ਭਾਜਪਾ ਸਰਕਾਰ ਪੰਜਾਬ ਪੁਨਰਗਠਨ ਐਕਟ ਦੀ ਉਲੰਘਣਾ ਕਰਕੇ ਸੂਬੇ ਦੇ ਸਰੋਤਾਂ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ : ਮੀਡੀਆ ਇੰਚਾਰਜ ‘ਆਪ’
ਚੰਡੀਗੜ੍ਹ, 16 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਹਾਲੀਆ ਬਦਲਾਵਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦਾ ਇਹ ਕਦਮ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਹੜੱਪਣ ਅਤੇ ਸੂਬੇ ਦੇ ਕਾਨੂੰਨੀ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਇੱਕ ਵੱਡੀ ਸਾਜ਼ਿਸ਼ ਹੈ।
ਬਲਤੇਜ ਪੰਨੂ ਨੇ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਨਾਲ ਹਮੇਸ਼ਾ ਅਨਿਆਂ ਹੁੰਦਾ ਰਿਹਾ ਹੈ, ਪਰ ਸੂਬੇ ਦੇ ਲੋਕਾਂ ਨੇ ਹਮੇਸ਼ਾ ਦੁੱਗਣੀ ਤਾਕਤ ਨਾਲ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਨਰਗਠਨ ਐਕਟ 1966 ਅਤੇ 1976 ਵਿੱਚ ਬੀਬੀਐਮਬੀ ਦੇ ਗਠਨ ਸਮੇਂ ਤੈਅ ਹੋਇਆ ਸੀ ਕਿ ਮਹੱਤਵਪੂਰਨ ਅਹੁਦੇ ਪੰਜਾਬ ਲਈ ਰਾਖਵੇਂ ਹੋਣਗੇ, ਪਰ ਹੁਣ ਕੇਂਦਰ ਸਰਕਾਰ ਆਪਣੇ ਅਧਿਕਾਰੀਆਂ ਦੀ ਨਿਯੁਕਤੀ ਕਰਕੇ ਸਿੱਧਾ ਕੰਟਰੋਲ ਹਾਸਲ ਕਰਨਾ ਚਾਹੁੰਦੀ ਹੈ।
ਇਸ ਮੁੱਦੇ ਨੂੰ ਪੰਜਾਬ ਦੇ ਜਲ ਸਰੋਤਾਂ ਦੀ ਲੁੱਟ ਨਾਲ ਜੋੜਦਿਆਂ ਪੰਨੂ ਨੇ ਦੱਸਿਆ ਕਿ ਪਿਛਲੇ ਸਾਲ ਹਰਿਆਣਾ ਨੇ ਆਪਣੇ ਹਿੱਸੇ ਦਾ ਪਾਣੀ ਖਤਮ ਕਰਨ ਤੋਂ ਬਾਅਦ ਵਾਧੂ ਸਪਲਾਈ ਦੀ ਮੰਗ ਕੀਤੀ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਜੇਕਰ ਹਰਿਆਣਾ ਆਪਣੇ ਹਿੱਸੇ ਦੀ ਸਹੀ ਵਰਤੋਂ ਨਹੀਂ ਕਰ ਸਕਿਆ ਤਾਂ ਇਹ ਉਨ੍ਹਾਂ ਦੀ ਗਲਤੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਪਹਿਲਾਂ ਹੀ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਕੀਟਨਾਸ਼ਕਾਂ ਕਾਰਨ ਕੈਂਸਰ ਵਰਗੀਆਂ ਬਿਮਾਰੀਆਂ ਦੀ ਮਾਰ ਝੱਲ ਰਿਹਾ ਹੈ।
ਐਸਵਾਈਐਲ (SYL) ਦੇ ਇਤਿਹਾਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਾਂਗਰਸ ਅਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ। ਪੰਨੂ ਨੇ ਸਾਬਕਾ ਮੁੱਖ ਮੰਤਰੀ ਦਰਬਾਰਾ ਸਿੰਘ ਦੇ ਸਮਝੌਤਿਆਂ, ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਹੋਈ ਜ਼ਮੀਨ ਦੀ ਵੰਡ ਅਤੇ ਇੰਦਰਾ ਗਾਂਧੀ ਵੱਲੋਂ ਨੀਂਹ ਪੱਥਰ ਰੱਖਣ ਦੀਆਂ ਘਟਨਾਵਾਂ ਨੂੰ ਪੰਜਾਬ ਵਿੱਚ ਅਸ਼ਾਂਤੀ ਦਾ ਕਾਰਨ ਦੱਸਿਆ।
ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ ਨੂੰ 22% ਤੋਂ ਵਧਾ ਕੇ 80% ਤੱਕ ਪਹੁੰਚਾ ਦਿੱਤਾ ਹੈ, ਜਿਸ ਨਾਲ ਜ਼ਮੀਨੀ ਪਾਣੀ ਦੇ ਪੱਧਰ ਵਿੱਚ ਸੁਧਾਰ ਹੋ ਰਿਹਾ ਹੈ। ਪੰਨੂ ਨੇ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਰਵਨੀਤ ਬਿੱਟੂ ਵਰਗੇ ਆਗੂਆਂ ਨੂੰ ਸਵਾਲ ਕੀਤਾ ਕਿ ਉਹ ਪੰਜਾਬ ਦੇ ਹਿੱਤਾਂ ਲਈ ਕੇਂਦਰ ਅੱਗੇ ਆਪਣਾ ਸਟੈਂਡ ਸਪੱਸ਼ਟ ਕਰਨ। ਉਨ੍ਹਾਂ ਅੰਤ ਵਿੱਚ ਦੁਹਰਾਇਆ ਕਿ ਪੰਜਾਬ ਸਰਕਾਰ ਆਪਣੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਜਾਣ ਅਤੇ ਹਰ ਪਲੇਟਫਾਰਮ ‘ਤੇ ਲੜਨ ਲਈ ਤਿਆਰ ਹੈ।
Read More : IPL 2026: RCB ਨੇ ਲਖਨਊ ਨੂੰ 5 ਵਿਕਟਾਂ ਨਾਲ ਹਰਾ ਕੇ ਪੁਆਇੰਟਸ ਟੇਬਲ ‘ਚ ਮਾਰੀ ਬਾਜ਼ੀ
