ਸਨੌਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨੌਰ ਨੂੰ 114 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

87 ਕਰੋੜ ਨਾਲ ਸੜਕਾਂ ਦਾ ਨਵੀਨੀਕਰਨ ਅਤੇ 27 ਕਰੋੜ ਨਾਲ ਨਹਿਰੀ ਪਾਣੀ ਦਾ ਪ੍ਰਬੰਧ; 83 ਪਿੰਡਾਂ ਦੇ ਕਿਸਾਨਾਂ ਨੂੰ ਮਿਲੇਗਾ ਵੱਡਾ ਲਾਭ

ਸਨੌਰ, 31 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਬੁਨਿਆਦੀ ਢਾਂਚੇ ਅਤੇ ਸਿੰਚਾਈ ਦੇ ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ। ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ ਨਹਿਰੀ ਲਾਈਨਿੰਗ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਸ ਨਵੇਂ ਪ੍ਰਾਜੈਕਟ ਨਾਲ ਇਲਾਕੇ ਦੇ 83 ਪਿੰਡਾਂ ਦੀ 40,066 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਸਨੌਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਅਹਿਮ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਠੇਕੇਦਾਰਾਂ ਲਈ 5 ਸਾਲਾਂ ਦਾ ਰੱਖ-ਰਖਾਅ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਭ੍ਰਿਸ਼ਟਾਚਾਰ ਕਾਰਨ ਸੜਕਾਂ ਜਲਦੀ ਟੁੱਟ ਜਾਂਦੀਆਂ ਸਨ, ਪਰ ਹੁਣ ਜਵਾਬਦੇਹੀ ਤੈਅ ਕੀਤੀ ਗਈ ਹੈ।

ਸਿੰਚਾਈ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਘੜਾਮ ਰਜਬਾਹਾ, ਸੇਖਪੁਰਾ ਅਤੇ ਬਹਾਦਰਪੁਰ ਮਾਈਨਰਾਂ ਦੀ ਕੰਕਰੀਟ ਲਾਈਨਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਅਦਾਲਤੀ ਲੜਾਈ ਲੜ ਕੇ ਭਾਖੜਾ ਨਹਿਰ ਦਾ ਉਹ 25 ਫੀਸਦੀ ਪਾਣੀ ਮੁੜ ਹਾਸਲ ਕੀਤਾ ਹੈ ਜੋ ਪਹਿਲਾਂ ਹਰਿਆਣਾ ਨੂੰ ਜਾ ਰਿਹਾ ਸੀ।

ਇਸ ਤੋਂ ਇਲਾਵਾ ਉਨ੍ਹਾਂ ਨੇ ਸਿੱਖਿਆ ਅਤੇ ਸਿਹਤ ਖੇਤਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ-2024 ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ।

ਉਨ੍ਹਾਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਅਤੇ ਸੜਕ ਸੁਰੱਖਿਆ ਫੋਰਸ ਦੀਆਂ ਸਫਲਤਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਟੈਕਸ ਦਾ ਇੱਕ-ਇੱਕ ਪੈਸਾ ਸਿਰਫ਼ ਲੋਕ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਹੀ ਖਰਚ ਕਰ ਰਹੀ ਹੈ।

Read More : ਅਮਰੀਕਾ ਦੇ ਉੱਘੇ ਸਿੱਖ ਅਟਾਰਨੀ ਜਸਪ੍ਰੀਤ ਸਿੰਘ ‘ਬੁਰਜ ਗਲੋਬਲ ਐਵਾਰਡ’ ਨਾਲ ਸਨਮਾਨਿਤ

Leave a Reply

Your email address will not be published. Required fields are marked *