Harbhajan Singh ETO

ਸੜਕੀ ਨੈੱਟਵਰਕ ਲਈ 5,440 ਕਰੋੜ ਰੁਪਏ ਦਾ ਵੱਡਾ ਬਜਟ : ਮੰਤਰੀ ਹਰਭਜਨ ਈ.ਟੀ.ਓ.

ਕਿਹਾ-ਸੜਕਾਂ ਅਤੇ ਪੁਲਾਂ ਦੇ ਬੁਨਿਆਦੀ ਢਾਂਚੇ ਲਈ ਬਜਟ ਹੋਇਆ ਦੁੱਗਣਾ

ਚੰਡੀਗੜ੍ਹ, 8 ਮਾਰਚ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਸਰਕਾਰ ਵੱਲੋਂ ਵਿੱਤੀ ਵਰ੍ਹੇ 2026-2027 ਲਈ ਪੇਸ਼ ਕੀਤੇ ਬਜਟ ਦੀ ਭਰਪੂਰ ਸ਼ਲਾਘਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਸੜਕਾਂ, ਪੁਲਾਂ ਅਤੇ ਜਨਤਕ ਇਮਾਰਤਾਂ ਦੀ ਉਸਾਰੀ ਤੇ ਰੱਖ-ਰਖਾਅ ਲਈ ਬਜਟ ਵਧਾ ਕੇ 5,440 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਹ ਰਾਸ਼ੀ ਵਿੱਤੀ ਸਾਲ 2025-26 ਦੇ ਬਜਟ ਅਨੁਮਾਨਾਂ ਨਾਲੋਂ ਲਗਭਗ ਦੁੱਗਣੀ ਹੈ, ਜੋ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਲੋਕ ਨਿਰਮਾਣ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਵਿੱਤੀ ਸਾਲ 2026-27 ਦੌਰਾਨ 2,570 ਕਿਲੋਮੀਟਰ ਲੰਬੀਆਂ ਸੜਕਾਂ ਦੇ ਅਪਗ੍ਰੇਡੇਸ਼ਨ ਲਈ 1500 ਕਰੋੜ ਰੁਪਏ ਖਰਚੇ ਜਾਣਗੇ। ਇਸ ਤੋਂ ਇਲਾਵਾ, ਚੱਲ ਰਹੇ 31 ਪੁਲਾਂ ਨੂੰ ਨੇਪਰੇ ਚਾੜ੍ਹਨ ਅਤੇ ਨਵੇਂ ਪੁਲਾਂ ਦੇ ਨਿਰਮਾਣ ਲਈ 130 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਕੇਂਦਰੀ ਸੜਕ ਅਤੇ ਬੁਨਿਆਦੀ ਢਾਂਚਾ ਫੰਡ ਤਹਿਤ 100 ਕਿਲੋਮੀਟਰ ਸੜਕਾਂ ਅਤੇ 06 ਰੇਲਵੇ ਓਵਰ ਬ੍ਰਿਜਾਂ/ਅੰਡਰ ਬ੍ਰਿਜਾਂ ਲਈ 300 ਕਰੋੜ ਰੁਪਏ ਦਾ ਪ੍ਰਸਤਾਵ ਹੈ।

ਹਰਭਜਨ ਸਿੰਘ ਈ. ਟੀ. ਓ. ਮੁਤਾਬਕ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (PMGSY-III) ਦੇ ਤਹਿਤ ਵਿੱਤੀ ਸਾਲ 2025-26 ਵਿੱਚ 500 ਕਿਲੋਮੀਟਰ ਪੇਂਡੂ ਸੜਕਾਂ ਮੁਕੰਮਲ ਹੋਣ ਦੀ ਉਮੀਦ ਹੈ। ਅਗਲੇ ਵਿੱਤੀ ਸਾਲ 2026-27 ਵਿੱਚ ਇਸ ਸਕੀਮ ਅਧੀਨ 400 ਕਰੋੜ ਰੁਪਏ ਦੀ ਲਾਗਤ ਨਾਲ ਹੋਰ 400 ਕਿਲੋਮੀਟਰ ਸੜਕਾਂ ਨੂੰ ਅਪਗ੍ਰੇਡ ਕਰਨ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕੀ ਨੈੱਟਵਰਕ ਤਿਆਰ ਹੋਵੇਗਾ।

ਇਸ ਮੌਕੇ ਮੰਤਰੀ ਨੇ ਔਰਤਾਂ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਅਤੇ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਨਾਲ ਸੂਬੇ ਦੀਆਂ ਮਹਿਲਾਵਾਂ ਨੂੰ ਸਹੀ ਅਰਥਾਂ ਵਿੱਚ ਆਰਥਿਕ ਆਜ਼ਾਦੀ ਦਾ ਅਹਿਸਾਸ ਹੋਵੇਗਾ।

Read More : ਲੁਟੇਰਿਆਂ ਨੇ ਬੈਂਕ ਦਾ ਏ.ਟੀ.ਐੱਮ. ਕੱਟ ਕੇ 6 ਲੱਖ ਰੁਪਏ ਲੁੱਟੇ

Leave a Reply

Your email address will not be published. Required fields are marked *