ਕਿਹਾ-ਸੂਬਾ ਸਰਕਾਰ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਸਖ਼ਤ ਨਜ਼ਰ ਰੱਖ ਰਹੀ
ਚੰਡੀਗੜ੍ਹ, 11 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਚੀਫ ਜਸਟਿਸ ‘ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕੀਤੀ ਹੈ | ਭਗਵੰਤ ਮਾਨ ਨੇ ਇਸ ਘਟਨਾ ਨੂੰ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਨਤੀਜਾ ਦੱਸਿਆ ਹੈ |
ਮੁੱਖ ਮੰਤਰੀ ਨੇ ਰਾਜ ਸਭਾ ਲਈ ਉਦਯੋਗਪਤੀ ਰਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਭਗਵਾਂ ਪਾਰਟੀ ਆਪਣੇ ਨਫਰਤ ਭਰੇ ਪ੍ਰਚਾਰ ਰਾਹੀਂ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਲੋਕਾਂ ਦੇ ਹਿੱਤਾਂ ਨੂੰ ਲਗਾਤਾਰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾ ਇਸ ਦਾ ਹੀ ਨਤੀਜਾ ਹੈ।
ਮੁੱਖ ਮੰਤਰੀ ਨੇ ਇਸ ਘਟਨਾ ਨੂੰ ਦੇਸ਼ ਦੀ ਨਿਆਂ ਪ੍ਰਣਾਲੀ ਅਤੇ ਦੇਸ਼ ਦੀ ਫਿਰਕੂ ਸਦਭਾਵਨਾ ਅਤੇ ਭਾਈਚਾਰੇ ਲਈ ਵੀ ਇੱਕ ਗੰਭੀਰ ਖ਼ਤਰਾ ਦੱਸਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਨਾਲ ਆਪਣਾ ਕੰਮ ਕਰਦਿਆਂ ਇਸ ਅਹੁਦੇ ‘ਤੇ ਪਹੁੰਚੇ ਹਨ ਅਤੇ ਇਹ ਘਟਨਾ ਸੱਚਮੁੱਚ ਨਿੰਦਣਯੋਗ ਹੈ।
ਮੁੱਖ ਮੰਤਰੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਸਖ਼ਤ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਸੂਬਾ ਹੋਣ ਕਰਕੇ ਕਈ ਵਿਰੋਧੀ ਤਾਕਤਾਂ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਅਤੇ ਆਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ‘ਚ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਅਜਿਹੇ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ |
ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੱਬਾਂ ਭਾਰ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਸਮੁੱਚੀ ਲੋਕਾਈ ਨੂੰ ਤਿਉਹਾਰਾਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਲੋਕ ਬਿਨਾਂ ਕਿਸੇ ਡਰ-ਭੈਅ ਦੇ ਸਾਰੇ ਤਿਉਹਾਰਾਂ ਨੂੰ ਪੂਰੇ ਰੀਤੀ-ਰਿਵਾਜ਼, ਧਾਰਮਿਕ ਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ।
ਮੁੱਖ ਮੰਤਰੀ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ‘ਚ ਮਿਲਾਵਟਖੋਰੀ ‘ਤੇ ਕਿਹਾ ਕਿ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਇਸ ਦੀ ਜਾਂਚ ਲਈ ਵਿਆਪਕ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ |
ਹੜ੍ਹਾਂ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਸਰਕਾਰ ਦੀ ਕੀਤੀ ਜਾ ਰਹੀ ਆਲੋਚਨਾ ‘ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਬੇਵਜ੍ਹਾ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਇੱਕ ਕੁਦਰਤੀ ਆਫ਼ਤ ਹੈ ਅਤੇ ਇਹ ਸੂਬੇ ‘ਚ ਪਹਿਲੀ ਵਾਰ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਲਈ ਕਿਸੇ ਵੀ ਵਿਅਕਤੀ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ ਕਿਉਂਕਿ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਹੋਰ ਸੂਬਿਆਂ ‘ਚ ਵੀ ਇਸ ਆਫ਼ਤ ਨੇ ਵੱਡੀ ਤਬਾਹੀ ਮਚਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਗਿਰਦਾਵਰੀ ਦੀ ਪ੍ਰਕਿਰਿਆ ਜਾਰੀ ਹੈ ਅਤੇ ਮੁਆਵਜ਼ੇ ਦੇ ਚੈੱਕ ਛੇਤੀ ਵੰਡੇ ਜਾਣਗੇ।
ਮੁੱਖ ਮੰਤਰੀ ਨੇ ਉੱਘੇ ਖਿਡਾਰੀ ਅਤੇ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ‘ਤੇ ਵੀ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ ਬੀਤੇ ਵੀਰਵਾਰ ਨੂੰ ਦੇਹਾਂਤ ਹੋ ਗਿਆ। ਭਗਵੰਤ ਮਾਨ ਨੇ ਦੋਵੇਂ ਨੌਜਵਾਨਾਂ ਦੀ ਮੌਤ ਨੂੰ ਮੰਦਭਾਗੀ ਘਟਨਾ ਅਤੇ ਪੰਜਾਬ ਲਈ ਵੱਡਾ ਘਾਟਾ ਦੱਸਿਆ।
Read More : ਪਾਕਿ ’ਚ ਗੁਰਪੁਰਬ ਤੇ ਤਿਉਹਾਰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਮਨਾਏ ਜਾਣਗੇ