ਕੈਬਨਿਟ ਮੰਤਰੀਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਦਿੱਤਾ ਰਸਮੀ ਸੱਦਾ
ਯੂ.ਪੀ ਤੇ ਗੁਜਰਾਤ ਦੇ ਮੁੱਖ ਮੰਤਰੀ ਨੂੰ ਸੂਬੇ ਭਰ ਵਿੱਚ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਦਿੱਤੀ ਜਾਣਕਾਰੀ
ਚੰਡੀਗੜ੍ਹ, 1 ਨਵੰਬਰ : ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਤੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਅਤੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।
ਕੈਬਨਿਟ ਮੰਤਰੀਆਂ ਨੇ ਦੋਵੇਂ ਰਾਜਾਂ ਉੱਤਰ ਪ੍ਰਦੇਸ਼ ਅਤੇ ਗੁਜਰਾਤ ਦੇ ਮੁੱਖ ਮੰਤਰੀ ਸਾਹਿਬਾਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤਿ੍ਰਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ।
ਅਮਨ ਅਰੋੜਾ ਨੇ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋਏ ਹਨ, ਜਿਸ ਤੋਂ ਬਾਅਦ ਪੰਜਾਬ ਭਰ ’ਚ ਧਾਰਮਿਕ ਸਮਾਗਮ ਅਤੇ ਧਾਰਮਿਕ-ਸੱਭਿਆਚਾਰਕ ਪ੍ਰੋਗਰਾਮ ਸ਼ੁਰੂ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜ਼ਿਲਿਆਂ ’ਚ ਕਰਵਾਏ ਜਾ ਰਹੇ ਹਨ, ਜਦਕਿ ਗੁਰੂ ਸਾਹਿਬ ਜੀ ਦੇ ਚਰਨ ਛੋਹ 130 ਪਾਵਨ ਅਸਥਾਨਾਂ ’ਤੇ ਕੀਰਤਨ ਦਰਬਾਰ ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਸ੍ਰੀਨਗਰ (ਜੰਮੂ-ਕਸਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਰਵਾਨਾ ਹੋਣਗੇ, ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਉਨ੍ਹਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ’ਚ ਸ੍ਰੀ ਅਖੰਡ ਪਾਠ ਸਾਹਿਬ, ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹਨ। ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਰਹਾਇਸ ਲਈ ‘ਚੱਕ ਨਾਨਕੀ’ ਨਾਮੀ ਵਿਸ਼ਾਲ ਟੈਂਟ ਸਿਟੀ ਵੀ ਤਿਆਰ ਕੀਤੀ ਜਾ ਰਹੀ ਹੈ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਅਤੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਧਾਰਮਿਕ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਨਾਲ ਦੁਨੀਆਂ ਭਰ ’ਚ ਏਕਤਾ, ਦਇਆ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਜਾਵੇਗਾ। ਉਨ੍ਹਾਂ ਇਨ੍ਹਾਂ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਸਮਾਗਮਾਂ ਸਾਰੇ ਦੇਸ਼ ’ਚ ਗੁਰੂ ਸਾਹਿਬ ਜੀ ਦੇ ਅਮਨ-ਸਾਂਤੀ, ਬਰਾਬਰੀ ਅਤੇ ਸੱਚਾਈ ਦੇ ਉਪਦੇਸਾਂ ਦਾ ਪਸਾਰ ਕਰਨ ਦਾ ਅਹਿਮ ਯਤਨ ਹਨ।
Read More : ਬੇਸਬਾਲ ਅੰਤਰ ਜ਼ਿਲਾ ਸਕੂਲ ਖੇਡਾਂ ’ਚ ਜ਼ਿਲਾ ਸੰਗਰੂਰ ਬਣਿਆ ਚੈਂਪੀਅਨ
