ਸੂਬੇ ਦੀਆਂ 1822 ਮੰਡੀਆਂ ’ਚ ਸਫ਼ਾਈ, ਪੀਣ ਵਾਲੇ ਪਾਣੀ, ਬੈਠਣ ਸਮੇਤ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ : ਹਰਚੰਦ ਬਰਸਟ
ਪਟਿਆਲਾ, 24 ਸਤੰਬਰ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਪਟਿਆਲਾ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਖਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦੇਵੇਗੀ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ।
ਇਸ ਮੌਕੇ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਤਿਆਰ ਹੈ ਅਤੇ ਖਰੀਦ ਕੀਤੇ ਝੋਨੇ ਦੀ ਨਾਲੋ ਨਾਲ ਅਦਾਇਗੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ।
ਸ. ਬਰਸਟ ਨੇ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਪੰਜਾਬ ਮੰਡੀ ਬੋਰਡ ਵੱਲੋਂ 1822 ਖ਼ਰੀਦ ਕੇਂਦਰ ਸਥਾਪਿਤ ਕੀਤੇ ਹਨ, ਜਿਥੇ ਝੋਨੇ ਦੀ ਖਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਹਨ। ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ, ਇਸ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ’ਚ 190 ਲੱਖ ਮੀਟ੍ਰਿਕ ਟਨ (ਐੱਲ. ਐੱਮ. ਟੀ.) ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।
ਇਸ ਮੌਕੇ ਡੀ. ਐੱਫ. ਐੱਸ. ਸੀ. ਡਾ. ਰਵਿੰਦਰ ਕੌਰ ਤੇ ਜ਼ਿਲਾ ਮੰਡੀ ਅਫ਼ਸਰ ਮਨਦੀਪ ਸਿੰਘ, ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਅਤੇ ਨਵੀਂ ਅਨਾਜ ਮੰਡੀ ਪਟਿਆਲਾ ਦੇ ਪ੍ਰਧਾਨ ਇੰਜੀ. ਸਤਵਿੰਦਰ ਸਿੰਘ ਸੈਣੀ, ਐੱਸ. ਡੀ. ਓ. ਸਤਨਾਮ ਸਿੰਘ, ਸੈਕਟਰੀ ਮਾਰਕੀਟ ਕਮੇਟੀ ਪਟਿਆਲਾ ਅਸ਼ਵਨੀ ਮਹਿਤਾ ਸਮੇਤ ਵੱਡੀ ਗਿਣਤੀ ’ਚ ਕਿਸਾਨ ਅਤੇ ਆੜ੍ਹਤੀ ਮੌਜੂਦ ਸਨ।
Read More : ਨੌਸਰਬਾਜ਼ਾਂ ਨੇ ਕੁਝ ਹੀ ਸੈਕਿੰਡਾਂ ’ਚ ਮਾਰੀ 15.50 ਲੱਖਦੀ ਆਨਲਾਈਨ ਠੱਗੀ