਰਘਬੀਰ ਸਿੰਘ ਨੇ ਪੂਰਨ ਸਹਿਯੋਗ ਦਿੱਤਾ ਸੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤਿੰਨ ਗ੍ਰੰਥੀ ਸਿੰਘ ਸਾਹਿਬਾਨ ਗਿਆਨੀ ਰਾਜਦੀਪ ਸਿੰਘ, ਗਿਆਨੀ ਸੁਲਤਾਨ ਸਿੰਘ ਅਤੇ ਗਿਆਨੀ ਕੇਵਲ ਸਿੰਘ ਨੇ ਵੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਸ਼ਮੂਲੀਅਤ ਕੀਤੀ ਸੀ।
Read More : ਮਾਨ ਸਰਕਾਰ ਦਾ ਇਕ ਹੋਰ ਵੱਡਾ ਐਕਸ਼ਨ
