ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ 26 ਅਕਤੂਬਰ 2026: ਮਹਾਰਿਸ਼ੀ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀ ਮਹਾਨ ਵਿਰਾਸਤ ਦੀ ਸਾਂਭ-ਸੰਭਾਲ ਅਤੇ ਸਮਾਨਤਾ, ਮਾਨਵਤਾ ਤੇ ਧਰਮ ਬਾਰੇ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਪਸਾਰ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕਰਨ ਅਤੇ ਇਸ ਦੇ ਸੁੰਦਰੀਕਰਨ ਲਈ 17.72 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਰਾਹੀਂ ਉਨ੍ਹਾਂ ਦੀ ਸਰਕਾਰ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਨੂੰ ਕਾਇਮ ਰੱਖਦਿਆਂ ਸ਼ਰਧਾਲੂਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾ ਰਹੀ ਹੈ।

ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਧਾਰਮਿਕ ਅਸਥਾਨਾਂ ਦਾ ਪ੍ਰਬੰਧ ਧਾਰਮਿਕ ਸ਼ਖਸੀਅਤਾਂ ਅਤੇ ਵਿਦਵਾਨ ਵੱਲੋਂ ਕੀਤਾ ਜਾਣਾ ਚਾਹੀਦਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਹਰ ਬੀਜ ਪੁੰਗਰ ਸਕਦਾ ਹੈ, ਪਰ ਨਫ਼ਰਤ ਦਾ ਬੀਜ ਇਸ ਪਵਿੱਤਰ ਧਰਤੀ ‘ਤੇ ਕਦੇ ਨਹੀਂ ਉੱਗ ਸਕਦਾ।

ਇਸ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ‘ਤੇ ਲਿਖਿਆ: “ਅੱਜ ਮੈਨੂੰ ਅੰਮ੍ਰਿਤਸਰ ਵਿਖੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸੂਬਾ ਪੱਧਰੀ ਸਮਾਗਮ ਵਿੱਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਇਸ ਅਸਥਾਨ ਦੇ ਵਿਕਾਸ ਲਈ ਅੱਜ 17.5 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸਾਡਾ ਮੰਨਣਾ ਹੈ ਕਿ ਧਾਰਮਿਕ ਅਸਥਾਨਾਂ ਦਾ ਪ੍ਰਬੰਧ ਸਿਆਸਤਦਾਨਾਂ ਦੀ ਬਜਾਏ ਧਾਰਮਿਕ ਸ਼ਖਸੀਅਤਾਂ ਅਤੇ ਵਿਦਵਾਨ ਵੱਲੋਂ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਵਿੱਚ ਹਰ ਬੀਜ ਪੁੰਗਰ ਸਕਦਾ ਹੈ, ਪਰ ਨਫ਼ਰਤ ਦਾ ਬੀਜ ਇਸ ਪਵਿੱਤਰ ਧਰਤੀ ‘ਤੇ ਕਦੇ ਨਹੀਂ ਉੱਗ ਸਕਦਾ।”

ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀ ਅਧਿਆਤਮਿਕ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲ ਕੇ ਰੱਖਿਆ ਜਾਵੇਗਾ।”

ਇਸ ਪਵਿੱਤਰ ਅਸਥਾਨ ‘ਤੇ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਦੇਸ਼-ਵਿਦੇਸ਼ ਦੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਧਰਮ, ਸਮਾਨਤਾ ਅਤੇ ਮਾਨਵਤਾ ਦੇ ਮਾਰਗ ‘ਤੇ ਚੱਲ ਕੇ ਇਕ ਸਮਾਨਤਾਵਾਦੀ ਸਮਾਜ ਦੀ ਉਸਾਰੀ ਕਰ ਰਹੀ ਹੈ ਜਿੱਥੇ ਹਰੇਕ ਵਿਅਕਤੀ ਨੂੰ ਮਾਣ-ਸਤਿਕਾਰ ਅਤੇ ਬਰਾਬਰ ਦੇ ਮੌਕੇ ਮਿਲਣ।

ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਨੂੰ ਸੰਸਕ੍ਰਿਤ ਸਾਹਿਤ ਦੇ ਪਿਤਾਮਾ ਅਤੇ ਆਦਿ ਕਵੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਵੱਲੋਂ ਰਚਿਤ ਅਮਰ ਮਹਾਂਕਾਵਿ ਰਮਾਇਣ ਨੇ ਹਜ਼ਾਰਾਂ ਸਾਲਾਂ ਤੋਂ ਮਨੁੱਖਤਾ ਨੂੰ ਧਰਮ ਦਾ ਰਾਹ ਦਿਖਾਇਆ ਹੈ। ਇਹ ਰਚਨਾ ਬੁਰਾਈ ਉੱਤੇ ਸੱਚ ਦੀ ਜਿੱਤ ਦਾ ਸਦੀਵੀ ਸੰਦੇਸ਼ ਦਿੰਦੀ ਹੈ ਅਤੇ ਸੱਚ, ਨੈਤਿਕਤਾ, ਹਮਦਰਦੀ ਤੇ ਨੈਤਿਕ ਆਚਰਣ ਲਈ ਇੱਕ ਚਾਨਣ-ਮੁਨਾਰੇ ਵਜੋਂ ਕੰਮ ਕਰਦੀ ਹੈ।

ਉਨ੍ਹਾਂ ਕਿਹਾ, “ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਕਿਸੇ ਵਿਸ਼ੇਸ਼ ਕਾਲ ਜਾਂ ਭਾਈਚਾਰੇ ਤੱਕ ਸੀਮਤ ਨਹੀਂ ਹਨ, ਸਗੋਂ ਇਹ ਸਮੁੱਚੀ ਮਨੁੱਖਤਾ ਨਾਲ ਸਬੰਧਤ ਹਨ।”

ਮੁੱਖ ਮੰਤਰੀ ਨੇ ਕਿਹਾ, “ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਰਾਮਾਇਣ ਸਮਾਜ ਨੂੰ ਸੱਚ, ਨਿਆਂ, ਸਮਾਨਤਾ ਅਤੇ ਧਰਮ ਦੇ ਰਾਹ ‘ਤੇ ਚੱਲਣ ਦੀ ਸੇਧ ਦਿੰਦੀ ਆ ਰਹੀ ਹੈ। ਅਜਿਹੇ ਸਮੇਂ ਵਿੱਚ, ਜਦੋਂ ਮਨੁੱਖੀ ਰਿਸ਼ਤਿਆਂ ‘ਤੇ ਪਦਾਰਥਵਾਦੀ ਸੋਚ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ, ਇਸ ਪਵਿੱਤਰ ਮਹਾਂਕਾਵਿ ਵਿੱਚ ਦਰਸਾਏ ਗਏ ਆਦਰਸ਼ ਪਹਿਲਾਂ ਨਾਲੋਂ ਕਿਤੇ ਵੱਧ ਢੁੱਕਦੇ ਹਨ।”

ਮੌਜੂਦਾ ਸਮਾਜ ਵਿੱਚ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਨੇ ਇੱਕ ਆਦਰਸ਼ ਵਿਅਕਤੀ, ਇੱਕ ਆਦਰਸ਼ ਸ਼ਾਸਕ ਅਤੇ ਇੱਕ ਆਦਰਸ਼ ਸਮਾਜ ਦੇ ਸਦੀਵੀ ਆਦਰਸ਼ ਸਥਾਪਤ ਕੀਤੇ।”

ਮੁੱਖ ਮੰਤਰੀ ਨੇ ਕਿਹਾ, “ਇਹ ਸਿਧਾਂਤ ਸਮਾਜ ਨੂੰ ਵੰਡੀਆਂ ਤੋਂ ਉੱਪਰ ਉੱਠਣ ਅਤੇ ਆਪਸੀ ਸਤਿਕਾਰ, ਸਮਾਜਿਕ ਨਿਆਂ ਅਤੇ ਭਾਈਚਾਰਕ ਸਾਂਝ ‘ਤੇ ਆਧਾਰਿਤ ਭਵਿੱਖ ਦਾ ਨਿਰਮਾਣ ਕਰਨ ਲਈ ਪ੍ਰੇਰਿਤ ਕਰ ਸਕਦੇ ਹਨ। ਪੰਜਾਬ ਨੂੰ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਫ਼ਕੀਰਾਂ ਅਤੇ ਪੈਗੰਬਰਾਂ ਦੀ ਮਹਾਨ ਵਿਰਾਸਤ ਦੀ ਬਖਸ਼ਿਸ਼ ਪ੍ਰਾਪਤ ਹੈ ਅਤੇ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਨੇ ਇਸ ਪਵਿੱਤਰ ਧਰਤੀ ‘ਤੇ ਪ੍ਰਭੂ ਸ਼੍ਰੀ ਰਾਮ ਜੀ ਦੇ ਸਪੁੱਤਰਾਂ ਲਵ ਅਤੇ ਕੁਸ਼ ਨੂੰ ਗਿਆਨ ਅਤੇ ਸਿੱਖਿਆ ਦਿੱਤੀ ਸੀ।

Read More: ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਆਖਰੀ ਕਤਾਰ ਤੱਕ ਲਾਭ ਪਹੁੰਚਾਉਣ ਦੇ ਨਿਰਦੇਸ਼

Leave a Reply

Your email address will not be published. Required fields are marked *