ਬਲਤੇਜ ਪੰਨੂ ਅਤੇ ਡੀ. ਸੀ. ਵਰਜੀਤ ਵਾਲੀਆ ਨੇ ਕੀਤਾ ਉਦਘਾਟਨ
ਪਟਿਆਲਾ, 19 ਫਰਵਰੀ : ਪਟਿਆਲਾ ਦੇ ਇਤਿਹਾਸਕ ਬਾਰਾਂਦਰੀ ਬਾਗ ਵਿਚ ਹੋਰਟੀਕਲਚਰ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਾਲਾਨਾ ਫੁੱਲਾਂ ਦੀ ਪ੍ਰਦਰਸ਼ਨੀ ਅਤੇ ਫੂਡ ਫੈਸਟੀਵਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਬਲਤੇਜ ਪੰਨੂ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪਟਿਆਲਾ ਬਾਗਾਂ ਤੇ ਰਾਗਾਂ ਦਾ ਸ਼ਹਿਰ ਹੈ ਅਤੇ ਇਸ ਦੀ ਵਿਰਾਸਤ ਨੂੰ ਸੰਭਾਲਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕੁਦਰਤ ਨਾਲ ਜੁੜਨ ਅਤੇ ਸਾਫ਼-ਸੁਥਰਾ ਮਾਹੌਲ ਬਣਾਈ ਰੱਖਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ਅਜਿਹੇ ਮੇਲੇ ਲੋਕਾਂ ਵਿੱਚ ਕੁਦਰਤ ਪ੍ਰਤੀ ਪਿਆਰ ਵਧਾਉਂਦੇ ਹਨ ਅਤੇ ਸਥਾਨਕ ਕਲਾਕਾਰਾਂ ਨੂੰ ਅੱਗੇ ਆਉਣ ਦਾ ਮੌਕਾ ਦਿੰਦੇ ਹਨ।
ਹੋਰਟੀਕਲਚਰ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਿੰਦਰਪਾਲ ਸਿੰਘ ਨੇ ਦੱਸਿਆ ਕਿ ਮੇਲੇ ਵਿੱਚ 2000 ਤੋਂ ਵੱਧ ਫੁੱਲਾਂ ਦੀਆਂ ਕਿਸਮਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਦੇ ਨਾਲ ਹੀ 20 ਫੂਡ ਸਟਾਲ ਅਤੇ 25 ਆਰਗੈਨਿਕ ਸਟਾਲ ਲਗਾਏ ਗਏ। ਫੁੱਲਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਅਤੇ 25 ਜੇਤੂਆਂ ਨੂੰ ਇਨਾਮ ਵੀ ਵੰਡੇ ਗਏ।
ਸਮਾਗਮ ਦੇ ਅੰਤ ਵਿੱਚ ਨੋਡਲ ਅਫ਼ਸਰ ਜਸ਼ਨਪ੍ਰੀਤ ਕੌਰ ਗਿੱਲ ਨੇ ਸਾਰੇ ਵਿਭਾਗਾਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਇਸ ਫੈਸਟੀਵਲ ਵਿੱਚ ਪਟਿਆਲਾ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਆਪਣੀ ਵਿਰਾਸਤ ਪ੍ਰਤੀ ਉਤਸ਼ਾਹ ਦਿਖਾਇਆ।
Read More : ਛੱਤਬੀੜ ਚਿੜੀਆਘਰ ‘ਚ ਸੈਲਾਨੀਆਂ ਦੀ ਰਿਕਾਰਡ ਆਮਦ
