ਜਨਰਲ ਸਕੱਤਰ ਮੱਖਣ ਬਰਾੜ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
ਮੋਗਾ, 4 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਨੂੰ ਅੱਜ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੇ ਜਨਰਲ ਸਕੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ।
ਆਪਣੇ ਅਸਤੀਫ਼ੇ ਦੌਰਾਨ ਮੱਖਣ ਬਰਾੜ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਪੰਥਕ ਜਥੇਬੰਦੀਆਂ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕੇਂਦਰੀ ਤਾਕਤਾਂ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇੱਕ ਸੋਚੀ-ਸਮਝੀ ਰਣਨੀਤੀ ਤਹਿਤ ਪੰਥ ਨੂੰ ਕਮਜ਼ੋਰ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਬਰਾੜ ਨੇ ਮਨਪ੍ਰੀਤ ਸਿੰਘ ਇਯਾਲੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਜਦੋਂ ਵੀ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਗੱਲ ਹੁੰਦੀ ਸੀ ਤਾਂ ਉਹ ਚੁੱਪ ਰਹਿੰਦੇ ਸਨ, ਪਰ ਪਾਰਟੀ ਵਿਰੁੱਧ ਬਿਆਨਬਾਜ਼ੀ ਕਰਨ ਵੇਲੇ ਹਮੇਸ਼ਾ ਅੱਗੇ ਆਉਂਦੇ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ‘ਤੇ ਵੀ ਤਿੱਖੇ ਹਮਲੇ ਕੀਤੇ। ਬਰਾੜ ਨੇ ਦੋਸ਼ ਲਾਇਆ ਕਿ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਾਂ ਵਰਤ ਕੇ ਪੰਥ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਉਹ ਉਹੀ ਬੋਲਦੇ ਹਨ ਜੋ ਉਨ੍ਹਾਂ ਨੂੰ ਦਿੱਲੀ ਤੋਂ ਨਿਰਦੇਸ਼ ਮਿਲਦੇ ਹਨ।
ਮੱਖਣ ਬਰਾੜ ਨੇ ਅੰਤ ਵਿੱਚ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਪੰਥ ਦੀ ਅਦਾਲਤ ਵਿੱਚ ਸਾਰਾ ਸੱਚ ਸਭ ਦੇ ਸਾਹਮਣੇ ਰੱਖਣਗੇ। ਉਨ੍ਹਾਂ ਦੇ ਇਸ ਅਸਤੀਫ਼ੇ ਨੇ ਇਲਾਕੇ ਦੀ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ।
Read More : ਰਾਘਵ ਚੱਢਾ ਨੇ ਵੀਡੀਓ ਜਾਰੀ ਕਰਕੇ ਪਾਰਟੀ ਦੇ ਦੋਸ਼ਾਂ ਨੂੰ ਦੱਸਿਆ ਝੂਠ
