ਅਮਨ ਅਰੋੜਾ

ਕੇਜਰੀਵਾਲ ਵਿਰੁੱਧ ਸਾਜ਼ਿਸ਼ ਰਚਣ ਲਈ ਭਾਜਪਾ ਦੇਸ਼ ਤੋਂ ਮੁਆਫ਼ੀ ਮੰਗੇ : ਅਮਨ ਅਰੋੜਾ

“ਸੱਚਾਈ ਨੂੰ ਦਬਾਇਆ ਜਾ ਸਕਦਾ ਹੈ, ਪਰ ਹਰਾਇਆ ਨਹੀਂ”; ਅਦਾਲਤੀ ਫੈਸਲੇ ਤੋਂ ਬਾਅਦ ‘ਆਪ’ ਪੰਜਾਬ ਪ੍ਰਧਾਨ ਨੇ ਕੇਂਦਰ ‘ਤੇ ਸਾਧੇ ਤਿੱਖੇ ਨਿਸ਼ਾਨੇ

ਚੰਡੀਗੜ੍ਹ, 28 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਇੱਕ ਅਹਿਮ ਪ੍ਰੈਸ ਕਾਨਫਰੰਸ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ‘ਤੇ ਸਿੱਧਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਥਿਤ ਸ਼ਰਾਬ ਘਪਲੇ ਦੇ ਮਾਮਲੇ ਵਿੱਚ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਹੋਰ ਸਾਥੀਆਂ ਦਾ ਬਰੀ ਹੋਣਾ ਸਿਰਫ਼ ਪਾਰਟੀ ਦੀ ਜਿੱਤ ਨਹੀਂ, ਸਗੋਂ ਭਾਰਤੀ ਨਿਆਂ ਪ੍ਰਣਾਲੀ ਅਤੇ ਸੱਚਾਈ ਦੀ ਵੱਡੀ ਜਿੱਤ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ।

ਅਮਨ ਅਰੋੜਾ ਨੇ ਦਾਅਵਾ ਕੀਤਾ ਕਿ ਅਦਾਲਤ ਦੇ ਫੈਸਲੇ ਨੇ ਭਾਜਪਾ ਵੱਲੋਂ ਕੇਂਦਰੀ ਏਜੰਸੀਆਂ ਰਾਹੀਂ ਘੜੇ ਗਏ ਝੂਠ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਕ ਮੌਜੂਦਾ ਮੁੱਖ ਮੰਤਰੀ ਨੂੰ ਛੇ ਮਹੀਨੇ ਅਤੇ ਦੇਸ਼ ਦੇ ਸਭ ਤੋਂ ਬਿਹਤਰੀਨ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਦੋ ਸਾਲ ਜੇਲ੍ਹ ਵਿੱਚ ਰੱਖਣਾ ਸਿਰਫ਼ ਉਨ੍ਹਾਂ ਦੀ ਵਧਦੀ ਲੋਕਪ੍ਰਿਅਤਾ ਨੂੰ ਰੋਕਣ ਅਤੇ ਸਿਆਸੀ ਤੌਰ ‘ਤੇ ਤਬਾਹ ਕਰਨ ਦੀ ਇੱਕ “ਮਨਘੜਤ ਸਾਜ਼ਿਸ਼” ਸੀ।

‘ਆਪ’ ਪ੍ਰਧਾਨ ਨੇ ਕਿਹਾ ਕਿ ਵਿਸ਼ੇਸ਼ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਵਿੱਚ ਕੋਈ ‘ਪ੍ਰਾਈਮਾ ਫੇਸੀ’ (ਮੁੱਢਲਾ) ਕੇਸ ਨਹੀਂ ਬਣਦਾ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਉਨ੍ਹਾਂ ਅਧਿਕਾਰੀਆਂ ਵਿਰੁੱਧ ਵੀ ਵਿਭਾਗੀ ਜਾਂਚ ਦੇ ਸੰਕੇਤ ਦਿੱਤੇ ਹਨ ਜਿਨ੍ਹਾਂ ਨੇ ਸੀਬੀਆਈ ਰਾਹੀਂ ਇਹ ਝੂਠੀ ਸਾਜ਼ਿਸ਼ ਘੜੀ ਸੀ। ਅਰੋੜਾ ਅਨੁਸਾਰ, ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਮੁੱਖ ਮੰਤਰੀ ਨੂੰ ਸਿਰਫ਼ ਉਸ ਦੀ ਇਮਾਨਦਾਰੀ ਕਾਰਨ ਇੰਨੇ ਭਿਆਨਕ ਤਰੀਕੇ ਨਾਲ ਨਿਸ਼ਾਨਾ ਬਣਾਇਆ ਗਿਆ ਹੋਵੇ।

ਅਮਨ ਅਰੋੜਾ ਨੇ ਸਿੱਧੇ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਜਨਤਕ ਮੁਆਫ਼ੀ ਦੀ ਮੰਗ ਕੀਤੀ। ਉਨ੍ਹਾਂ ਕਿਹਾ, “ਮੋਦੀ ਅਤੇ ਸ਼ਾਹ ਇਸ ਦੇਸ਼ ਦੇ ਲੋਕਾਂ ਦੇ ਕਰਜ਼ਦਾਰ ਹਨ। ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਦੇ ਸਿਆਸੀ ਕਰੀਅਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਲਈ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।”

ਅੰਤ ਵਿੱਚ ਅਮਨ ਅਰੋੜਾ ਨੇ ਕੇਂਦਰ ਸਰਕਾਰ ਨੂੰ ਨਸੀਹਤ ਦਿੱਤੀ ਕਿ ਉਹ “ਬਦਲੇ ਦੀ ਰਾਜਨੀਤੀ” ਛੱਡ ਕੇ ਦੇਸ਼ ਦੇ ਵਿਕਾਸ ਅਤੇ ਸ਼ਾਸਨ ‘ਤੇ ਧਿਆਨ ਕੇਂਦਰਿਤ ਕਰੇ। ਉਨ੍ਹਾਂ ਕਿਹਾ ਕਿ ਝੂਠੇ ਕੇਸਾਂ ਰਾਹੀਂ ਵਿਰੋਧੀਆਂ ਨੂੰ ਦਬਾਉਣ ਦੀ ਬਜਾਏ ਭਾਜਪਾ ਨੂੰ ਆਮ ਲੋਕਾਂ ਦੇ ਅਸਲ ਮੁੱਦਿਆਂ ‘ਤੇ ਕੰਮ ਕਰਨਾ ਚਾਹੀਦਾ ਹੈ।

Read More : ਸਿਹਤ ਮੰਤਰੀ ਨੇ ਪਟਿਆਲਾ ਦੇ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਚੁਕਾਈ ਸਹੁੰ

Leave a Reply

Your email address will not be published. Required fields are marked *