ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਨੂੰ ਦੱਸਿਆ ਲੋਕਤੰਤਰ ’ਤੇ ਹਮਲਾ
ਸਿੱਖਿਆ, ਕਾਨੂੰਨ ਵਿਵਸਥਾ ਅਤੇ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਸੋਚੀ-ਸਮਝੀ ਸਾਜ਼ਿਸ਼ : ਕਾਂਗਰਸ ਆਗੂ
ਜਲੰਧਰ, 1 ਨਵੰਬਰ :‘ਪੰਜਾਬ ਦਿਵਸ’ ਦੇ ਮੌਕੇ ’ਤੇ ਸਾਬਕਾ ਸਿੱਖਿਆ ਮੰਤਰੀ ਅਤੇ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕੇਂਦਰ ਸਰਕਾਰ ਅਤੇ ਆਰ. ਐੱਸ. ਐੱਸ. ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਹ ਦੋਵੇਂ ਤਾਕਤਾਂ ਮਿਲ ਕੇ ਪੰਜਾਬ ਦੇ ਮੁੱਢਲੇ ਢਾਂਚੇ ਅਤੇ ਅਧਿਕਾਰਾਂ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚ ਰਹੀਆਂ ਹਨ।
ਸਥਾਨਕ ਜ਼ਿਲਾ ਕਾਂਗਰਸ ਭਵਨ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਇਕ ਪਰਗਟ ਿਸੰਘ, ਜਿਨ੍ਹਾਂ ਦੇ ਨਾਲ ਜ਼ਿਲਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਵੀ ਮੌਜੂਦ ਸਨ, ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨਾ ਸਿਰਫ ਇਕ ਪ੍ਰਸ਼ਾਸਨਿਕ ਫੈਸਲਾ ਨਹੀਂ, ਸਗੋਂ ਪੰਜਾਬ ਦੀ ਪਛਾਣ ਅਤੇ ਅਧਿਕਾਰਾਂ ’ਤੇ ਸਿੱਧਾ ਹਮਲਾ ਹੈ।
ਕਾਂਗਰਸ ਆਗੂਆਂ ਨੇ ਕਿਹਾ ਕਿ ਆਰ. ਐੱਸ. ਐੱਸ. ਸਿੱਖਿਆ ਪ੍ਰਣਾਲੀ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਆਰ. ਐੱਸ. ਐੱਸ. ਨਾਲ ਜੁੜੇ ਲੋਕਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ ਤਾਂ ਕਿ ਿਸੱਖਿਆ ਤੰਤਰ ਨੂੰ ਵਿਚਾਰਕ ਰੂਪ ਨਾਲ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਕਦਮ ਗੈਰ-ਸੰਵਿਧਾਨਿਕ ਅਤੇ ਲੋਕਤੰਤਰ ਲਈ ਖਤਰਨਾਕ ਹੈ, ਜਿਸ ਨੂੰ ਕਾਂਗਰਸ ਕਿਸੇ ਵੀ ਕੀਮਤ ’ਤੇ ਮਨਜ਼ੂਰ ਨਹੀਂ ਕਰੇਗੀ ਅਤੇ ਇਸ ’ਤੇ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਵਿਧਾਇਕ ਪਰਗਟ ਸਿੰਘ ਅਤੇ ਰਾਜਿੰਦਰ ਬੇਰੀ ਨੇ ਮੁੱਖ ਮੰਤਰੀ ’ਤੇ ਵੀ ਤਿੱਖੇ ਸ਼ਬਦਾਂ ਵਿਚ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੀ. ਐੱਮ. ਮਾਨ ਦਿੱਲੀ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਹਨ ਅਤੇ ਭਾਜਪਾ ਤੇ ਕੇਜਰੀਵਾਲ ਦੋਵਾਂ ਦੇ ਪ੍ਰਭਾਵ ਹੇਠ ਹਨ। ਉਨ੍ਹਾਂ ਕਿਹਾ ਕਿ ਬੀ. ਬੀ. ਐੱਮ. ਬੀ. ਦੇ ਮੁੱਦੇ ’ਤੇ ਵਾਅਦਾ ਕੀਤਾ ਿਗਆ ਪੰਜਾਬ ਡੈਮ ਸੇਫਟੀ ਐਕਟ ਸਿਰਫ ਜੁਮਲਾ ਬਣ ਕੇ ਰਹਿ ਗਿਆ ਹੈ।
ਕਾਂਗਰਸੀ ਆਗੂਆਂ ਨੇ ਕਾਨੂੰਨ ਵਿਵਸਥਾ ’ਤੇ ਬੋਲਦਿਆਂ ਕਿਹਾ ਕਿ ਪੰਜਾਬ ਵਿਚ ਮੁਜਰਿਮ ਅਤੇ ਪੁਲਸ ਦੋਵੇਂ ਸਰਕਾਰ ਦੇ ਕੰਟਰੋਲ ਵਿਚੋਂ ਬਾਹਰ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਅਜੇ ਵੀ ਨਾ ਜਾਗੀਆਂ ਤਾਂ ਪੰਜਾਬ ਦੀ ਖੁਦਮੁਖਤਿਆਰੀ ਅਤੇ ਸਿੱਖਿਆ ਤੰਤਰ ਪੂਰੀ ਤਰ੍ਹਾਂ ਕੇਂਦਰ ਦੇ ਸ਼ਿਕੰਜਾ ਵਿਚ ਆ ਜਾਣਗੇ। ਵਿਧਾਇਕ ਪਰਗਟ ਸਿੰਘ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਹੱਦਾਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਹੱਕ ਦੀ ਲੜਾਈ ਵਿਚ ਇਕਜੁੱਟ ਹੋਣ।
Read More : 1794 ਵੀਜ਼ੇ ਲੱਗੇ, 4 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਜਥਾ : ਐੱਸ.ਜੀ.ਪੀ.ਸੀ.
