ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ
ਗੁਰਦਾਸਪੁਰ, 10 ਅਕਤੂਬਰ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਕੈਬਨਿਟ ਟੀਮ ਨੇ ਅੱਜ ਗੁਰਦਾਸਪੁਰ ਵਿਖੇ ਜ਼ਿਲਾ ਪ੍ਰਸ਼ਾਸਨ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਰੋਹਾਂ ਲਈ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦੀ ਸਮੇਂ-ਸਿਰ ਪੂਰੇ ਕਰਨ ਲਈ ਹੁਕਮ ਜਾਰੀ ਕੀਤੇ।
ਹਰਜੋਤ ਸਿੰਘ ਬੈਂਸ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਤਰੁਣਪ੍ਰੀਤ ਸਿੰਘ ਸੌਂਦ ਅਤੇ ਟੂਰਿਜ਼ਮ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਮਿਲ ਕੇ ਗੁਰਦਾਸਪੁਰ ਵਿਖੇ ਵੱਖ-ਵੱਖ ਮੀਟਿੰਗਾਂ ਦੌਰਾਨ ਤਿਆਰੀਆਂ ਦੀ ਸਮੀਖਿਆ ਕੀਤੀ।
ਮੰਤਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਈ ਮਹੀਨਿਆਂ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਟੱਲ ਸਿਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਯਾਲਾ ਜੀ ਦੀ ਅਦੁੱਤੀਅ ਸ਼ਹੀਦੀ ਨੂੰ ਯੋਗ ਸ਼ਰਧਾਂਜਲੀ ਦੇਣ ਲਈ ਵਿਆਪਕ ਤਿਆਰੀ ਕਰ ਰਹੀ ਹੈ।
ਮੀਟਿੰਗ ਦੌਰਾਨ ਸ. ਬੈਂਸ ਨੇ ਦੋਵੇਂ ਡਿਪਟੀ ਕਮਿਸ਼ਨਰ ਅਤੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬੁਨਿਆਦੀ ਢਾਂਚੇ, ਸਫਾਈ, ਰੋਸ਼ਨੀ, ਸੰਗਤ ਦੇ ਟਿਕਾਣੇ, ਟਰੈਫਿਕ ਅਤੇ ਸੁਰੱਖਿਆ ਨਾਲ ਸਬੰਧਤ ਸਾਰੇ ਪ੍ਰਬੰਧ ਸਮੇਂ ਤੋਂ ਪਹਿਲਾਂ ਪੂਰੇ ਕਰ ਲਏ ਜਾਣ। ਉਨ੍ਹਾਂ ਨੇ ਧਾਰਮਿਕ ਸੰਸਥਾਵਾਂ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਨਾਲ ਨਿਕਟ ਸਹਿਯੋਗ ਬਣਾਈ ਰੱਖਣ ਲਈ ਵੀ ਕਿਹਾ ਤਾਂ ਜੋ ਸਾਰੇ ਸਮਾਗਮ ਸ਼ਾਂਤੀਪੂਰਵਕ ਅਤੇ ਸ਼ਰਧਾ ਨਾਲ ਆਯੋਜਿਤ ਹੋਣ।
ਉਨ੍ਹਾਂ ਦੱਸਿਆ ਕਿ ਚਾਰ ਵੱਡੇ ਨਗਰ ਕੀਰਤਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ੁਰੂ ਹੋਣਗੇ ਅਤੇ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਕੱਠੇ ਹੋਣਗੇ। ਪਹਿਲਾ ਨਗਰ ਕੀਰਤਨ 19 ਨਵੰਬਰ ਨੂੰ ਸ੍ਰੀਨਗਰ ਤੋਂ ਸ਼ੁਰੂ ਹੋ ਕੇ ਜੰਮੂ, ਪਠਾਨਕੋਟ ਤੇ ਹੋਸ਼ਿਆਰਪੁਰ ਰਾਹੀਂ ਲੰਘੇਗਾ; ਦੂਜਾ ਗੁਰਦਾਸਪੁਰ ਤੋਂ ਸ਼ੁਰੂ ਹੋ ਕੇ ਬਟਾਲਾ, ਬਾਬਾ ਬਕਾਲਾ ਤੇ ਅੰਮ੍ਰਿਤਸਰ ਰਾਹੀਂ; ਤੀਜਾ ਫਰੀਦਕੋਟ ਤੋਂ ਫਿਰੋਜ਼ਪੁਰ, ਲੁਧਿਆਣਾ ਅਤੇ ਸ੍ਰੀ ਫਤੇਹਗੜ੍ਹ ਸਾਹਿਬ ਰਾਹੀਂ; ਅਤੇ ਚੌਥਾ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਬਠਿੰਡਾ, ਸੰਘਰੂਰ, ਪਟਿਆਲਾ ਅਤੇ ਮੋਹਾਲੀ ਰਾਹੀਂ ਲੰਘੇਗਾ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਵਿਖੇ ਕੀਰਤਨ ਦਰਬਾਰ ਅਤੇ ਲਾਈਟ ਐਂਡ ਸਾਊਂਡ ਸ਼ੋਅ ਆਯੋਜਿਤ ਕੀਤੇ ਜਾਣਗੇ ਜੋ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਸ਼ਹੀਦੀ ਨੂੰ ਪ੍ਰਗਟ ਕਰਨਗੇ। ਇਸ ਤਰ੍ਹਾਂ ਦੇ ਸ਼ੋਅ 1 ਤੋਂ 18 ਨਵੰਬਰ ਤੱਕ ਸੂਬੇ ਦੇ ਸਾਰੇ 23 ਜ਼ਿਲਿਆਂ ’ਚ ਕੀਤੇ ਜਾਣਗੇ। ਗੁਰੂ ਕੇ ਮਹਲ (ਗੁਰੂ ਸਾਹਿਬ ਦੇ ਜਨਮ ਸਥਾਨ) ਅਤੇ ਨੇੜਲੇ ਵਿਰਾਸਤੀ ਥਾਵਾਂ ਦੀ ਸੁੰਦਰਤਾ ਲਈ ਕੰਮ ਜਾਰੀ ਹੈ।
ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਵਿਧਾਇਕ ਡੇਰਾ ਬਾਬਾ ਨਾਨਕ, ਸੰਜੇ ਤਿਵਾੜੀ ਡਾਇਰੈਕਟਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ, ਦਲਜਿੰਦਰ ਸਿੰਘ, ਆਦਿੱਤਿਆ ਐੱਸ. ਐੱਸ. ਪੀ. ਗੁਰਦਾਸਪੁਰ, ਸੁਹੇਲ ਕਾਸਿਮ ਮੀਰ ਐੱਸ. ਐੱਸ. ਪੀ. ਬਟਾਲਾ ਅਤੇ ਪ੍ਰਮੁੱਖ ਸਖਸੀਅਤਾਂ ਮੌਜੂਦ ਸਨ।
Read More : ਫਿਲੀਪੀਨਜ਼ ਵਿਚ 10 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ ਭੂਚਾਲ