5 ਸਾਲ ਪੁਰਾਣੇ ਮਾਮਲੇ ਦੀ ਅਗਲੀ ਸੁਣਵਾਈ ਹੁਣ 5 ਮਾਰਚ ਨੂੰ ਹੋਵੇਗੀ
ਚੰਡੀਗੜ੍ਹ, 24 ਫਰਵਰੀ : ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਅਤੇ ਪੁਲਿਸ ਨਾਲ ਹੱਥੋਪਾਈ ਕਰਨ ਦੇ ਪੰਜ ਸਾਲ ਪੁਰਾਣੇ ਮਾਮਲੇ ਵਿੱਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਇਸ ਮਾਮਲੇ ਵਿੱਚ ਅੱਜ ਅਦਾਲਤ ਵੱਲੋਂ ਦੋਸ਼ ਤੈਅ ਕੀਤੇ ਜਾਣੇ ਸਨ, ਪਰ ਮਜੀਠੀਆ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਡਿਸਚਾਰਜ ਪਟੀਸ਼ਨ (ਕੇਸ ਵਿੱਚੋਂ ਨਾਂ ਹਟਾਉਣ ਦੀ ਅਰਜ਼ੀ) ਦਾਇਰ ਕਰ ਦਿੱਤੀ ਗਈ।
ਬਚਾਅ ਪੱਖ ਦੇ ਵਕੀਲ ਰਾਜੇਸ਼ ਕੁਮਾਰ ਰਾਏ ਨੇ ਅਦਾਲਤ ਨੂੰ ਦੱਸਿਆ ਕਿ ਇਸੇ ਮਾਮਲੇ ਨੂੰ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹਿਲਾਂ ਹੀ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ‘ਤੇ ਜਲਦ ਸੁਣਵਾਈ ਹੋਣ ਦੀ ਉਮੀਦ ਹੈ। ਉਨ੍ਹਾਂ ਇਹ ਵੀ ਹਵਾਲਾ ਦਿੱਤਾ ਕਿ ਇਸੇ ਕੇਸ ਵਿੱਚ ਨਾਮਜ਼ਦ ਹੋਰ ਆਗੂਆਂ, ਡਾ. ਦਲਜੀਤ ਸਿੰਘ ਚੀਮਾ ਅਤੇ ਮਹੇਸ਼ ਇੰਦਰ ਸਿੰਘ ਗਰੇਵਾਲ ਵਿਰੁੱਧ ਦਰਜ ਐੱਫ.ਆਈ.ਆਰ. ਹਾਈ ਕੋਰਟ ਪਹਿਲਾਂ ਹੀ ਰੱਦ ਕਰ ਚੁੱਕੀ ਹੈ। ਬਚਾਅ ਪੱਖ ਦਾ ਦਾਅਵਾ ਹੈ ਕਿ ਪੁਲਿਸ ਕੋਲ ਮਜੀਠੀਆ ਵਿਰੁੱਧ ਕੋਈ ਠੋਸ ਸਬੂਤ ਨਹੀਂ ਹੈ।
ਜ਼ਿਕਰਯੋਗ ਹੈ ਕਿ ਸਾਲ 2021 ਵਿੱਚ ਚੰਡੀਗੜ੍ਹ ਦੇ ਸੈਕਟਰ-3 ਥਾਣੇ ਦੀ ਪੁਲਿਸ ਨੇ 23 ਅਕਾਲੀ ਆਗੂਆਂ ਵਿਰੁੱਧ ਕੇਸ ਦਰਜ ਕੀਤਾ ਸੀ। ਪੁਲਿਸ ਦਾ ਇਲਜ਼ਾਮ ਹੈ ਕਿ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਇਨ੍ਹਾਂ ਆਗੂਆਂ ਨੇ ਬੈਰੀਕੇਡ ਤੋੜੇ ਸਨ ਅਤੇ ਡਿਊਟੀ ‘ਤੇ ਤਾਇਨਾਤ ਪੁਲਿਸ ਅਧਿਕਾਰੀਆਂ ਨਾਲ ਉਲਝੇ ਸਨ। ਸੀ.ਜੀ.ਐੱਮ. ਅਦਾਲਤ ਨੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 5 ਮਾਰਚ ਦੀ ਤਰੀਕ ਤੈਅ ਕੀਤੀ ਹੈ।
Read More : ਪਾਕਿਸਤਾਨੀ ਵਿਚ ਬਿਨਾਂ ਐੱਲ.ਐੱਲ.ਬੀ. ਡਿਗਰੀ ਦੇ 30 ਸਾਲ ਜੱਜ ਰਿਹਾ ਵਿਅਕਤੀ
