Chief Minister Bhagwant Singh

ਮੱਧ ਪੂਰਬ ਦੀ ਜੰਗ ‘ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਭਗਵੰਤ ਮਾਨ ਨੇ ਕੇਂਦਰ ਨੂੰ ਕੀਤੀ ਅਪੀਲ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵੀ ਕੀਤੀ ਮੁਲਾਕਾਤ; ਪੰਜਾਬ ਸਰਕਾਰ ਨੇ 24×7 ਕੰਟਰੋਲ ਰੂਮ ਨੰਬਰ ਕੀਤੇ ਜਾਰੀ

ਚੰਡੀਗੜ੍ਹ, 4 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਅਸ਼ਾਂਤ ਮੱਧ ਪੂਰਬ ‘ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਅਚਾਨਕ ਸ਼ੁਰੂ ਹੋਈ ਜੰਗ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਬਾਰੇ ਸਾਰਾ ਅੰਕੜਾ ਅਤੇ ਡਾਟਾ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਦੱਸਿਆ ਕਿ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਵੀ ਕੇਂਦਰੀ ਮੰਤਰੀ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਹੈ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਅਰਬ ਦੇਸ਼ਾਂ ਤੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਵਿਸ਼ੇਸ਼ ਉਡਾਣਾਂ ਸਮੇਤ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ। ਮੁੱਖ ਮੰਤਰੀ ਨੇ ਸਾਰੇ ਸਬੰਧਤ ਵਿਅਕਤੀਆਂ ਦੀ ਸੂਚੀ ਸੰਪਰਕ ਨੰਬਰਾਂ ਸਮੇਤ ਸਾਂਝੀ ਕਰ ਦਿੱਤੀ ਹੈ।

ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਐਨਆਰਆਈ ਵਿੰਗ ਦੇ 24×7 ਕੰਟਰੋਲ ਰੂਮ ਨੰਬਰਾਂ: 0172-2260042, 0172-2260043, ਜਾਂ ਵਟਸਐਪ ਨੰਬਰ 91 94787-79112 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਅਤੇ ਦੇਸ਼ ਦੀ ਏਕਤਾ-ਅਖੰਡਤਾ ਦੀ ਰੱਖਿਆ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਹੈ। ਇਹ ਮੰਦਭਾਗਾ ਹੈ ਕਿ ਅਚਾਨਕ ਜੰਗ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀ ਉੱਥੇ ਫਸ ਗਏ ਹਨ। ਉਨ੍ਹਾਂ ਕਿਹਾ ਕਿ ਡਾ. ਰਵਜੋਤ ਸਿੰਘ ਨੂੰ ਕੇਂਦਰ ਸਰਕਾਰ ‘ਤੇ ਦਬਾਅ ਪਾਉਣ ਲਈ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਪੰਜਾਬੀਆਂ ਨੂੰ ਵਤਨ ਵਾਪਸ ਲਿਆਉਣ ਲਈ ਕੋਈ ਕਸਰ ਨਾ ਛੱਡੀ ਜਾਵੇ।

ਭਗਵੰਤ ਸਿੰਘ ਮਾਨ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਇੱਕਜੁੱਟਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ, ਨੌਜਵਾਨਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਉਮੀਦ ਜਤਾਈ ਕਿ ਭਾਰਤ ਸਰਕਾਰ ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਜਲਦੀ ਹੀ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰੇਗੀ।

Read More : ਸਬਾ ਸ਼ਾਲ ਬਣੀ ਸ੍ਰੀਨਗਰ ਸੈਂਟਰਲ ਜੇਲ੍ਹ ਦੀ ਪਹਿਲੀ ਮਹਿਲਾ ਸੁਪਰੀਟੈਂਡੈਂਟ

Leave a Reply

Your email address will not be published. Required fields are marked *