ਕਿਹਾ-ਕਿਸਾਨਾਂ ਨੂੰ ਮੰਡੀਆਂ ਵਿਚ ਫਸਲ ਵੇਚਣ ਲਈ ਰੁਲਣ ਨਹੀਂ ਦਿੱਤਾ ਜਾਵੇਗਾ
ਦਿੜ੍ਹਬਾ, 14 ਅਕਤੂਬਰ : ਪੰਜਾਬ ਸਰਕਾਰ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਨਾਜ ਮੰਡੀ ਦਿੜ੍ਹਬਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬਾਬਤ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ।
ਚੀਮਾ ਨੇ ਦੱਸਿਆ ਕਿ ਸੀਜ਼ਨ 2025-26 ਦੌਰਾਨ ਹਲਕਾ ਦਿੜ੍ਹਬਾ ਸਮੇਤ ਜ਼ਿਲ੍ਹਾ ਸੰਗਰੂਰ ਵਿਚ ਝੋਨੇ ਦੀ ਕੁਲ 13,54,166 ਮੀਟਰਕ ਟਨ ਆਮਦ ਹੋਣ ਦੀ ਸੰਭਾਵਨਾ ਹੈ। ਹਲਕਾ ਦਿੜ੍ਹਬਾ ਸਮੇਤ ਜ਼ਿਲ੍ਹਾ ਸੰਗਰੂਰ ਵਿਚ ਝੋਨੇ ਦੀ ਖਰੀਦ ਲਈ ਕੁੱਲ 172 ਖਰੀਦ ਕੇਂਦਰ ਘੋਸ਼ਿਤ ਕੀਤੇ ਗਏ ਹਨ। ਬਾਰਦਾਨੇ ਦੀ ਕੋਈ ਕਮੀਂ ਨਹੀਂ ਹੈ।
ਸਰਕਾਰ ਵਲੋਂ ਝੋਨੇ ਵਿਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ। ਲੇਬਰ ਅਤੇ ਢੋਆ ਦੁਆਈ ਦੇ ਪ੍ਰਬੰਧ ਮੁਕੰਮਲ ਹਨ। ਮੰਡੀ ਬੋਰਡ ਵਲੋਂ ਮੰਡੀਆਂ ਵਿੱਚ ਫੜ੍ਹਾਂ ਦੀ ਸਫਾਈ, ਪੀਣ ਦੇ ਪਾਣੀ, ਬਿਜਲੀ, ਛਾਂ, ਨਮੀ ਮਾਪਣ ਵਾਲੇ ਯੰਤਰ ਆਦਿ ਦੇ ਮੁਕੰਮਲ ਪ੍ਰਬੰਧ ਹਨ। ਮੰਡੀਆਂ ਵਿਚੋਂ ਖਰੀਦ ਕੀਤੇ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾਵੇਗੀ ਅਤੇ ਤੈਅ ਸਮੇਂ ਮੁਤਾਬਕ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ।
ਚੀਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਅਤੇ ਸਾਫ਼ ਫਸਲ ਲਿਆਉਣ ਤਾਂ ਜੋ ਉਨ੍ਹਾਂ ਨੂੰ ਨਮੀ ਘਟਣ ਤੱਕ ਮੰਡੀਆਂ ਵਿਚ ਰੁਕਣਾ ਨਾ ਪਵੇ। ਇਸ ਮੌਕੇ ਐੱਸ ਡੀ ਐੱਮ ਦਿੜ੍ਹਬਾ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ, ਪ੍ਰੀਤਮ ਸਿੰਘ ਪੀਤੂ ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ, ਤਪਿੰਦਰ ਸਿੰਘ ਸੋਹੀ ਓ ਐਸ ਡੀ ਵਿੱਤ ਮੰਤਰੀ, ਜਸਵੀਰ ਕੌਰ ਸ਼ੇਰਗਿੱਲ ਚੇਅਰਪਰਸਨ ਮਾਰਕੀਟ ਕਮੇਟੀ ਦਿੜ੍ਹਬਾ, ਸਮੂਹ ਆੜਤੀ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।
Read More : ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ