ਅਨੁਸੂਚਿਤ-ਜਾਤੀਆਂ-ਨੂੰ-ਵਜ਼ੀਫ਼ੇ

ਮਾਨ ਸਰਕਾਰ ਦੀ ਵੱਡੀ ਪ੍ਰਾਪਤੀ : ਵਜ਼ੀਫ਼ਾ ਵੰਡਣ ‘ਚ ਪੰਜਾਬ ਦੇਸ਼ ਭਰ ‘ਚੋਂ ਦੂਜੇ ਨੰਬਰ ‘ਤੇ

10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ; ਡਾ. ਬਲਜੀਤ ਕੌਰ ਵੱਲੋਂ ITI ਸਿਖਿਆਰਥੀਆਂ ਨੂੰ ਟੂਲ ਕਿੱਟਾਂ ਦੀ ਵੰਡ

ਮੋਹਾਲੀ, 26 ਮਾਰਚ : ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਵਿਦਿਅਕ ਸਸ਼ਕਤੀਕਰਨ ਦੇ ਖੇਤਰ ਵਿੱਚ ਇਤਿਹਾਸਕ ਮੱਲ ਮਾਰੀ ਹੈ। ਪੰਜਾਬ ਹੁਣ ਅਨੁਸੂਚਿਤ ਜਾਤੀਆਂ ਅਤੇ ਹੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ ਪਹੁੰਚ ਗਿਆ ਹੈ। ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਲਗਭਗ 10 ਲੱਖ ਵਿਦਿਆਰਥੀਆਂ ਨੇ ਆਪਣੀ ਪਸੰਦ ਦੇ ਖੇਤਰਾਂ ਵਿੱਚ ਸਿੱਖਿਆ ਹਾਸਲ ਕਰਕੇ ਨਵੀਆਂ ਉਚਾਈਆਂ ਨੂੰ ਛੂਹਿਆ ਹੈ।

ਮੋਹਾਲੀ ਦੇ ਕਾਲਕਟ ਭਵਨ ਵਿਖੇ ਛੇ ਜ਼ਿਲ੍ਹਿਆਂ ਲਈ ਕਰਵਾਏ ਗਏ ਟੂਲ ਕਿੱਟ ਵੰਡ ਸਮਾਰੋਹ ਦੌਰਾਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਈ.ਟੀ.ਆਈ. ਸਿਖਿਆਰਥੀਆਂ ਨੂੰ ਟੂਲ ਕਿੱਟਾਂ ਅਤੇ ਐਸ.ਸੀ. ਵਿਦਿਆਰਥੀਆਂ ਨੂੰ ਮੁਫ਼ਤ ਪਾਠ-ਪੁਸਤਕਾਂ ਦੇਣ ਦੀ ਯੋਜਨਾ 100 ਫੀਸਦੀ ਪੰਜਾਬ ਸਰਕਾਰ ਵੱਲੋਂ ਫੰਡਡ ਹੈ। ਪਹਿਲੇ ਪੜਾਅ ਵਿੱਚ ਐਸ.ਏ.ਐਸ. ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇ ਵਿਦਿਆਰਥੀਆਂ ਨੂੰ ਕਵਰ ਕਰਦਿਆਂ ਕੁੱਲ 1506 ਸਿਖਿਆਰਥੀ ਲਾਭ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਪਹਿਲਾਂ ਘੱਟ ਗਿਣਤੀ ਸਕਾਲਰਸ਼ਿਪ ਸਿਰਫ਼ ਦੋ ਜ਼ਿਲ੍ਹਿਆਂ ਤੱਕ ਸੀ, ਜਿਸ ਨੂੰ ਹੁਣ ਸਾਰੇ ਪੰਜਾਬ ਵਿੱਚ ਲਾਗੂ ਕਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਅੰਬੇਡਕਰ ਦੇ ਆਦਰਸ਼ਾਂ ਅਤੇ ਸਿੱਖ ਧਰਮ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਜਾਤ-ਪਾਤ ਦੇ ਵਿਤਕਰੇ ਨੂੰ ਖਤਮ ਕਰਨ ਅਤੇ ਕਮਜ਼ੋਰ ਵਰਗਾਂ ਨੂੰ ਆਰਥਿਕ ਤੌਰ ‘ਤੇ ਉੱਚਾ ਚੁੱਕਣ ਲਈ ਵਚਨਬੱਧ ਹੈ। ਸਮਾਗਮ ਵਿੱਚ ਮੌਜੂਦ ਵਿਧਾਇਕ ਕੁਲਵੰਤ ਸਿੰਘ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਸਵੈ-ਨਿਰਭਰਤਾ ਵੱਲ ਵੱਡਾ ਕਦਮ ਦੱਸਿਆ।

ਇਸ ਮੌਕੇ ਪ੍ਰਮੁੱਖ ਸਕੱਤਰ ਵੀ. ਕੇ. ਮੀਨਾ ਨੇ ਵਿਭਾਗ ਦੀਆਂ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ, ਜਦਕਿ ਡਾਇਰੈਕਟਰ ਵਿੰਮੀ ਭੁੱਲਰ ਨੇ ਆਏ ਹੋਏ ਪਤਵੰਤਿਆਂ ਦਾ ਸਵਾਗਤ ਕੀਤਾ। ਏ.ਡੀ.ਸੀ. ਸੋਨਮ ਚੌਧਰੀ ਨੇ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਯੋਜਨਾਵਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਹੇਠਲੇ ਪੱਧਰ ਤੱਕ ਪਹੁੰਚਾਏਗਾ।

Read More : FIR ਕਾਪੀ ਲਈ 80 ਰੁਪਏ ਵਸੂਲਣ ਦਾ ਫੈਸਲਾ ਰੱਦ

Leave a Reply

Your email address will not be published. Required fields are marked *