ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਪਟਿਆਲਾ, 2 ਨਵੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਵਿਧਾਨ ਸਭਾ ਹਲਕਾ ਘਨੌਰ ਅਧੀਨ ਪੈਂਦੇ ਪਿੰਡ ਮੰਡੌਲੀ ਵਿਖੇ 432.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੋ ਅਤਿ-ਆਧੁਨਿਕ ਵਾਟਰ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਪੂਰੇ ਖੇਤਰ ਵਿੱਚ ਸਾਫ਼ ਪੀਣ ਵਾਲੇ ਪਾਣੀ ਦੀ ਪਹੁੰਚ ਨੂੰ ਵੱਡਾ ਹੁਲਾਰਾ ਮਿਲੇਗਾ।

ਇਹ ਪ੍ਰਾਜੈਕਟ ਪੰਜ ਵਿਧਾਨ ਸਭਾ ਹਲਕਿਆਂ ਦੇ 316 ਪਿੰਡਾਂ ਵਿੱਚ 752 ਕਿਲੋਮੀਟਰ ਪਾਈਪਲਾਈਨ ਨੈੱਟਵਰਕ ਰਾਹੀਂ 4.50 ਲੱਖ ਵਸਨੀਕਾਂ ਅਤੇ 70,000 ਘਰਾਂ ਨੂੰ ਰੋਜ਼ਾਨਾ ਸਾਫ਼ ਨਹਿਰੀ ਪਾਣੀ ਮੁਹੱਈਆ ਕਰਵਾਏਗਾ। ਧਰਤੀ ਹੇਠਲੇ ਪਾਣੀ ਦੇ ਸੰਕਟ ਅਤੇ ਫਲੋਰਾਈਡ ਸਮੇਤ ਹੋਰ ਦੂਸ਼ਿਤ ਤੱਤਾਂ ਦੀ ਸਮੱਸਿਆ ਨਾਲ ਨਜਿੱਠਣ ਤੋਂ ਇਲਾਵਾ ਇਹ ਪ੍ਰਾਜੈਕਟ ਪੀਣ ਵਾਲੇ ਪਾਣੀ ਦੀਆਂ ਚੁਣੌਤੀਆਂ ਲਈ ਲੰਬੇ ਸਮੇਂ ਦਾ ਹੱਲ ਸਾਬਤ ਹੋਵੇਗਾ, ਜੋ ਹਰ ਘਰ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪਟਿਆਲਾ ਦੇ ਪਿੰਡ ਮੰਡੌਲੀ ਵਿਖੇ 432 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੋ ਨਵੇਂ ਵਾਟਰ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਹੁਣ ਪੰਜ ਵਿਧਾਨ ਸਭਾ ਹਲਕਿਆਂ ਦੇ 316 ਪਿੰਡਾਂ ਅਤੇ 75,000 ਘਰਾਂ ਨੂੰ ਰੋਜ਼ਾਨਾ ਪੀਣ ਵਾਲਾ ਸਾਫ਼ ਨਹਿਰੀ ਪਾਣੀ ਮਿਲੇਗਾ। ਇਹ ਪ੍ਰਾਜੈਕਟ ਫਲੋਰਾਈਡ ਵਰਗੇ ਦੂਸ਼ਿਤ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕਰੇਗਾ ਅਤੇ ਇਲਾਕਾ ਨਿਵਾਸੀਆਂ ਲਈ ਵਧੇਰੇ ਸਹਾਇਕ ਸਿੱਧ ਹੋਵੇਗਾ। ਪੰਜਾਬੀਆਂ ਦੀ ਸਿਹਤ ਸਾਡੀ ਸਭ ਤੋਂ ਵੱਡੀ ਤਰਜੀਹ ਹੈ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਜ਼ਿਲ੍ਹਾ ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਲਈ ਇਤਿਹਾਸਕ ਦਿਨ ਹੈ ਕਿਉਂਕਿ ਲਗਪਗ 432 ਕਰੋੜ ਰੁਪਏ ਦੇ ਤਿੰਨ ਵੱਡੇ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਸਾਫ਼ ਪੀਣ ਵਾਲੇ ਪਾਣੀ ਦੀ ਉਪਲਬਧਤਾ ਸਿੱਧੇ ਤੌਰ ’ਤੇ ਜਨਤਕ ਸਿਹਤ ਨਾਲ ਜੁੜੀ ਹੋਈ ਹੈ ਅਤੇ ਇਹ ਪ੍ਰਾਜੈਕਟ ਲੋਕਾਂ ਲਈ ਵਧੇਰੇ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਦੋਵਾਂ ਜ਼ਿਲ੍ਹਿਆਂ ਵਿੱਚ ਧਰਤੀ ਹੇਠਲੇ ਪਾਣੀ ਵਿੱਚ ਫਲੋਰਾਈਡ ਅਤੇ ਭਾਰੀ ਧਾਤਾਂ ਦੀ ਮਾਤਰਾ ਵੱਧ ਹੋਣ ਕਾਰਨ ਇਥੇ ਨਹਿਰੀ ਪਾਣੀ ’ਤੇ ਆਧਾਰਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ।”

ਮੁੱਖ ਮੰਤਰੀ ਨੇ ਕਿਹਾ, “ਨਹਿਰੀ ਪਾਣੀ ਨੂੰ ਸ਼ੁੱਧ ਕਰਨ ਲਈ ਮੰਡੌਲੀ ਅਤੇ ਪਬਰੀ ਵਿਖੇ ਵਾਟਰ ਟਰੀਟਮੈਂਟ ਪਲਾਂਟ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਦੀ ਰੋਜ਼ਾਨਾ ਕੁੱਲ ਸਮਰੱਥਾ 69 ਮਿਲੀਅਨ ਲੀਟਰ ਪਾਣੀ ਸਾਫ਼ ਕਰਨ ਦੀ ਹੈ। ਜ਼ਿਲ੍ਹਾ ਪਟਿਆਲਾ ਦਾ ਮੰਡੌਲੀ ਪਲਾਂਟ 266.20 ਕਰੋੜ ਰੁਪਏ ਦੀ ਲਾਗਤ ਨਾਲ ਅਤੇ ਜ਼ਿਲ੍ਹਾ ਪਟਿਆਲਾ ਦਾ ਹੀ ਪਬਰੀ ਪਲਾਂਟ 166.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਨ੍ਹਾਂ ਪ੍ਰਾਜੈਕਟਾਂ ਨਾਲ ਛੇ ਵਿਧਾਨ ਸਭਾ ਹਲਕਿਆਂ ਦੇ 316 ਪਿੰਡਾਂ ਨੂੰ ਲਾਭ ਹੋਵੇਗਾ ਅਤੇ ਲਗਪਗ 75,000 ਘਰਾਂ ਵਿੱਚ ਰਹਿੰਦੇ 5 ਲੱਖ ਤੋਂ ਵੱਧ ਲੋਕਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੀਣ ਯੋਗ ਨਹਿਰੀ ਪਾਣੀ ਮਿਲੇਗਾ।”

ਉਨ੍ਹਾਂ ਕਿਹਾ, “ਇਨ੍ਹਾਂ 316 ਪਿੰਡਾਂ ਵਿੱਚੋਂ 250 ਪਿੰਡ ਉਹ ਹਨ, ਜਿੱਥੇ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਸੀ, ਜਦਕਿ ਬਾਕੀ 158 ਪਿੰਡ ਟਰਾਂਸਮਿਸ਼ਨ ਰੂਟ ’ਤੇ ਪੈਂਦੇ ਹਨ। ਇਹ ਪ੍ਰਾਜੈਕਟ ਵਿਸ਼ੇਸ਼ ਤੌਰ ’ਤੇ ਮਹੱਤਵਪੂਰਨ ਹਨ ਕਿਉਂਕਿ ਇਹ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਨੂੰ ਘਟਾਉਣਗੇ ਅਤੇ ਜ਼ਮੀਨਦੋਜ਼ ਜਲ ਸਰੋਤਾਂ ਨੂੰ ਬਚਾਉਣ ਵਿੱਚ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਤਿੰਨੋਂ ਪ੍ਰਾਜੈਕਟ ਸਾਈਟਾਂ ’ਤੇ ਪਾਣੀ ਦੀ ਜਾਂਚ ਲਈ ਲੈਬਾਰਟਰੀਆਂ ਸਥਾਪਿਤ ਕੀਤੀਆਂ ਗਈਆਂ ਹਨ, ਜਿੱਥੇ ਪਾਣੀ ਦੀ ਸਫ਼ਾਈ ਪ੍ਰਕਿਰਿਆ ਤੋਂ ਪਹਿਲਾਂ ਅਤੇ ਬਾਅਦ ਵਿੱਚ ਰੋਜ਼ਾਨਾ ਨਮੂਨਿਆਂ ਦੀ ਜਾਂਚ ਕੀਤੀ ਜਾਂਦੀ ਹੈ।”

ਮੁੱਖ ਮੰਤਰੀ ਨੇ ਕਿਹਾ, “ਇਹ ਬੜੀ ਮੰਦਭਾਗੀ ਗੱਲ ਹੈ ਕਿ ਆਜ਼ਾਦੀ ਦੇ 80 ਸਾਲਾਂ ਬਾਅਦ ਵੀ ਇਨ੍ਹਾਂ ਪਿੰਡਾਂ ਦੇ ਲੋਕ ਸਾਫ਼ ਪੀਣ ਵਾਲੇ ਪਾਣੀ ਵਰਗੀ ਮੁੱਢਲੀ ਲੋੜ ਤੋਂ ਵਾਂਝੇ ਸਨ। ਇਹ ਕੰਮ ਦਹਾਕੇ ਪਹਿਲਾਂ ਮੁਕੰਮਲ ਹੋ ਜਾਣਾ ਚਾਹੀਦਾ ਸੀ, ਪਰ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਦੀਆਂ ਲੋੜਾਂ ਨੂੰ ਪੂਰੀ ਤਰ੍ਹਾਂ ਅੱਖੋਂ-ਪਰੋਖੇ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਇਸ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਜ਼ਿੰਮੇਵਾਰੀ ਨੂੰ ਆਪਣੇ ਸਿਰ ਲੈ ਕੇ ਹਜ਼ਾਰਾਂ ਪਰਿਵਾਰਾਂ ਤੱਕ ਸਾਫ਼ ਪੀਣ ਵਾਲੇ ਪਾਣੀ ਦੀ ਪਹੁੰਚ ਯਕੀਨੀ ਬਣਾਈ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਲੈਬਾਰਟਰੀਆਂ ਦੀਆਂ ਟੈਸਟਿੰਗ ਰਿਪੋਰਟਾਂ ਹਰ ਮਹੀਨੇ ਰਾਜ ਪੱਧਰੀ ਵਾਟਰ ਟੈਸਟਿੰਗ ਲੈਬਾਰਟਰੀ ਨੂੰ ਭੇਜੀਆਂ ਜਾਂਦੀਆਂ ਹਨ। ਇਨ੍ਹਾਂ ਪ੍ਰਾਜੈਕਟਾਂ ਦੀ ਅਹਿਮ ਵਿਸ਼ੇਸ਼ਤਾ ਇਹ ਹੈ ਕਿ ਪਾਣੀ ਦੀ ਸਪਲਾਈ ਦੀ ਨਿਰੰਤਰ ਨਿਗਰਾਨੀ ਅਤੇ ਗੁਣਵੱਤਾ ਕੰਟਰੋਲ ਯਕੀਨੀ ਬਣਾਉਣ ਲਈ ਵਾਟਰ ਟਰੀਟਮੈਂਟ ਪਲਾਂਟਾਂ ਅਤੇ ਪਾਣੀ ਦੀ ਹਰੇਕ ਸਟੋਰੇਜ ਟੈਂਕੀ ’ਤੇ ਸੁਪਰਵਾਈਜ਼ਰੀ ਕੰਟਰੋਲ ਐਂਡ ਡਾਟਾ ਐਕੁਈਜ਼ੀਸ਼ਨ (ਸਕਾਡਾ) ਸਿਸਟਮ ਲਗਾਇਆ ਗਿਆ ਹੈ।”

ਮੁੱਖ ਮੰਤਰੀ ਨੇ ਕਿਹਾ, “ਹਰ ਘਰ ਤੱਕ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕੁੱਲ 752 ਕਿਲੋਮੀਟਰ ਡੀਆਈ ਟਰਾਂਸਮਿਸ਼ਨ ਪਾਈਪਲਾਈਨ ਵਿਛਾਈ ਗਈ ਹੈ। ਇਸ ਤੋਂ ਇਲਾਵਾ 316 ਪਿੰਡਾਂ ਵਿੱਚ 1,216 ਕਿਲੋਮੀਟਰ ਪਾਈਪਲਾਈਨਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ। ਇਨ੍ਹਾਂ ਪਿੰਡਾਂ ਵਿੱਚ ਮੌਜੂਦਾ ਜਲ ਸਪਲਾਈ ਸਕੀਮਾਂ ਤਹਿਤ ਪਾਣੀ ਦੀਆਂ 322 ਸਟੋਰੇਜ ਟੈਂਕੀਆਂ ਰਾਹੀਂ ਨਿਰਵਿਘਨ ਜਲ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।’’

ਉਨ੍ਹਾਂ ਅੱਗੇ ਕਿਹਾ, “ਜਿਸ ਕੰਪਨੀ ਨੇ ਇਨ੍ਹਾਂ ਪ੍ਰਾਜੈਕਟਾਂ ਨੂੰ ਮੁਕੰਮਲ ਕੀਤਾ ਹੈ, ਉਸ ਨੂੰ ਹੀ 10 ਸਾਲਾਂ ਲਈ ਇਨ੍ਹਾਂ ਦੇ ਸੰਚਾਲਨ ਅਤੇ ਸਾਂਭ-ਸੰਭਾਲ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਸਦੇ ਨਾਲ ਹੀ ਪ੍ਰਾਜੈਕਟਾਂ ਦੇ ਪ੍ਰਭਾਵਸ਼ਾਲੀ ਸੰਚਾਲਨ, ਨਿਗਰਾਨੀ ਅਤੇ ਭਾਈਚਾਰਕ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸਾਰੇ 316 ਪਿੰਡਾਂ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।

Read More: ਜੌੜਾਮਾਜਰਾ ਤੇ ਪਠਾਨਮਾਜਰਾ ਅੱਜ ਭਾਜਪਾ ‘ਚ ਹੋਣਗੇ ਸ਼ਾਮਲ

Leave a Reply

Your email address will not be published. Required fields are marked *