ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਵੇ ਨੌਜਵਾਨ ਪੀੜ੍ਹੀ : ਐਡਵੋਕੇਟ ਪਾਹੜਾ
ਗੁਰਦਾਸਪੁਰ, 11 ਜੂਨ -ਜ਼ਿਲਾ ਗੁਰਦਾਸਪੁਰ ਦੇ ਪਿੰਡ ਹਸਨਪੁਰ ’ਚ ਅਮਨਦੀਪ ਸਿੰਘ ਅਤੇ ਰਿਪੂਦਮਨ ਸਿੰਘ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ’ਚ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਟੂਰਨਾਮੈਂਟ ’ਚ ਕੁੱਲ 28 ਟੀਮਾਂ ਨੇ ਹਿੱਸਾ ਲਿਆ। ਰੋਮਾਂਚਕ ਮੁਕਾਬਲੇ ਤੋਂ ਬਾਅਦ ਪਿੰਡ ਆਲੋਵਾਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਪਿੰਡ ਸਿੰਘੋਵਾਲ ਦੀ ਟੀਮ ਦੂਜੇ ਸਥਾਨ ’ਤੇ ਰਹੀ।
ਇਸ ਮੌਕੇ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਖੇਡਾਂ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਵਿਕਾਸ ’ਚ ਮਦਦ ਕਰਦੀਆਂ ਹਨ, ਸਗੋਂ ਨਸ਼ੇ ਦੀ ਲਤ ਤੋਂ ਦੂਰ ਰਹਿਣ ’ਚ ਵੀ ਸਹਾਇਕ ਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਖੇਡਾਂ ਜੀਵਨ ਨੂੰ ਸਹੀ ਦਿਸ਼ਾ ਦਿੰਦੀਆਂ ਹਨ ਅਤੇ ਨੌਜਵਾਨਾਂ ਨੂੰ ਸਫਲਤਾ ਵੱਲ ਲੈ ਜਾਂਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ ਆਪਣੇ ਆਸ-ਪਾਸ ਦੇ ਹੋਰ ਨੌਜਵਾਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।
ਪ੍ਰੋਗਰਾਮ ਦੇ ਅੰਤ ’ਚ ਜੇਤੂ ਟੀਮਾਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ। ਇਸੇ ਤਰ੍ਹਾਂ ਪ੍ਰਬੰਧਕਾਂ ਨੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਅਤੇ ਟੂਰਨਾਮੈਂਟ ’ਚ ਉਨ੍ਹਾਂ ਦੀ ਮੌਜੂਦਗੀ ਲਈ ਧੰਨਵਾਦ ਕੀਤਾ।
Read More : ਬਲੈਰੋ ਨੇ ਦਰੜਿਆ ਸਾਈਕਲ ਸਵਾਰ ਬੱਚਾ
