ਥਾਣਾ-ਏ ਡਵੀਜ਼ਨ ਅੰਮ੍ਰਿਤਸਰ ਵਿਖੇ ਤਾਇਨਾਤ ਸੀ ਏ.ਐਸ.ਆਈ. ਤਲਵਿੰਦਰ ਸਿੰਘ
ਅੰਮ੍ਰਿਤਸਰ, 19 ਸਤੰਬਰ : ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਹ ਇੱਕ ਹੋਟਲ ਦੀ ਦੇਖਭਾਲ ਕਰ ਰਿਹਾ ਹੈ ਅਤੇ ਪੁਲਿਸ ਵੱਲੋਂ ਹੋਟਲ ਵਿਰੁੱਧ ਮਾਮਲਾ ਦਰਜ ਕਰਕੇ ਮੋਬਾਈਲ ਫੋਨ ਤੇ ਡੀ.ਵੀ.ਆਰ. ਜ਼ਬਤ ਕੀਤੇ ਗਏ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਫੋਨ ਅਤੇ ਡੀ.ਵੀ.ਆਰ. ਵਾਪਸ ਲੈਣ ਲਈ ਉਕਤ ਏ.ਐਸ.ਆਈ. ਨੂੰ ਮਿਲਿਆ ਅਤੇ ਉਕਤ ਏ.ਐਸ.ਆਈ. ਨੇ ਇਸ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਬਾਅਦ ਵਿੱਚ ਉਹ 30,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ। ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 16000 ਰੁਪਏ ਨਕਦ ਪ੍ਰਾਪਤ ਕੀਤੇ ਅਤੇ ਬਾਕੀ 14,000 ਰੁਪਏ ਕਿਸ਼ਤਾਂ ਵਿੱਚ ਲੈਣ ਲਈ ਸਹਿਮਤ ਹੋ ਗਿਆ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ, ਅੰਮ੍ਰਿਤਸਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਏ.ਐਸ.ਆਈ. ਤਲਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Read More : ਸ਼ਹੀਦੀ ਨਗਰ ਕੀਰਤਨ ਦਾ ਛੱਤੀਸਗੜ੍ਹ ਪੁੱਜਣ ’ਤੇ ਹੋਇਆ ਭਰਵਾਂ ਸਵਾਗਤ