ਅੰਮ੍ਰਿਤਸਰ, 5 ਜਨਵਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖ ਵਿਰੋਧੀ ਮਾਨਸਿਕਤਾ ਦੇ ਪ੍ਰਗਟਾਵੇ ਅਤੇ ਸਿੱਖ ਰਹਿਤ ਮਰਿਅਾਦਾ ਦੀ ਉਲੰਘਣਾ ਕਰਨ ਦੇ ਗੰਭੀਰ ਦੋਸ਼ਾਂ ਤਹਿਤ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਤਲਬ ਕੀਤਾ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਣਬੁੱਝ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਅਤੇ ‘ਗੁਰੂ ਕੀ ਗੋਲਕ’ ਦੇ ਸਿਧਾਂਤ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰ ਕੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀਆਂ ਕੁਝ ਅਜਿਹੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿਚ ਉਹ ਸਿੱਖ ਗੁਰੂ ਸਾਹਿਬਾਨ ਅਤੇ ਕੌਮੀ ਸ਼ਹੀਦਾਂ ਦੀਆਂ ਤਸਵੀਰਾਂ ਨਾਲ ਅਤਿ-ਇਤਰਾਜ਼ਯੋਗ ਸਰਗਰਮੀਆਂ ਕਰਦੇ ਨਜ਼ਰ ਆ ਰਹੇ ਹਨ।
ਜਥੇਦਾਰ ਨੇ ਐਲਾਨ ਕੀਤਾ ਕਿ ਇਨ੍ਹਾਂ ਵੀਡੀਓਜ਼ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ ਅਤੇ ਰਿਪੋਰਟ ਸਹੀ ਪਾਏ ਜਾਣ ’ਤੇ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਥੇਦਾਰ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ‘ਪਤਿਤ’ ਹਨ, ਇਸ ਲਈ ਸਿੱਖ ਰਵਾਇਤਾਂ ਅਨੁਸਾਰ ਉਨ੍ਹਾਂ ਨੂੰ ਤਖ਼ਤ ਸਾਹਿਬ ਦੀ ਫ਼ਸੀਲ (ਸਾਹਮਣੇ) ਪੇਸ਼ ਨਹੀਂ ਕੀਤਾ ਜਾ ਸਕਦਾ, ਸਗੋਂ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਸਕੱਤਰੇਤ ਵਿਖੇ ਆਪਣਾ ਪੱਖ ਰੱਖਣ ਲਈ ਸੱਦਿਆ ਗਿਆ ਹੈ।
Read More : ਬੰਗਲਾਦੇਸ਼ ਨੇ ਆਈ.ਪੀ.ਐੱਲ. ਦੇ ਪ੍ਰਸਾਰਣ ’ਤੇ ਲਾਈ ਪਾਬੰਦੀ
