ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦਾਸਪੁਰ ਦੇ ਸੋਹਲ ਪਿੰਡ ਵਿੱਚ ਲੋਕ ਮਿਲਣੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ

ਸੋਹਲ 16 ਨਵੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਪਾਰਟੀਆਂ ’ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਣ ਚਾਹੀਦੇ ਹਨ ਕਿਉਂਕਿ ਉਨ੍ਹਾਂ ਦੀ ਸਰਕਾਰ ਪੰਜਾਬੀਆਂ ਦੀ ਭਲਾਈ ਲਈ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਖ਼ਰਚ ਕਰਨ ਲਈ ਵਚਨਬੱਧ ਹੈ।

ਗੁਰਦਾਸਪੁਰ ਦੇ ਪਿੰਡ ਸੋਹਲ ਵਿਖੇ ਇੱਕ ‘ਲੋਕ ਮਿਲਣੀ’ ਦੌਰਾਨ ਉਨ੍ਹਾਂ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਆਪਣੇ ਖ਼ਜ਼ਾਨੇ ਭਰੇ, ਉੱਥੇ ਹੀ ਉਨ੍ਹਾਂ ਦੀ ਸਰਕਾਰ ਨੇ ਮੁਫ਼ਤ ਬਿਜਲੀ, 71,700 ਤੋਂ ਵੱਧ ਸਰਕਾਰੀ ਨੌਕਰੀਆਂ ਅਤੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਖ਼ਜ਼ਾਨਾ ਜਨਤਕ ਭਲਾਈ ਲਈ ਹਮੇਸ਼ਾ ਖੁੱਲ੍ਹਾ ਰਹੇਗਾ। ਉਨ੍ਹਾਂ ਨੇ ਵਿਰੋਧੀ ਧਿਰ ਨੂੰ ਆਪਣੇ ਰਿਕਾਰਡ ਦਾ ਹਿਸਾਬ ਦੇਣ ਦੀ ਚੁਣੌਤੀ ਦਿੱਤੀ ਅਤੇ ਅਕਾਲੀ ਦਲ ਦੇ ਭਾਜਪਾ ਨਾਲ ਪ੍ਰਸਤਾਵਿਤ ਰਾਜਨੀਤਿਕ ਸਮਝੌਤੇ ‘ਤੇ ਸਵਾਲ ਉਠਾਏ, ਜਿਸ ਨੂੰ ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਸੀ।

‘ਲੋਕ ਮਿਲਣੀ’ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਪਿਆਰ ਨੇ ਪੰਜਾਬ ਦੀ ਸੇਵਾ ਕਰਨ ਦੇ ਉਨ੍ਹਾਂ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿੰਡ ਸੋਹਲ ਲਈ ਦਿੱਤੀ ਗਈ 51 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਉਨ੍ਹਾਂ ਦੀ ਸਰਕਾਰ ਦੀ ਹਰ ਪਿੰਡ ਤੱਕ ਵਿਕਾਸ ਪਹੁੰਚਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਐਕਸ ‘ਤੇ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਦੀਆਂ ਵਿਖੇ ‘ਲੋਕ ਮਿਲਣੀ’ ਦੌਰਾਨ ਮੈਨੂੰ ਜੋ ਭਰਵਾਂ ਪਿਆਰ ਅਤੇ ਸਨੇਹ ਮਿਲਿਆ ਹੈ, ਉਸ ਨੇ ਮੈਨੂੰ ਬਹੁਤ ਉਤਸ਼ਾਹ ਦਿੱਤਾ ਹੈ। ਮੇਰਾ ਮਕਸਦ ਮੰਚਾਂ ਤੋਂ ਸਿਆਸੀ ਭਾਸ਼ਣ ਦੇਣਾ ਨਹੀਂ, ਸਗੋਂ ਲੋਕਾਂ ਵਿੱਚ ਬੈਠਣਾ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਮੌਕੇ ’ਤੇ ਹੀ ਉਨ੍ਹਾਂ ਦਾ ਹੱਲ ਕਰਨਾ ਹੈ। ਪਿਛਲੀਆਂ ਸਰਕਾਰਾਂ ਨੇ ਆਪਣੇ ਖ਼ਜ਼ਾਨੇ ਭਰੇ, ਪਰ ਅਸੀਂ ਲੋਕਾਂ ਦੀ ਭਲਾਈ ਲਈ ਲੋਕਾਂ ਦਾ ਹੀ ਪੈਸਾ ਖ਼ਰਚ ਕਰ ਰਹੇ ਹਾਂ।
ਮੁਫ਼ਤ ਬਿਜਲੀ, 71,700 ਤੋਂ ਵੱਧ ਸਰਕਾਰੀ ਨੌਕਰੀਆਂ ਅਤੇ ਕਿਸਾਨਾਂ ਦੇ ਖੇਤਾਂ ਤੱਕ ਪੁੱਜ ਰਿਹਾ ਨਹਿਰੀ ਪਾਣੀ ਇਸ ਵਚਨਬੱਧਤਾ ਦਾ ਸਬੂਤ ਹਨ। ਅੱਜ ਮੈਂ ਪਿੰਡ ਸੋਹਲ ਦੇ ਵਿਕਾਸ ਲਈ 51 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ ਹੈ। ਸਾਡੇ ਇਰਾਦੇ ਸਾਫ਼ ਹਨ ਅਤੇ ਪੰਜਾਬ ਦਾ ਖ਼ਜ਼ਾਨਾ ਹਮੇਸ਼ਾ ਪੰਜਾਬੀਆਂ ਦੀ ਭਲਾਈ ਲਈ ਸਮਰਪਿਤ ਰਹੇਗਾ।

ਕਾਦੀਆਂ ਵਿਖੇ ਇੱਕ ‘ਲੋਕ ਮਿਲਣੀ’ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੰਚਾਂ ਤੋਂ ਰਾਜਨੀਤਿਕ ਭਾਸ਼ਣ ਦੇਣ ਦੀ ਬਜਾਏ ਸਿੱਧੇ ਤੌਰ ‘ਤੇ ਮਿਲ ਕੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਨੇ ਰੁਜ਼ਗਾਰ, ਸਿੱਖਿਆ, ਸਿਹਤ ਸੰਭਾਲ, ਖੇਤੀਬਾੜੀ ਅਤੇ ਜਨਤਕ ਭਲਾਈ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ, ਜਦੋਂ ਕਿ ਲੋਕਾਂ ਨੂੰ ਸਿਆਸੀ ਪਾਰਟੀਆਂ ਨੂੰ ਉਨ੍ਹਾਂ ਦੀ ਅਸਲ ਕਾਰਗੁਜ਼ਾਰੀ ਦੇ ਆਧਾਰ ‘ਤੇ ਪਰਖਣ ਦੀ ਅਪੀਲ ਕੀਤੀ।

ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਲੋਕ ਮਿਲਣੀ ਦੌਰਾਨ ਲੋਕਾਂ ਦਾ ਅਥਾਹ ਪਿਆਰ ਅਤੇ ਸਨੇਹ ਮੈਨੂੰ ਤਾਕਤ ਅਤੇ ਉਤਸ਼ਾਹ ਦਿੰਦਾ ਹੈ। ਮੇਰਾ ਮਕਸਦ ਮੰਚਾਂ ਤੋਂ ਰਾਜਨੀਤਿਕ ਭਾਸ਼ਣ ਦੇਣਾ ਨਹੀਂ ਸਗੋਂ ਲੋਕਾਂ ਵਿੱਚ ਬੈਠਣਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਹੱਲ ਕਰਨਾ ਹੈ। ਭਾਵੇਂ ਸਿੱਖਿਆ ਹੋਵੇ, ਸਿਹਤ ਸੰਭਾਲ, ਰੁਜ਼ਗਾਰ, ਸੜਕਾਂ, ਪੀਣ ਵਾਲਾ ਪਾਣੀ, ਖੇਤੀਬਾੜੀ ਜਾਂ ਪਿੰਡ ਦਾ ਵਿਕਾਸ ਹੋਵੇ, ਸਾਡੀ ਸਰਕਾਰ ਹਰ ਜਾਇਜ਼ ਸਮੱਸਿਆ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਰਵਾਇਤੀ ਸਿਆਸੀ ਪਾਰਟੀਆਂ ‘ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ, “ਪਹਿਲੀਆਂ ਸਰਕਾਰਾਂ ਲੋਕਾਂ ਨੂੰ ਸਿਰਫ਼ ਵੋਟ ਬੈਂਕ ਸਮਝਦੀਆਂ ਸਨ ਅਤੇ ਇਹ ਮੰਨਦੀਆਂ ਸਨ ਕਿ ਪੈਸੇ ਅਤੇ ਸ਼ਰਾਬ ਦੀ ਵੰਡ ਕਰਕੇ ਚੋਣਾਂ ਜਿੱਤੀਆਂ ਜਾ ਸਕਦੀਆਂ ਹਨ। ਪਰ ਅੱਜ ਦੀ ਪੀੜ੍ਹੀ ਸਿਆਸੀ ਤੌਰ ‘ਤੇ ਸੁਚੇਤ ਹੈ ਅਤੇ ਖੋਖਲੇ ਵਾਅਦਿਆਂ ਦੀ ਬਜਾਏ ਆਪਣੀ ਕਾਰਗੁਜ਼ਾਰੀ ਦੇ ਆਧਾਰ ‘ਤੇ ਸਰਕਾਰਾਂ ਨੂੰ ਪਰਖਦੀ ਹੈ। ਲੋਕ ਜਵਾਬਦੇਹੀ, ਵਿਕਾਸ ਅਤੇ ਆਪਣੀਆਂ ਸਮੱਸਿਆਵਾਂ ਦਾ ਹੱਲ ਚਾਹੁੰਦੇ ਹਨ।

ਲੋਕ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਆਪਣੇ ਖ਼ਜ਼ਾਨੇ ਭਰੇ, ਜਦੋਂ ਕਿ ਅਸੀਂ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਰਾਹੀਂ ਲੋਕਾਂ ਦਾ ਪੈਸਾ ਉਨ੍ਹਾਂ ਨੂੰ ਵਾਪਸ ਕਰ ਰਹੇ ਹਾਂ। ਸਾਡੀ ਸਰਕਾਰ ਮੁਫ਼ਤ ਬੱਸ ਯਾਤਰਾ, ਆਮ ਆਦਮੀ ਕਲੀਨਿਕ ਅਤੇ ਮਿਆਰੀ ਸਰਕਾਰੀ ਸਕੂਲਾਂ ਵਰਗੀਆਂ ਲੋਕ ਭਲਾਈ ਦੀਆਂ ਪਹਿਲਕਦਮੀਆਂ ਨੂੰ ਕਦੇ ਵੀ ਬੰਦ ਨਹੀਂ ਹੋਣ ਦੇਵੇਗੀ। ਔਰਤਾਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਮਿਲ ਰਹੀ ਹੈ ਅਤੇ ਉਹ ਇਸ ਦੀ ਸਾਰਥਕ ਵਰਤੋਂ ਕਰ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ, ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਰਿਸ਼ਵਤ ਦੇ 71,777 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ, “ਸਾਡੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਪੰਜਾਬ ਦੇ ਨੌਜਵਾਨਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ। ਪਹਿਲਾਂ, ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਦੀ ਭਾਲ ਕਰਦੇ ਸਮੇਂ ਪੱਖਪਾਤ ਅਤੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰਨਾ ਪੈਂਦਾ ਸੀ। ਅੱਜ ਉਹ ਆਪਣੀ ਮੈਰਿਟ ਅਤੇ ਯੋਗਤਾ ਦੇ ਦਮ ‘ਤੇ ਨੌਕਰੀਆਂ ਹਾਸਲ ਕਰ ਰਹੇ ਹਨ। ਇਨ੍ਹਾਂ ਨਿਯੁਕਤੀਆਂ ਲਈ ਕਿਸੇ ਤੋਂ ਇੱਕ ਰੁਪਿਆ ਵੀ ਨਹੀਂ ਲਿਆ ਗਿਆ।

ਖੇਤੀਬਾੜੀ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲਗਭਗ 22 ਫੀਸਦੀ ਦੇ ਮੁਕਾਬਲੇ ਹੁਣ ਨਹਿਰੀ ਪਾਣੀ ਦੀ ਵਰਤੋਂ ਵਧ ਕੇ ਲਗਭਗ 85 ਫੀਸਦੀ ਤੋਂ 86 ਫੀਸਦੀ ਹੋ ਗਈ ਹੈ। ਉਨ੍ਹਾਂ ਕਿਹਾ, “ਅਸੀਂ ਨਹਿਰੀ ਪਾਣੀ ਦੀ ਵਰਤੋਂ ਨੂੰ 90 ਫੀਸਦੀ ਤੱਕ ਵਧਾਉਣ ਲਈ ਕੰਮ ਕਰ ਰਹੇ ਹਾਂ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲ ਸਕੇ।

ਪੰਜਾਬ ਵੱਲੋਂ ਇਸ ਸਾਲ ਰਾਸ਼ਟਰੀ ਪੂਲ ਵਿੱਚ ਲਗਭਗ 200 ਲੱਖ ਮੀਟਰਕ ਟਨ ਚਾਵਲ ਯੋਗਦਾਨ ਪਾਉਣ ਦੀ ਉਮੀਦ ਹੈ, ਜਦੋਂ ਕਿ ਇਸ ਤੋਂ ਪਹਿਲਾਂ 180 ਲੱਖ ਮੀਟਰਕ ਟਨ ਉਤਪਾਦਨ ਦਾ ਅਨੁਮਾਨ ਸੀ। ਇਹ ਬਿਹਤਰ ਸਿੰਚਾਈ ਸਹੂਲਤਾਂ ਅਤੇ ਖੇਤਾਂ ਵਿੱਚ ਨਹਿਰੀ ਪਾਣੀ ਦੀ ਉਪਲਬਧਤਾ ਦੇ ਲਾਭਾਂ ਨੂੰ ਦਰਸਾਉਂਦਾ ਹੈ।

ਸਿੱਖਿਆ ਖੇਤਰ ਵਿੱਚ ਆਈ ਤਬਦੀਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਸਾਡੀ ਸਰਕਾਰ ਨੇ ਸਾਲ 2022 ਵਿੱਚ ਸੱਤਾ ਸੰਭਾਲੀ ਸੀ ਤਾਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ 27ਵੇਂ ਸਥਾਨ ‘ਤੇ ਸੀ। ਅੱਜ ਸੂਬੇ ਨੇ ਮੁੱਢਲੀ ਸਿੱਖਿਆ ਵਿੱਚ ਪਹਿਲਾ ਸਥਾਨ ਪ੍ਰਾਪਤ ਕਰ ਲਿਆ ਹੈ।

Read More: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 623ਵੇਂ ਦਿਨ 120 ਨਸ਼ਾ ਤਸਕਰ 1.9 ਕਿਲੋ ਹੈਰੋਇਨ ਸਮੇਤ ਕਾਬੂ

Leave a Reply

Your email address will not be published. Required fields are marked *