Cabinet Minister

ਸ਼ਹੀਦ ASI ਗੁਰਨਾਮ ਸਿੰਘ ਦੇ ਪਰਿਵਾਰ ਨੂੰ ਮਿਲੇ ਕੈਬਨਿਟ ਮੰਤਰੀ

ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਅਤੇ ਸਰਕਾਰੀ ਨੌਕਰੀ ਦਾ ਐਲਾਨ

ਕਟਾਰੂਚੱਕ ਅਤੇ ਭੁੱਲਰ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਕੀਤਾ ਸਜਦਾ

ਦੀਨਾਨਗਰ, 1 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨੇ ਅੱਜ ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਜੱਦੀ ਪਿੰਡ ਗਦਰੀਆਂ (ਦੀਨਾਨਗਰ) ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ‘ਆਪ’ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੀ ਮੌਜੂਦ ਸਨ।

ਮੰਤਰੀ ਕਟਾਰੂਚੱਕ ਨੇ ਆਧਿਆ ਚੌਕੀ ‘ਤੇ ਹੋਏ ਹਮਲੇ ਨੂੰ ਕਾਇਰਤਾ ਭਰਿਆ ਕਾਰਾ ਦੱਸਦਿਆਂ ਕਿਹਾ ਕਿ ਸ਼ਹੀਦ ਗੁਰਨਾਮ ਸਿੰਘ ਅਤੇ ਅਸ਼ੋਕ ਕੁਮਾਰ ਦਾ ਕਤਲ ਸਿਰਫ਼ ਪੁਲਿਸ ‘ਤੇ ਨਹੀਂ, ਸਗੋਂ ਪੰਜਾਬ ਦੇ ਸਕੂਨ ‘ਤੇ ਹਮਲਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪਰਿਵਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਸਰਹੱਦ ਪਾਰੋਂ ਹੋ ਰਹੀਆਂ ਸਾਜ਼ਿਸ਼ਾਂ ਦਾ ਜ਼ਿਕਰ ਕਰਦਿਆਂ ਮੰਤਰੀਆਂ ਨੇ ਕਿਹਾ ਕਿ ਪਾਕਿਸਤਾਨ ਦੀ ਖੁਫ਼ੀਆ ਏਜੰਸੀ ISI ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਵਿੱਚ ਹੈ, ਪਰ ਅਜਿਹੀਆਂ ਨਫ਼ਰਤ ਭਰੀਆਂ ਭਾਵਨਾਵਾਂ ਨੂੰ ਕਦੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦੁਸ਼ਮਣ ਦੇਸ਼ਾਂ ਦੇ ਜਾਲ ਵਿੱਚ ਨਾ ਫਸਣ।

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਸਾਰੇ ਦੋਸ਼ੀਆਂ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਦੋਵਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਅਤੇ ਪਰਿਵਾਰ ਦੇ ਯੋਗ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਇਸ ਦੌਰਾਨ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਹ ਪਾਰਟੀਆਂ ਸਿਰਫ਼ ਰਾਜਨੀਤੀ ਕਰ ਰਹੀਆਂ ਹਨ ਅਤੇ ਪੁਲਿਸ ਦਾ ਮਨੋਬਲ ਡੇਗਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਵਿਧਾਇਕ ਸ਼ੈਰੀ ਕਲਸੀ ਨੇ ਸਵਾਲ ਚੁੱਕਿਆ ਕਿ ਜਦੋਂ ਪੁਲਿਸ ਦੋਸ਼ੀਆਂ ਨੂੰ ਫੜਦੀ ਹੈ ਤਾਂ ਵਿਰੋਧੀ ਆਗੂ ਸ਼ਲਾਘਾ ਕਰਨ ਦੀ ਬਜਾਏ ਚੁੱਪ ਕਿਉਂ ਹੋ ਜਾਂਦੇ ਹਨ? ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

Read More : ਧਰਮ ਯੁੱਧ ਮੋਰਚੇ ਦੇ ਸਮਰਥਨ ’ਚ ਸੋਮਵਾਰ ਨੂੰ ਰਹੇਗਾ ‘ਸਮਾਣਾ ਬੰਦ’

Leave a Reply

Your email address will not be published. Required fields are marked *