ਚੰਡੀਗੜ੍ਹ, 17 ਜਨਵਰੀ : ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਕਾਂਗਰਸ ਆਗੂਆਂ ਵੱਲੋਂ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਛੇੜਛਾੜ ਵਾਲੇ ਵੀਡੀਓ ਨਾਲ ਸਬੰਧਤ ਮਾਮਲੇ ’ਚ ਅਦਾਲਤ ਦੁਆਰਾ ਫੋਰੈਂਸਿਕ ਰਿਪੋਰਟ ਦੇ ਆਧਾਰ ‘ਤੇ ਜਾਰੀ ਕੀਤੇ ਹੁਕਮਾਂ ‘ਤੇ ਸ਼ੱਕ ਪ੍ਰਗਟਾ ਕੇ ਜਨਤਾ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕਰਨ ਦਾ ਦੋਸ਼ ਲਾਇਆ ਹੈ।
‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਪੁਲਸ ਦੀ ਫਾਰੈਂਸਿਕ ਰਿਪੋਰਟ ‘ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਉਠਾਏ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਇਹ ਮੁੱਦਾ ਹੁਣ ਸਿਆਸੀ ਅਸਹਿਮਤੀ ਤੋਂ ਕਿਤੇ ਅੱਗੇ ਵਧ ਚੁੱਕਾ ਹੈ ਤੇ ਇਹ ਸਿੱਧੇ ਤੌਰ ‘ਤੇ ਅਦਾਲਤੀ ਹੁਕਮਾਂ ਨੂੰ ਚੁਣੌਤੀ ਦੇਣ ਦੇ ਬਰਾਬਰ ਹੈ।
ਉਨ੍ਹਾਂ ਕਿਹਾ ਕਿ ਅਦਾਲਤ ਨੇ ਸਟੇਟ ਫਾਰੈਂਸਿਕ ਸਾਇੰਸ ਲੈਬਾਰਟਰੀ ਵੱਲੋਂ ਪੇਸ਼ ਕੀਤੀਆਂ ਫੋਰੈਂਸਿਕ ਰਿਪੋਰਟਾਂ ਦੀ ਜਾਂਚ ਕਰਨ ਤੋਂ ਬਾਅਦ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਵਾਇਰਲ ਹੋਈ ਵੀਡੀਓ ਨਾਲ ਛੇੜਛਾੜ ਕੀਤੀ ਗਈ ਸੀ ਤੇ ਅਸਲ ਆਡੀਓ ’ਚ ਕੋਈ ਵੀ ਇਤਰਾਜ਼ਯੋਗ ਸ਼ਬਦ ਮੌਜੂਦ ਨਹੀਂ ਸੀ। ਇਸੇ ਸਿੱਟੇ ਦੇ ਆਧਾਰ ‘ਤੇ ਅਦਾਲਤ ਨੇ ਵੀਡੀਓ ਨੂੰ ਹਟਾਉਣ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਬਲਾਕ ਕਰਨ ਦੇ ਹੁਕਮ ਦਿੱਤੇ ਸਨ।
ਉਨ੍ਹਾਂ ਕਿਹਾ ਕਿ ਅਦਾਲਤ ਦੇ ਸਾਹਮਣੇ ਰੱਖੇ ਗਏ ਫੋਰੈਂਸਿਕ ਨਤੀਜਿਆਂ ‘ਤੇ ਸਵਾਲ ਉਠਾਉਣਾ ਕਿਸੇ ਸਿਆਸੀ ਪਾਰਟੀ ਜਾਂ ਸਰਕਾਰ ‘ਤੇ ਸਵਾਲ ਉਠਾਉਣਾ ਨਹੀਂ ਹੈ। ਇਹ ਅਦਾਲਤ ਦੇ ਫ਼ੈਸਲੇ ‘ਤੇ ਸਵਾਲ ਚੁੱਕਣਾ ਹੈ। ਇਕ ਵਾਰ ਜਦੋਂ ਅਦਾਲਤ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਤਾਂ ਉਸ ਦੇ ਨਤੀਜਿਆਂ ਤੋਂ ਇਨਕਾਰ ਕਰਨਾ ਸਿਆਸਤ ਨਹੀਂ ਸਗੋਂ ਕਾਨੂੰਨ ਦੇ ਸ਼ਾਸਨ ਦੀ ਮਾਣਹਾਨੀ ਹੈ।
ਉਨ੍ਹਾਂ ਨੇ ਪਰਗਟ ਸਿੰਘ ਅਤੇ ਸੁਨੀਲ ਜਾਖੜ ਨੂੰ ਸਲਾਹ ਦਿੱਤੀ ਕਿ ਸਿਆਸੀ ਸਹੂਲਤਾਂ ਦੀ ਪਰਵਾਹ ਕੀਤੇ ਬਿਨਾਂ ਨਿਆਂਇਕ ਸੰਸਥਾਵਾਂ ਦਾ ਸਤਿਕਾਰ ਕੀਤਾ ਜਾਵੇ ਤੇ ਅਦਾਲਤੀ ਫ਼ੈਸਲਿਆਂ ਨੂੰ ਸਵੀਕਾਰ ਕੀਤਾ ਜਾਵੇ।
Read More : ਇਮੀਗ੍ਰੇਸ਼ਨ ਏਜੰਟ ਤੋਂ ਫਿਰੌਤੀ ਮੰਗਣ ਵਾਲਾ ਪੁਲਸ ਮੁਕਾਬਲੇ ’ਚ ਜ਼ਖਮੀ
