Chief Minister of Gujarat

ਅਮਨ ਅਰੋੜਾ ਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ

ਚੰਡੀਗੜ੍ਹ, 30 ਅਕਤੂਬਰ : ਭਾਈਚਾਰਕ ਸਾਂਝ, ਸਰਬ-ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ’ਚ ਕਰਵਾਏ ਜਾਣ ਵਾਲੇ ਸਮਾਗਮਾਂ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਪੰਜਾਬ ਦੇ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਅਮਨ ਅਰੋੜਾ ਨੇ ਗਾਂਧੀਨਗਰ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਜਾ ਰਹੇ ਮਹੀਨਾ ਭਰ ਚੱਲਣ ਵਾਲੇ ਸੂਬੇ ਪੱਧਰੀ ਯਾਦਗਾਰੀ ਪ੍ਰੋਗਰਾਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸਿੱਖ ਇਤਿਹਾਸ ’ਚ ਭਾਰਤ ਦੇ ਧਰਮ ਨਿਰਪੱਖ ਤਾਣੇ-ਬਾਣੇ ਦਾ ਨੀਂਹ ਪੱਥਰ ਹੈ ਅਤੇ ਸਾਰਿਆਂ ਲਈ ਧਾਰਮਿਕ ਆਜ਼ਾਦੀ ਦੀ ਰਾਖੀ ਕਰਨ ਦਾ ਵਿਸ਼ਵਵਿਆਪੀ ਸਿਧਾਂਤ ਹੈ।

ਗੁਜਰਾਤ ਦੇ ਮੁੱਖ ਮੰਤਰੀ ਨੂੰ ਇਨ੍ਹਾਂ ਸਮਾਗਮਾਂ ’ਚ ਸ਼ਾਮਲ ਹੋਣ ਸਬੰਧੀ ਸੱਦਾ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮਨੁੱਖੀ ਅਧਿਕਾਰਾਂ, ਮਾਨਵੀ ਕਦਰਾਂ-ਕੀਮਤਾਂ ਤੇ ਧਾਰਮਿਕ ਆਜ਼ਾਦੀ ਦਾ ਪ੍ਰਤੀਕ ਹੈ, ਜੋ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਗੁਰੂ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ’ਚ ਸ਼ਾਮਲ ਹੋਣ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਸੱਦਾ ਦੇਣ ਦਾ ਸਾਨੂੰ ਸੁਭਾਗ ਪ੍ਰਾਪਤ ਹੋਇਆ ਹੈ।

ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ ਨੇ ਇਨ੍ਹਾਂ ਸਮਾਗਮ ਦੀ ਸੱਭਿਆਚਾਰਕ ਅਤੇ ਅਧਿਆਤਮਿਕ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਮੁੱਚੇ ਦੇਸ਼ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਦਰਸਾਏ ਨਿਆਂ, ਕੁਰਬਾਨੀ ਅਤੇ ਸੱਚਾਈ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਸੁਨੇਹਾ ਦਿੰਦਾ ਹੈ। ਅਸੀਂ ਧਾਰਮਿਕ ਸਮਾਗਮਾਂ, ਕੀਰਤਨ ਦਰਬਾਰਾਂ ਅਤੇ ਅਕਾਦਮਿਕ ਸੈਮੀਨਾਰਾਂ ਦੀ ਲੜੀ ਕਰਵਾ ਰਹੇ ਹਾਂ ਤਾਂ ਜੋ ਨੌਵੇਂ ਗੁਰੂ ਸਾਹਿਬ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਇਆ ਜਾ ਸਕੇ। ਇਹ ਸਮਾਗਮ ਸਮੁੱਚੇ ਦੇਸ਼ ਲਈ ਬੇਹੱਦ ਮਹੱਤਵਪੂਰਨ ਹੋਣਗੇ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਦੁਨੀਆ ਭਰ ਦੇ ਲੋਕਾਂ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਬਾਰੇ ਜਾਣੂ ਕਰਵਾਉਣਗੇ ਅਤੇ ਪ੍ਰੇਰਿਤ ਕਰਨਗੇ।

Read More : 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

Leave a Reply

Your email address will not be published. Required fields are marked *