ਕਿਹਾ-ਸੁਖਬੀਰ ਬਾਦਲ ਨੂੰ ਪੰਜਾਬ ਦੀ ਹਕੀਕਤ ਦਾ ਪਤਾ ਨਹੀਂ
ਸੰਗਰੂਰ, 6 ਮਾਰਚ : ਸੰਗਰੂਰ ਵਿਖੇ ‘ਲੋਕ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਪਾਰਟੀਆਂ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਵਿੱਚ ਮੁਫ਼ਤ ਬਿਜਲੀ ਦੀ ਸਹੂਲਤ ਲਗਾਤਾਰ ਜਾਰੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਅਤੇ ਕਾਂਗਰਸੀਆਂ ਨੇ ਪੰਜਾਬ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਸੀ, ਪਰ ਹੁਣ ‘ਆਪ’ ਸਰਕਾਰ ਸੂਬੇ ਨੂੰ ਮੁੜ ਪਟੜੀ ‘ਤੇ ਲਿਆ ਰਹੀ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਉਣ ਵਾਲਾ ਬਜਟ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ, ਜੋ ਕਿ ਪੂਰੀ ਤਰ੍ਹਾਂ ਲੋਕ-ਪੱਖੀ ਹੋਵੇਗਾ। ਉਨ੍ਹਾਂ ਪਿਛਲੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਕਿਹਾ ਕਿ ਸਰਕਾਰ ਨੇ ਹੁਣ ਤੱਕ 63,000 ਸਰਕਾਰੀ ਨੌਕਰੀਆਂ ਬਿਨਾਂ ਕਿਸੇ ਸਿਫ਼ਾਰਸ਼ ਦੇ ਦਿੱਤੀਆਂ ਹਨ ਅਤੇ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ਇਸ ਤੋਂ ਇਲਾਵਾ, ਨਵੀਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
ਸੁਖਬੀਰ ਸਿੰਘ ਬਾਦਲ ‘ਤੇ ਤੰਜ ਕੱਸਦਿਆਂ ਮਾਨ ਨੇ ਕਿਹਾ ਕਿ ਪਹਾੜਾਂ ਦੇ ਕਾਨਵੈਂਟ ਸਕੂਲਾਂ ਅਤੇ ਵਿਦੇਸ਼ਾਂ ਵਿੱਚ ਪੜ੍ਹਨ ਵਾਲੇ ਨੇਤਾਵਾਂ ਨੂੰ ਜ਼ਮੀਨੀ ਹਕੀਕਤਾਂ ਦਾ ਕੋਈ ਪਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਦੇ ਨੌਜਵਾਨ ਨੌਕਰੀਆਂ ਮੰਗ ਰਹੇ ਹਨ, ਉੱਥੇ ਅਕਾਲੀ ਦਲ ਪਿੰਡਾਂ ਵਿੱਚ ਤਾਸ਼ ਦੇ ਟੂਰਨਾਮੈਂਟ ਕਰਵਾਉਣ ਦੀਆਂ ਗੱਲਾਂ ਕਰ ਰਿਹਾ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਬਾਰੇ ਵੀ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ।
ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 370 ਪੰਜਾਬੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਨਾਲ ਲਗਾਤਾਰ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਵਿਕਾਸ ਫੰਡ ਰੋਕ ਕੇ ਸੂਬੇ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਮਾਨ ਨੇ ਦਾਅਵਾ ਕੀਤਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਪੰਜਾਬ ਸਿਰ ਚੜ੍ਹੇ ਕਰਜ਼ੇ ਵਿੱਚ 35 ਫੀਸਦੀ ਦੀ ਕਮੀ ਲਿਆਂਦੀ ਹੈ।
Read More : ਪੰਜਾਬ ਬਣੇਗਾ ਮੈਡੀਕਲ ਸਿੱਖਿਆ ਦਾ ਹੱਬ : 7 ਨਵੇਂ ਮੈਡੀਕਲ ਕਾਲਜ ਖੁੱਲ੍ਹਣਗੇ
