ਪੰਜਾਬ ਦੀਆਂ ਜੇਲਾਂ ‘ਚ ਨਹੀਂ ਮਿਲਣਗੇ ਬੰਦੀ ਸਿੰਘ
ਬਾਬਾ ਬਕਾਲਾ ਸਾਹਿਬ, 9 ਅਗਸਤ : ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਸਿਆਸੀ ਕਾਨਫਰੰਸ ਕੀਤੀ। ਇਸ ਕਾਨਫਰੰਸ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਗੁਲਜਾਰ ਸਿੰਘ ਰਣੀਕੇ, ਹਲਕਾ ਇੰਚਾਰਜ ਬਲਜੀਤ ਸਿੰਘ ਜਲਾਲ ਉਸਮਾ, ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਸੁੱਚਾ ਸਿੰਘ ਲੰਗਾਹ, ਭਾਈ ਗੁਰਦੀਪ ਸਿੰਘ ਖੇੜਾ ਆਦਿ ਨੇ ਸੰਬੋਧਨ ਕੀਤਾ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਪੁਰਾਣੇ ਬਜ਼ੁਰਗਾਂ ਵਾਲਾ ਜਜ਼ਬਾ ਵਾਪਸ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਦੋਂ ਬਜ਼ੁਰਗਾਂ ਨੂੰ ਇਹ ਪਤਾ ਲੱਗਦਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਆਵਾਜ਼ ਆਈ ਹੈ ਤਾਂ ਮੋਢੇ ‘ਤੇ ਪਰਨਾ ਰੱਖ ਕੇ ਉਸੇ ਸਮੇਂ ਤੁਰ ਪੈਂਦੇ ਸਨ। ਅੱਜ ਦੇਖਣ ਨੂੰ ਮਿਲ ਰਿਹਾ ਕਿ ਜਿਹੜੇ ਲੋਕਾਂ ਨੇ ਸਿੱਖਾਂ ਦੇ ਧਾਰਮਿਕ ਸਥਾਨਾਂ ‘ਤੇ ਹਮਲਾ ਕੀਤਾ ਜਾਂ ਸਿੱਖਾਂ ਦਾ ਘਾਣ ਕੀਤਾ, ਉਨ੍ਹਾਂ ਦੀਆਂ ਰੈਲੀਆਂ ਵਿੱਚ ਵੀ ਸਿੱਖ ਪਹੁੰਚ ਰਹੇ ਹਨ।
ਉਨ੍ਹਾਂ ਕਿਹਾ ਕਿ ਦੇਖਣ ਨੂੰ ਮਿਲਿਆ ਕਿ ਕਾਂਗਰਸ ਦੀ ਰੈਲੀ ‘ਤੇ ਆਮ ਆਦਮੀ ਪਾਰਟੀ ਦੀ ਰੈਲੀ ਵਿੱਚ ਸਿੱਖ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਲਿਆਣਾ ਬਹੁਤ ਜਰੂਰੀ ਹੈ। ਆਮ ਆਦਮੀ ਪਾਰਟੀ ਦੀ ਲੈਂਡ ਪੂਲਿੰਗ ਪਾਲਿਸੀ ਪੰਜਾਬ ਦੇ ਲੋਕਾਂ ਦਾ ਹੱਕ ਖੋਹਣ ਲਈ ਲੱਗੀ ਹੋਈ ਹੈ, ਜਿਸ ਨੂੰ ਕਦੀ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੀ ਸਤੰਬਰ ਨੂੰ ਰੋਜ਼ਾਨਾ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਸਰਕਾਰ ਦਾ ਘੇਰਾਓ ਕਰਨ ਲਈ ਜਥਾ ਰਵਾਨਾ ਹੋਵੇਗਾ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਮੁੜ ਅਕਾਲੀ ਸਰਕਾਰ ਆਉਣ ‘ਤੇ ਸਕੀਮਾਂ ਦੀਆਂ ਝੜੀਆਂ ਲਗਾ ਦਿੱਤੀਆਂ ਜਾਣਗੀਆਂ। ਪਹਿਲਾਂ ਵਾਂਗ ਹੀ ਲੋਕਾਂ ਨੂੰ ਮੁਫਤ ਬਿਜਲੀ, ਆਟਾ ਦਾਲ ਸਕੀਮ, ਸ਼ਗਨ ਸਕੀਮ, 200 ਯੂਨਿਟ ਬਿਜਲੀ ਮੁਆਫ, ਆਦਿ ਸਕੀਮਾਂ ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਆਉਂਦਿਆਂ ਹੀ ਪੰਜਾਬ ਦੀਆਂ ਜੇਲਾਂ ਵਿਚੋ ਬਿਨਾਂ ਕਿਸੇ ਸ਼ਰਤ ਅਤੇ ਬੰਦੀ ਸਿੰਘਾਂ ਨੂੰ ਰਿਹਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜਿਹੜੀਆਂ ਵੀ ਨੌਕਰੀਆਂ ਦਿੱਤੀਆਂ ਹਨ, ਉਨ੍ਹਾਂ ਵਿੱਚ ਅੱਧ ਤੋਂ ਵੱਧ ਪੰਜਾਬ ਦੇ ਬਾਹਰੀ ਸੂਬਿਆਂ ਦੇ ਲੋਕ ਆ ਕੇ ਨੌਕਰੀਆਂ ਕਰ ਰਹੇ ਹਨ, ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਆਉਂਦਿਆਂ ਇਹ ਬਿੱਲ ਪਾਸ ਕੀਤਾ ਜਾਵੇਗਾ ਕਿ ਪੰਜਾਬ ਵਿੱਚ ਕਿਸੇ ਵੀ ਗੈਰ ਸੂਬੇ ਵਾਲੇ ਵਿਅਕਤੀ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ।
ਨਿੱਜੀ ਉਦਯੋਗਪਤੀਆਂ ਨੂੰ ਵੀ ਇੰਡਸਟਰੀ ਲਾਉਣ ਸਮੇਂ 80% ਨੌਕਰੀਆਂ ਪੰਜਾਬ ਦੇ ਲੋਕਾਂ ਨੂੰ ਦੇਣ ਦੀ ਸ਼ਰਤ ਤੇ ਹੀ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕ ਹਿਮਾਚਲ ਆਦਿ ਸੂਬਿਆਂ ਵਿੱਚ ਜ਼ਮੀਨ ਨਹੀਂ ਖਰੀਦ ਸਕਦੇ ਉਸੇ ਤਰ੍ਹਾਂ ਪੰਜਾਬ ਵਿੱਚ ਵੀ ਕੋਈ ਬਾਹਰੀ ਸੂਬੇ ਦਾ ਵਿਅਕਤੀ ਜਮੀਨ ਖਰੀਦ ਨਾ ਸਕੇ ਬਿੱਲ ਪਾਸ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕੀ ਸਿੱਖਾਂ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਹੋ ਰਹੀ ਹੈ। ਗੁਰੂ ਘਰਾਂ ਦੇ ਹਮਲੇ ਹੋ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਤੋਂ ਬਾਅਦ ਹਜੂਰ ਸਾਹਿਬ ਕਮੇਟੀ ਉੱਤੇ ਸਰਕਾਰ ਨੇ ਕਬਜ਼ਾ ਕੀਤਾ, ਇਸ ਤੋਂ ਇਲਾਵਾ ਪਟਨਾ ਸਾਹਿਬ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖਰੀ ਬਣਾਈ ਗਈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਪਿਛਲੇ ਤਿੰਨ ਇਜਲਾਸਾਂ ਵਿੱਚ ਕਮਜ਼ੋਰ ਕਰਨ ਲਈ ਪੂਰਾ ਜੋਰ ਲਗਾਇਆ ਗਿਆ ਪਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਣ ਵਾਂਗ ਖੜੇ ਰਹੇ ਜਿਸ ਦਾ ਨਤੀਜਾ ਸ਼੍ਰੋਮਣੀ ਕਮੇਟੀ ਬਚ ਗਈ। ਉਨ੍ਹਾਂ ਵਰਕਰਾਂ ਨੂੰ ਉਤਸਾਹਿਤ ਕਰਦਿਆਂ ਕਿਹਾ ਕਿ ਤਰਨ ਤਾਰਨ ਹਲਕੇ ਵਿੱਚ ਜਿਮਣੀ ਚੋਣ ਆ ਚੁੱਕੀ ਹੈ ਇਸ ਵਾਰ ਇਕੱਠੇ ਹੋ ਕੇ ਹਮਲਾ ਮਾਰ ਕੇ ਇਹ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਪੰਜਾਬ ਦੇ ਲੋਕ ਪੰਜਾਬ ਵਿੱਚ ਮੁੜ ਦੇਖਣਾ ਚਾਹੁੰਦੇ ਹਨ।
Read More : ਹਿਮਾਚਲ ਵਿਚ ਵਾਪਰਿਆ ਭਿਆਨਕ ਸੜਕ ਹਾਦਸਾ