Dhuri constituency

ਕੈਬਨਿਟ ਮੰਤਰੀ ਚੀਮਾ ਨੇ ਧੂਰੀ ਹਲਕੇ ਤੋਂ ਮੁਆਵਜ਼ਾ ਵੰਡਣ ਦੀ ਕੀਤੀ ਸ਼ੁਰੂਆਤ

ਜ਼ਿਲਾ ਸੰਗਰੂਰ ਦੇ ਹੜ੍ਹ ਪੀੜਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਧੂਰੀ, 15 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ’ਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ, ਜਿਸ ’ਚੋਂ ਜ਼ਿਲਾ ਸੰਗਰੂਰ ਦੇ ਹੜ੍ਹ ਪੀੜਤਾਂ ਨੂੰ 3.50 ਕਰੋੜ ਰੁਪਏ ਵੰਡੇ ਜਾਣਗੇ। ਅੱਜ ਹਲਕਾ ਧੂਰੀ ਦੇ 8 ਹੜ੍ਹ ਪੀੜਤ ਪਰਿਵਾਰਾਂ ਨੂੰ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਨਜ਼ੂਰੀ ਪੱਤਰ ਵੰਡ ਕੇ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਭਰ ਦੇ 13 ਕੈਬਨਿਟ ਮੰਤਰੀ ਮਿਸ਼ਨ ਪੁਨਰਵਾਸ ਤਹਿਤ ਰਾਹਤ ਰਾਸ਼ੀ ਵੰਡਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਅਜਨਾਲਾ ’ਚ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ।

ਹਰਪਾਲ ਚੀਮਾ ਕਿਹਾ ਕਿ ਦੇਸ਼ ’ਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਲੋਕਾਂ ਦੇ ਹਰ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਭਾਰੀ ਮੀਂਹ ਅਤੇ ਹੜ੍ਹ ਕਾਰਨ ਸੂਬੇ ਭਰ ’ਚ ਵੱਡੀ ਪੱਧਰ ਉੱਤੇ ਫਸਲਾਂ ਖ਼ਰਾਬ ਹੋ ਗਈਆਂ ਸਨ। ਕਈ ਲੋਕਾਂ ਦੇ ਘਰ ਅਤੇ ਹੋਰ ਇਮਾਰਤਾਂ ਢਹਿ ਗਈਆਂ ਸਨ। ਹਰੇਕ ਪ੍ਰਭਾਵਿਤ ਪਰਿਵਾਰ ਨੂੰ ਹੋਏ ਨੁਕਸਾਨ ਦੀ ਪੜਤਾਲ ਉਪਰੰਤ ਰਾਹਤ ਰਾਸ਼ੀ ਦਿੱਤੀ ਜਾਵੇਗੀ।

ਇਹ ਵੀ ਪਹਿਲੀ ਵਾਰ ਹੈ ਕਿ ਨੁਕਸਾਨੇ ਗਏ ਹਰੇਕ ਘਰ ਨੂੰ 40 ਹਜ਼ਾਰ ਰੁਪਏ ਮਿਲਣਗੇ, ਜਦਕਿ ਪਹਿਲਾਂ ਸਿਰਫ਼ 4 ਹਜ਼ਾਰ ਰੁਪਏ ਮਿਲਦੇ ਸਨ। ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਮਿਲਣਗੇ। ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਸਹਿਯੋਗ ਨਾਲ ਪੂਰੀ ਤਾਕਤ ਝੋਕ ਕੇ ਹੜ੍ਹਾਂ ਦਾ ਮੁਕਾਬਲਾ ਕੀਤਾ ਹੈ।

ਇਸ ਤੋਂ ਪਹਿਲਾਂ ਰਾਹੁਲ ਚਾਬਾ ਡਿਪਟੀ ਕਮਿਸ਼ਨਰ, ਸੰਗਰੂਰ ਨੇ ਜ਼ਿਲਾ ਸੰਗਰੂਰ ’ਚ ਹੜ੍ਹ ਦਾ ਮੁਕਾਬਲਾ ਕਰਨ ਲਈ ਕੀਤੇ ਗਏ ਯਤਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਪੰਜਾਬ ਸਰਕਾਰ ਦਾ ਇਹ ਮੁਆਵਜ਼ਾ ਰਾਸ਼ੀ ਜਾਰੀ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐੱਸ. ਡੀ. ਐੱਮ. ਰਿਸ਼ਭ ਬਾਂਸਲ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਅਨਵਰ ਭਸੌੜ, ਸੋਨੀ ਮੰਡੇਰ ਅਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

Read More : ਰਾਵੀ ਤੇ ਸਤਲੁਜ ਦਰਿਆਵਾਂ ਨੂੰ ਸਾਫ਼ ਕਰਕੇ ਡੂੰਘਾ ਅਤੇ ਚੌੜਾ ਕੀਤਾ ਜਾਵੇਗਾ : ਚੀਮਾ

Leave a Reply

Your email address will not be published. Required fields are marked *