ਰਿਸ਼ਵਤ

ਏ.ਐੱਸ.ਆਈ. 15,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕੈਲਾਸ਼ ਚੌਕ ਚੌਕੀ ਦੇ ਇੰਚਾਰਜ ਨੂੰ ਸ਼ਿਕਾਇਤਕਰਤਾ ਤੋਂ ਪੈਸੇ ਲੈਂਦਿਆਂ ਫੜਿਆ

ਲੁਧਿਆਣਾ, 25 ਫਰਵਰੀ: ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੁਲਸ ਚੌਕੀ ਕੈਲਾਸ਼ ਚੌਕ ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.) ਜਨਕ ਰਾਜ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਿਵਲ ਲਾਈਨਜ਼ ਲੁਧਿਆਣਾ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਭਰਾ ਨੂੰ ਇਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ’ਚ ਉਕਤ ਏ.ਐੱਸ.ਆਈ. ਨੇ ਮੁਲਾਕਾਤ ਕਰਵਾਉਣ ਬਦਲੇ ਮੌਕੇ ’ਤੇ ਹੀ ਉਸ ਕੋਲੋਂ 10,000 ਰੁਪਏ ਰਿਸ਼ਵਤ ਲੈ ਲਈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਏ.ਐੱਸ.ਆਈ. ਨੇ ਸ਼ਿਕਾਇਤਕਰਤਾ ਦੇ ਭਰਾ ਦਾ ਹੋਰ ਪੁਲਸ ਰਿਮਾਂਡ ਨਾ ਮੰਗਣ ਬਦਲੇ ਐੱਸ.ਐੱਚ.ਓ. ਲਈ 2 ਲੱਖ ਰੁਪਏ ਅਤੇ ਆਪਣੇ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਇਸ ਸਬੰਧੀ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ। ਸ਼ਿਕਾਇਤਕਰਤਾ ਵੱਲੋਂ ਦਿੱਤੀ ਜਾਣਕਾਰੀ ਅਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਏ.ਐੱਸ.ਆਈ. ਜਨਕ ਰਾਜ ਨੂੰ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

Read More : ਗੁਰਦਾਸਪੁਰ ’ਚ 2 ਪੁਲਸ ਜਵਾਨਾਂ ਦੀ ਹੱਤਿਆ ਪਿੱਛੇ ਪਾਕਿਸਤਾਨ ਦਾ ਹੱਥ : ਭਗਵੰਤ ਮਾਨ

Leave a Reply

Your email address will not be published. Required fields are marked *