ਅਗਲੀ ਸੁਣਵਾਈ 3 ਜਨਵਰੀ ਹੋਵੇਗੀ
ਮੋਹਾਲੀ, 23 ਦਸੰਬਰ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ’ਚ ਪੇਸ਼ੀ ਹੋਈ। ਉਨ੍ਹਾਂ ਨੂੰ ਨਾਭਾ ਜੇਲ੍ਹ ਪ੍ਰਸ਼ਾਸਨ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।
ਇਸ ਦੌਰਾਨ ਅਦਾਲਤ ’ਚ ਸਰਕਾਰੀ ਧਿਰ ਵੱਲੋਂ ਪ੍ਰੀਤ ਇੰਦਰ ਪਾਲ ਸਿੰਘ ਵਿਸ਼ੇਸ਼ ਸਰਕਾਰੀ ਵਕੀਲ ਜਦਕਿ ਬਿਕਰਮ ਸਿੰਘ ਮਜੀਠੀਆ ਵੱਲੋਂ ਐਡਵੋਕੇਟ ਐੱਚ.ਐੱਸ.ਧਨੋਆ ਪੇਸ਼ ਹੋਏ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 3 ਜਨਵਰੀ 2026 ਦੀ ਤਰੀਕ ਨਿਸ਼ਚਿਤ ਕੀਤੀ ਗਈ ਹੈ। ਇਸ ਮਾਮਲੇ ’ਚ ਦੋਸ਼ ਤੈਅ ਕਰਨ ਲਈ 3 ਜਨਵਰੀ ਨੂੰ ਦੋਵਾਂ ਧਿਰਾਂ ’ਚ ਬਹਿਸ ਹੋਣ ਦੀ ਵੀ ਸੰਭਾਵਨਾ ਹੈ।
ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 25 ਜੂਨ ਨੂੰ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਦੀ ਧਾਰਾ 13(1)(ਬੀ) ਤੇ 13(2) ਤਹਿਤ ਪੁਲਸ ਸਟੇਸ਼ਨ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1 ਮੋਹਾਲੀ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਸੀ ਅਤੇ ਬਾਅਦ ’ਚ ਇਸ ਮਾਮਲੇ ’ਚ ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਅਤੇ ਮਜੀਠੀਆ ਦੇ ਨਜ਼ਦੀਕੀ ਹਰਪ੍ਰੀਤ ਸਿੰਘ ਗੁਲਾਟੀ ਨੂੰ ਨਾਮਜ਼ਦ ਕਰ ਕੇ ਗੁਲਾਟੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਸੀ।
Read More : ਸ਼ਰਾਬ ਫੈਕਟਰੀ ’ਚ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਅੱਗ
