ਪਰਿਵਾਰ ਨੇ ਸਟਾਫ ਉੱਪਰ ਲਗਾਏ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼; ਪੁਲਿਸ ਵੱਲੋਂ ਜਾਂਚ ਸ਼ੁਰੂ
ਗੋਇੰਦਵਾਲ ਸਾਹਿਬ, 20 ਫਰਵਰੀ : ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਰੀਜ਼ਨਲ ਸੈਂਟਰ ਗੋਇੰਦਵਾਲ ਸਾਹਿਬ ਵਿਖੇ ਪੜ੍ਹ ਰਹੀ ਬੀ. ਐੱਸ. ਸੀ. ਦੀ ਇਕ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰਨ ਦਾ ਅਤਿ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਖੁਸ਼ਪ੍ਰੀਤ ਕੌਰ (21) ਪੁੱਤਰੀ ਅਮਰੀਕ ਸਿੰਘ, ਵਾਸੀ ਧੂਰਕੋਟ (ਲੁਧਿਆਣਾ) ਵਜੋਂ ਹੋਈ ਹੈ। ਖੁਸ਼ਪ੍ਰੀਤ ਕੌਰ ਬੀ. ਐੱਸ. ਸੀ. ਦੇ 5ਵੇਂ ਸਮੈਸਟਰ ਦੀ ਵਿਦਿਆਰਥਣ ਸੀ ਅਤੇ ਕਾਲਜ ਦੇ ਹੋਸਟਲ ਵਿੱਚ ਹੀ ਰਹਿ ਰਹੀ ਸੀ।
ਲੜਕੀ ਦੇ ਮਾਤਾ-ਪਿਤਾ ਨੇ ਯੂਨੀਵਰਸਿਟੀ ਪ੍ਰਬੰਧਕਾਂ ’ਤੇ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਬੇਟੀ ਨੂੰ ਪਿਛਲੇ ਕੁੱਝ ਮਹੀਨਿਆਂ ਤੋਂ ਇੱਕ ਕਲਾਸ ਟੀਚਰ ਵੱਲੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਨ੍ਹਾਂ ਮੁਤਾਬਕ ਪ੍ਰਿੰਸੀਪਲ ਨੂੰ ਇਸ ਦੀ ਸ਼ਿਕਾਇਤ ਕੀਤੀ ਗਈ ਸੀ, ਪਰ ਕੋਈ ਸੁਣਵਾਈ ਨਹੀਂ ਹੋਈ। ਪਰਿਵਾਰ ਨੇ ਪੁਲਿਸ ਨੂੰ ਖੁਸ਼ਪ੍ਰੀਤ ਦੀ ਵਟਸਐਪ ਚੈਟਿੰਗ ਵੀ ਦਿਖਾਈ ਹੈ, ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਇੱਕ ਅਧਿਆਪਕਾ ਅਤੇ ਕੁੱਝ ਦੋਸਤਾਂ ਨੂੰ ਜ਼ਿੰਮੇਵਾਰ ਦੱਸਿਆ ਹੈ।
ਦੂਜੇ ਪਾਸੇ, ਕਾਲਜ ਦੀ ਪ੍ਰਿੰਸੀਪਲ ਚਰਨਜੀਤ ਕੌਰ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸਟਾਫ ਦਾ ਵਿਦਿਆਰਥੀਆਂ ਨਾਲ ਰਵੱਈਆ ਹਮੇਸ਼ਾ ਦੋਸਤਾਨਾ ਰਹਿੰਦਾ ਹੈ। ਉਨ੍ਹਾਂ ਪਰਿਵਾਰ ਵੱਲੋਂ ਲਗਾਏ ਗਏ ਅਰੋਪਾਂ ਨੂੰ ਗਲਤ ਕਰਾਰ ਦਿੱਤਾ ਹੈ।
ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।
Read More : ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ
