ਬੀਬੀ ਪਰਮਜੀਤ ਕੌਰ ਲਾਂਡਰਾਂ

ਬੀਬੀ ਪਰਮਜੀਤ ਕੌਰ ਲਾਂਡਰਾਂ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ

ਸੁਖਬੀਰ ਬਾਦਲ ਨੇ ਕਰਵਾਈ ‘ਘਰ ਵਾਪਸੀ’; ਅਕਾਲੀ ਦਲ (ਪੁਨਰ-ਸੁਰਜੀਤ) ਨੂੰ ਲੱਗਿਆ ਵੱਡਾ ਸਿਆਸੀ ਝਟਕਾ

ਚੰਡੀਗੜ੍ਹ, 8 ਅਪ੍ਰੈਲ : ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਪ੍ਰਮੁੱਖ ਮਹਿਲਾ ਆਗੂ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਖ਼ੁਦ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਇਸ ਵਾਪਸੀ ਨੂੰ ਅਕਾਲੀ ਦਲ ਲਈ ਵੱਡੀ ਮਜ਼ਬੂਤੀ ਦੱਸਿਆ।

ਬੀਬੀ ਲਾਂਡਰਾਂ, ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਹਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਹਿ ਚੁੱਕੇ ਹਨ, ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਵਿਜ਼ਨ ਕਮੇਟੀ ਦੇ ਮੈਂਬਰ ਵਜੋਂ ਸੇਵਾ ਨਿਭਾ ਰਹੇ ਸਨ। ਉਨ੍ਹਾਂ ਦੀ ਵਾਪਸੀ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਤਜਰਬੇਕਾਰ ਅਤੇ ਵਫ਼ਾਦਾਰ ਨੇਤਾਵਾਂ ਦੇ ਨਾਲ ਆਉਣ ਨਾਲ ਪਾਰਟੀ ਦੀ ਤਾਕਤ ਵਧੇਗੀ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਥ ਅਤੇ ਪੰਜਾਬ ਵਿਰੁੱਧ ਸਾਜ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਨੂੰ ਪਛਾਣ ਕੇ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋਣ।

ਇਸ ਮੌਕੇ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਭਰੋਸਾ ਦਿੱਤਾ ਕਿ ਉਹ 2027 ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਦੂਜੇ ਪਾਸੇ, ਵਿਜ਼ਨ ਕਮੇਟੀ ਦੇ ਅਹਿਮ ਮੈਂਬਰ ਦਾ ਇਸ ਤਰ੍ਹਾਂ ਪਾਰਟੀ ਛੱਡਣਾ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਲਈ ਇੱਕ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ।

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਹੀ ਸਿਆਸੀ ਪਾਰਟੀਆਂ ਵਿੱਚ ਜੋੜ-ਤੋੜ ਦਾ ਸਿਲਸਿਲਾ ਤੇਜ਼ ਹੋ ਗਿਆ ਹੈ। ਮਾਹਰਾਂ ਅਨੁਸਾਰ ਬੀਬੀ ਲਾਂਡਰਾਂ ਦੀ ਇਹ ‘ਘਰ ਵਾਪਸੀ’ ਅਕਾਲੀ ਦਲ ਦੇ ਆਧਾਰ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਿੱਧ ਹੋਵੇਗੀ।

Read More : ਗੁਰਦਾਸਪੁਰ ‘ਚ ਵੱਡਾ ਹਾਦਸਾ: ਤੇਜ਼ ਰਫ਼ਤਾਰ ਬੱਸ ਕਾਰ ਉੱਪਰ ਪਲਟੀ

Leave a Reply

Your email address will not be published. Required fields are marked *