ਸੀ.ਐੱਮ. ਮਾਨ

ਪੰਜਾਬ ਅਤੇ ਨੀਦਰਲੈਂਡ ਦਰਮਿਆਨ ਵਪਾਰਕ ਸਬੰਧਾਂ ਨੂੰ ਮਿਲੇਗਾ ਹੁਲਾਰਾ: ਮੁੱਖ ਮੰਤਰੀ ਮਾਨ ਦਾ ਨਿਵੇਸ਼ਕਾਂ ਨੂੰ ਪੰਜਾਬ ਆਉਣ ਦਾ ਸੱਦਾ

ਹੇਗ ਵਿੱਚ ਨਿਵੇਸ਼ ਰੋਡ ਸ਼ੋਅ ਦੌਰਾਨ ਸੂਬੇ ਦੇ ਉਦਯੋਗਿਕ ਮਾਹੌਲ ਅਤੇ ਵਿਕਾਸ ਨੀਤੀ ਨੂੰ ਉਜਾਗਰ ਕੀਤਾ

ਚੰਡੀਗੜ੍ਹ/ਹੇਗ, 21 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਵਪਾਰਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਗਲੋਬਲ ਪਹੁੰਚ ਜਾਰੀ ਰੱਖੀ ਹੈ। ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਆਰਥਿਕ ਸਹਿਯੋਗ ਨੂੰ ਹੁਲਾਰਾ ਦੇਣ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਡੂੰਘਾ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਨੀਦਰਲੈਂਡਜ਼ ਇੰਡੀਆ ਚੈਂਬਰ ਆਫ਼ ਕਾਮਰਸ ਐਂਡ ਟਰੇਡ ਦੀ ਚੇਅਰਪਰਸਨ ਮਿਸ ਐਡਿਥ ਨੋਰਡਮੈਨ ਦੀ ਅਗਵਾਈ ਹੇਠ ਰਣਨੀਤਕ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਅਤੇ ਨੀਦਰਲੈਂਡ ਵਿਚਕਾਰ ਦੁਵੱਲੇ ਵਪਾਰਕ ਸਬੰਧਾਂ ਨੂੰ ਵਧਾਉਣ ਅਤੇ ਨਿਵੇਸ਼ ਪ੍ਰਵਾਹ ਨੂੰ ਉਤਸ਼ਾਹਿਤ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਨੇ ਫੂਡ ਪ੍ਰੋਸੈਸਿੰਗ, ਨਿਰਮਾਣ ਖੇਤਰ ਅਤੇ ਬਰਾਮਦ ਆਧਾਰਤ ਵਿਕਾਸ ਵਿੱਚ ਪੰਜਾਬ ਦੇ ਰਣਨੀਤਕ ਫੋਕਸ ਬਾਰੇ ਜਾਣਕਾਰੀ ਦਿੱਤੀ ਅਤੇ ਐਨ.ਆਈ.ਸੀ.ਸੀ.ਟੀ. ਨੂੰ ਪੰਜਾਬੀ ਉੱਦਮਾਂ ਨਾਲ ਜੋੜਨ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

ਹੇਗ ਵਿੱਚ ਆਯੋਜਿਤ ਨਿਵੇਸ਼ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਨੇ ਨੀਦਰਲੈਂਡ ਦੇ ਉਦਯੋਗਪਤੀਆਂ ਅਤੇ ਵਪਾਰਕ ਪ੍ਰਤੀਨਿਧੀਆਂ ਸਾਹਮਣੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ ਅਤੇ ਉਦਯੋਗਿਕ ਸ਼ਕਤੀਆਂ ਦਾ ਪ੍ਰਦਰਸ਼ਨ ਕੀਤਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਦੀ ‘ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026’ ਦੇਸ਼ ਵਿੱਚ ਸਭ ਤੋਂ ਵੱਧ ਮੁਕਾਬਲੇ ਵਾਲੀ ਹੈ। ਉਨ੍ਹਾਂ ਨੇ ‘ਫਾਸਟ ਟਰੈਕ ਪੰਜਾਬ ਪੋਰਟਲ’ ਰਾਹੀਂ ਸਿੰਗਲ-ਵਿੰਡੋ ਕਲੀਅਰੈਂਸ ਅਤੇ ਸਮਾਂਬੱਧ ਪ੍ਰਵਾਨਗੀਆਂ ਦੀ ਪ੍ਰਭਾਵਸ਼ੀਲਤਾ ਬਾਰੇ ਵੀ ਚਾਨਣਾ ਪਾਇਆ।

ਮੁੱਖ ਮੰਤਰੀ ਨੇ ਵਿਸ਼ਵ ਭਰ ਦੇ ਨਿਵੇਸ਼ਕਾਂ ਨੂੰ ‘ਪੰਜਾਬ ਵਿੱਚ ਆਓ, ਨਿਵੇਸ਼ ਕਰੋ ਅਤੇ ਅੱਗੇ ਵਧੋ’ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਨਿਰਵਿਘਨ ਨਿਵੇਸ਼ਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਡੱਚ ਕੰਪਨੀਆਂ ਨੂੰ ਪੰਜਾਬ ਵਿੱਚ ਨਵੇਂ ਨਿਵੇਸ਼ ਲਈ ਵਿਚਾਰ ਕਰਨ ਲਈ ਪ੍ਰੇਰਿਤ ਕੀਤਾ।

ਇੱਕ ਭਾਈਚਾਰਕ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਪਰਵਾਸੀ ਪੰਜਾਬੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੰਜਾਬ ਦੀ ਵਿਕਾਸ ਯਾਤਰਾ ਵਿੱਚ ਅਹਿਮ ਭਾਈਵਾਲ ਹਨ। ਉਨ੍ਹਾਂ ਨੀਦਰਲੈਂਡ ਵਿੱਚ ਵਸੇ ਭਾਰਤੀ ਅਤੇ ਪੰਜਾਬੀ ਭਾਈਚਾਰੇ ਦੇ ਸੱਭਿਆਚਾਰਕ ਅਤੇ ਆਰਥਿਕ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸੁਝਾਅ ਵੀ ਮੰਗੇ।

ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਨੀਦਰਲੈਂਡਜ਼ ਵਿੱਚ ਭਾਰਤੀ ਸਫ਼ੀਰ ਕੁਮਾਰ ਤੁਹਿਨ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Read More : SRH ਬਨਾਮ DC: ਦਿੱਲੀ ਨੂੰ 47 ਦੌੜਾਂ ਨਾਲ ਹਰਾ ਕੇ ਹੈਦਰਾਬਾਦ ਨੇ ਕੀਤੀ ਵਾਪਸੀ

Leave a Reply

Your email address will not be published. Required fields are marked *