ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ ਦੀ ਚਿਤਾਵਨੀ
ਦਿੜ੍ਹਬਾ, 16 ਜਨਵਰੀ : ਜ਼ਿਲਾ ਸੰਗਰੂਰ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਅਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਦਿੜ੍ਹਬਾ ਖੇਤਰ ਦੇ ਵੱਖ-ਵੱਖ ਸਕੂਲਾਂ ਵਿੱਚ ਸਕੂਲ ਬੱਸਾਂ ਦੀ ਵਿਸਤ੍ਰਿਤ ਚੈਕਿੰਗ ਕੀਤੀ ਗਈ। ਇਸ ਦੌਰਾਨ ਸਕੂਲ ਬੱਸਾਂ ਵਿੱਚ ਸਰਕਾਰ ਵੱਲੋਂ ਨਿਰਧਾਰਤ ਸਾਰੇ ਲਾਜ਼ਮੀ ਸੁਰੱਖਿਆ ਮਾਪਦੰਡਾਂ ਜਿਵੇਂ ਕਿ ਲੇਡੀ ਅਟੈਂਡੈਂਟ ਦੀ ਉਪਲਬਧਤਾ, ਫਸਟ ਏਡ ਬਾਕਸ, ਡਰਾਈਵਰ ਦੀ ਯੂਨੀਫਾਰਮ, ਅਤੇ ਬੱਸਾਂ ਦੀ ਸਮੁੱਚੀ ਸੁਰੱਖਿਆ ਸਥਿਤੀ ਦੀ ਜਾਂਚ ਕੀਤੀ ਗਈ।
ਇਸ ਦੌਰਾਨ ਕੁਝ ਸਕੂਲ ਬੱਸਾਂ ਵਿੱਚ ਨਿਯਮਾਂ ਦੀ ਉਲੰਘਣਾ ਸਾਹਮਣੇ ਆਈ। ਇਸ ਮੌਕੇ ਕੁੱਲ ਚਾਰ ਸਕੂਲ ਬੱਸਾਂ ਦੇ ਚਲਾਨ ਕੀਤੇ ਗਏ, ਜਿਨ੍ਹਾਂ ਵਿੱਚੋਂ ਇੱਕ ਬੱਸ ਵਿੱਚ ਡਰਾਈਵਰ ਵੱਲੋਂ ਨਿਰਧਾਰਤ ਯੂਨੀਫਾਰਮ ਨਾ ਪਹਿਨਣ, ਇੱਕ ਬੱਸ ਵਿੱਚ ਲੇਡੀ ਅਟੈਂਡੈਂਟ ਦੀ ਗੈਰਹਾਜ਼ਰੀ, ਅਤੇ ਦੋ ਬੱਸਾਂ ਵਿੱਚ ਫਸਟ ਏਡ ਬਾਕਸ ਮੌਜੂਦ ਨਾ ਹੋਣ ਕਾਰਨ ਚਲਾਨ ਕੀਤੇ ਗਏ। ਇਸ ਦੇ ਨਾਲ ਹੀ ਸਕੂਲ ਪ੍ਰਬੰਧਨਾਂ ਨੂੰ ਪਾਈਆਂ ਗਈਆਂ ਘਾਟਾਂ ਨੂੰ ਤੁਰੰਤ ਪੂਰਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਅਤੇ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ ਦੀ ਚੇਤਾਵਨੀ ਦਿੱਤੀ ਗਈ।
ਇਸ ਮੌਕੇ ਵੱਖ ਵੱਖ ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ ਸਕੂਲ ਬੱਸਾਂ ਦੀ ਨਿਯਮਤ ਚੈਕਿੰਗ ਨਾਲ ਨਾ ਸਿਰਫ਼ ਬੱਚਿਆਂ ਦੀ ਸੁਰੱਖਿਆ ਨੂੰ ਮਜ਼ਬੂਤੀ ਮਿਲਦੀ ਹੈ, ਸਗੋਂ ਸਕੂਲ ਪ੍ਰਬੰਧਕਾਂ ਵਿੱਚ ਵੀ ਹੋਰ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਹੁੰਦੀ ਹੈ। ਪ੍ਰਸ਼ਾਸਨ ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ, ਤਾਂ ਜੋ ਹਰ ਬੱਚਾ ਸੁਰੱਖਿਅਤ ਮਾਹੌਲ ਵਿੱਚ ਸਕੂਲ ਆਉਣ-ਜਾਣ ਕਰ ਸਕੇ।
ਇਸ ਚੈਕਿੰਗ ਮੁਹਿੰਮ ਵਿੱਚ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸੰਗਰੂਰ ਦੀ ਸਾਂਝੀ ਟੀਮ ਵੱਲੋਂ ਸਰਗਰਮ ਭੂਮਿਕਾ ਨਿਭਾਈ ਗਈ। ਟੀਮ ਵਿੱਚ ਰਿਸ਼ਭ ਨਾਗਪਾਲ (ਸਿੱਖਿਆ ਵਿਭਾਗ), ਉਪ-ਨਿਰੀਖਕ ਜਸਵਿੰਦਰ ਸਿੰਘ ਅਤੇ ਸਹਾਇਕ ਉਪ-ਨਿਰੀਖਕ ਸਰਵਣ ਸਿੰਘ (ਪੁਲਿਸ ਵਿਭਾਗ), ਗਗਨਦੀਪ ਗਰਗ (ਸੋਸ਼ਲ ਵਰਕਰ) ਅਤੇ ਰੁਪਿੰਦਰ ਸਿੰਘ (ਆਊਟਰੀਚ ਵਰਕਰ), ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸੰਗਰੂਰ ਸ਼ਾਮਲ ਸਨ।
Read More : ਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਿਤ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ
