ਅੰਮ੍ਰਿਤਸਰ, 16 ਸਤੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਖੇ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਲਈ ਸਿੱਖ ਜਥੇ ਨੂੰ ਭਾਰਤ ਸਰਕਾਰ ਵੱਲੋਂ ਪ੍ਰਵਾਨਗੀ ਨਾ ਦੇਣਾ ਬੇਹੱਦ ਮੰਦਭਾਗਾ ਤੇ ਨਿਰਾਸ਼ਾਜਨਕ ਫੈਸਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਲਈ ਪਾਵਨ ਗੁਰਧਾਮਾਂ ਦੀ ਯਾਤਰਾ ਧਾਰਮਿਕ ਭਾਵਨਾ ਨਾਲ ਜੁੜੀ ਹੋਈ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ’ਤੇ ਰੁਕਾਵਟ ਨਾਲ ਸਿੱਖ ਸੰਗਤ ਦੇ ਮਨਾਂ ਨੂੰ ਗਹਿਰਾ ਦੁੱਖ ਪਹੁੰਚਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਸਿੱਖ ਵਿਚਾਰਧਾਰਾ ਮਨੁੱਖਤਾ ਨੂੰ ਜੋੜਦੀ ਹੈ ਅਤੇ ਆਪਸੀ ਸਦਭਾਵਨਾ ਸਿਖਾਉਂਦੀ ਹੈ। ਗੁਰੂ ਨਾਨਕ ਸਾਹਿਬ ਜੀ ਦਾ ਸੰਦੇਸ਼ ਹਰੇਕ ਧਰਮ, ਜਾਤ ਅਤੇ ਸਮਾਜ ਦੇ ਲੋਕਾਂ ਨੂੰ ਇਕਤਾ, ਪ੍ਰੇਮ ਅਤੇ ਨਿਮਰਤਾ ਵੱਲ ਪ੍ਰੇਰਿਤ ਕਰਦਾ ਹੈ। ਇਸੇ ਕਾਰਨ ਗੁਰਧਾਮਾਂ ਦੀ ਯਾਤਰਾ ਸਿਰਫ਼ ਧਾਰਮਿਕ ਹੀ ਨਹੀਂ, ਸਗੋਂ ਮਨੁੱਖੀ ਭਾਵਨਾਵਾਂ ਅਤੇ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਦਾ ਸਾਧਨ ਵੀ ਹੈ।
Read More : ਰਾਹੁਲ ਗਾਂਧੀ ਨੂੰ ਮਕੌੜਾ ਪੱਤਣ ’ਤੇ ਰਾਵੀ ਦੇ ਪਾਰ ਪਿੰਡਾਂ ’ਚ ਜਾਣ ਤੋਂ ਰੋਕਿਆ