ਹਰਜੋਤ ਬੈਂਸ, ਬਰਿੰਦਰ ਗੋਇਲ ਅਤੇ ਬਲਤੇਜ ਪੰਨੂ ਨੇ ਭਾਜਪਾ ਸਰਕਾਰ ਦੀ ਕੀਤੀ ਸਖ਼ਤ ਨਿਖੇਧੀ; ਕਿਹਾ— ਪੰਜਾਬ ਦੇ ਪਾਣੀਆਂ ਅਤੇ ਸਾਧਨਾਂ ‘ਤੇ ਕਬਜ਼ਾ ਕਰਨ ਦੀ ਰਚੀ ਜਾ ਰਹੀ ਹੈ ਸਾਜ਼ਿਸ਼
ਚੰਡੀਗੜ੍ਹ, 15 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੀਬੀਐਮਬੀ ਅਧਿਕਾਰੀਆਂ ਦੀ ਨਿਯੁਕਤੀ ਦੇ ਨਿਯਮਾਂ ਵਿੱਚ ਤਾਜ਼ਾ ਸੋਧ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨੂੰ ਕਮਜ਼ੋਰ ਕਰਨ ਅਤੇ ਇਸ ਦੇ ਹੱਕਾਂ ਨੂੰ ਖੋਹਣ ਦਾ ਕੋਈ ਵੀ ਮੌਕਾ ਹੱਥੋਂ ਨਹੀਂ ਜਾਣ ਦੇਣਾ ਚਾਹੁੰਦੀ। ‘ਆਪ’ ਆਗੂਆਂ ਨੇ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਸਪੱਸ਼ਟ ਤੌਰ ‘ਤੇ ਪੰਜਾਬ ਦੇ ਹਰ ਪਹਿਲੂ ‘ਤੇ ਕਬਜ਼ਾ ਕਰਨ ਦੇ ਇਰਾਦੇ ਨੂੰ ਦਰਸਾਉਂਦੀਆਂ ਹਨ।
‘ਆਪ’ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਬੀਐਮਬੀ ਨਿਯਮਾਂ ਵਿੱਚ ਕੀਤੀਆਂ ਸੋਧਾਂ ਨੂੰ ਪੰਜਾਬ ਦੇ ਹੱਕਾਂ ਅਤੇ ਦੇਸ਼ ਦੇ ਸੰਘੀ ਢਾਂਚੇ ‘ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਜਿਹਾ ਫੈਸਲਾ ਸੰਵਿਧਾਨ ਦੇ ਨਿਰਮਾਤਾ ਡਾ. ਬੀਆਰ ਅੰਬੇਡਕਰ ਦੇ ਜਨਮ ਦਿਹਾੜੇ ‘ਤੇ ਲਿਆ ਗਿਆ ਹੈ, ਜਿਨ੍ਹਾਂ ਨੇ ਇੱਕ ਮਜ਼ਬੂਤ ਸੰਘੀ ਢਾਂਚੇ ਦੀ ਕਲਪਨਾ ਕੀਤੀ ਸੀ।
ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਅਧਿਕਾਰੀ ਦੀ ਨਿਯੁਕਤੀ ਦੀ ਲਾਜ਼ਮੀ ਵਿਵਸਥਾ ਨੂੰ ਖਤਮ ਕਰਨਾ ਸਥਾਨਕ ਮਹਾਰਤ ਨੂੰ ਕਮਜ਼ੋਰ ਕਰਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਖੇਤਰੀ ਸਮਝ ਤੋਂ ਬਿਨਾਂ ਬਾਹਰੋਂ ਅਧਿਕਾਰੀਆਂ ਨੂੰ ਲਿਆਉਣ ਨਾਲ ਜੋਖਮ ਵਧ ਸਕਦੇ ਹਨ ਅਤੇ ਪੰਜਾਬ ਦੇ ਭਾਜਪਾ ਆਗੂਆਂ ਨੂੰ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ।
‘ਆਪ’ ਮੰਤਰੀ ਬਰਿੰਦਰ ਗੋਇਲ ਨੇ ਇਸ ਨੂੰ ਪੰਜਾਬ ਦੇ ਅਧਿਕਾਰਾਂ ਵਿੱਚ ਦਖ਼ਲਅੰਦਾਜ਼ੀ ਅਤੇ ਮਹੱਤਵਪੂਰਨ ਸਰੋਤਾਂ ਨੂੰ ਕੰਟਰੋਲ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਦੱਸਿਆ। ਉਨ੍ਹਾਂ ਕਿਹਾ ਕਿ 1974 ਤੋਂ ਇੱਕ ਸਪੱਸ਼ਟ ਵਿਵਸਥਾ ਸੀ ਜਿੱਥੇ ਮੈਂਬਰ (ਪਾਵਰ) ਪੰਜਾਬ ਤੋਂ ਅਤੇ ਮੈਂਬਰ (ਸਿੰਚਾਈ) ਹਰਿਆਣਾ ਤੋਂ ਹੁੰਦਾ ਸੀ, ਪਰ ਕੇਂਦਰ ਨੇ ਹੁਣ ਹੇਰਾਫੇਰੀ ਅਤੇ “ਚਲਾਕ ਸ਼ਬਦਾਵਲੀ” ਵਰਤ ਕੇ ਆਪਣੀ ਪਸੰਦ ਦੇ ਮੈਂਬਰਾਂ ਦੀ ਨਿਯੁਕਤੀ ਲਈ ਦਰਵਾਜ਼ਾ ਖੋਲ੍ਹ ਦਿੱਤਾ ਹੈ।
ਗੋਇਲ ਨੇ ਡੈਮਾਂ ‘ਤੇ ਸੀਆਈਐਸਐਫ ਦੀ ਤਾਇਨਾਤੀ ਦਾ ਵੀ ਹਵਾਲਾ ਦਿੱਤਾ, ਜਿਸ ਨਾਲ ਸੂਬੇ ‘ਤੇ ਵਿੱਤੀ ਬੋਝ ਵਧਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਅਤੇ ਪੰਜਾਬ ਦੇ ਲੋਕ ਪਾਣੀਆਂ ਦੀ ਕੋਈ ਲੁੱਟ ਨਹੀਂ ਹੋਣ ਦੇਣਗੇ।
ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਜਿਹੜੀਆਂ ਅਹਿਮ ਪੋਸਟਾਂ ਪਹਿਲਾਂ ਪੰਜਾਬ ਦੀਆਂ ਸਨ, ਉਨ੍ਹਾਂ ਨੂੰ ਹੁਣ “ਓਪਨ” ਕਰ ਦਿੱਤਾ ਗਿਆ ਹੈ। ਉਨ੍ਹਾਂ ਸਵਾਲ ਉਠਾਇਆ ਕਿ ਇੱਕ ਪਾਸੇ ਭਾਜਪਾ ਪੰਜਾਬ ਵਿੱਚ ਚੋਣਾਂ ਲੜਨ ਦੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਸੂਬੇ ਦੇ ਹਿੱਤਾਂ ਦਾ ਗਲਾ ਘੁੱਟ ਰਹੀ ਹੈ।
ਉਨ੍ਹਾਂ ਕਿਹਾ ਕਿ ਚਾਹੇ ਪਾਣੀ ਦਾ ਮੁੱਦਾ ਹੋਵੇ, ਪੰਜਾਬ ਯੂਨੀਵਰਸਿਟੀ ਹੋਵੇ ਜਾਂ ਚੰਡੀਗੜ੍ਹ, ਕੇਂਦਰ ਹਰ ਚੀਜ਼ ‘ਤੇ ਆਪਣਾ ਕੰਟਰੋਲ ਚਾਹੁੰਦਾ ਹੈ। ਪੰਨੂ ਨੇ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਭਾਜਪਾ ਦੀਆਂ ਇਨ੍ਹਾਂ ਚਾਲਾਂ ਨੂੰ ਸਮਝਦੇ ਹਨ ਅਤੇ ‘ਆਪ’ ਹਰ ਮੋਰਚੇ ‘ਤੇ ਦ੍ਰਿੜਤਾ ਨਾਲ ਖੜ੍ਹੀ ਰਹੇਗੀ।
Read More : CSK ਬਨਾਮ KKR : ਚੇਨਈ ਸੁਪਰ ਕਿੰਗਜ਼ ਦਾ ‘ਚੇਪੌਕ’ ‘ਚ ਦਬਦਬਾ ਬਰਕਰਾਰ
